ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੀਰਵਾਰ ਨੂੰ ਦਿੱਲੀ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਇਸ ਮੀਟਿੰਗ ‘ਚ ਕੁਝ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਗਈ, ਜਿਨ੍ਹਾਂ ‘ਚ ਡਰੋਨ ਘੁਸਪੈਠ, ਸਰਹੱਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਸ਼ਾਮਲ ਸਨ। ਇਸ ਮੀਟਿੰਗ ‘ਚ ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਕਦਰਾਂ-ਕੀਮਤਾਂ ਨੂੰ ਹਰ ਹੀਲੇ ਬਰਕਰਾਰ ਰੱਖੇਗਾ।
ਮੁੱਖ ਮੰਤਰੀ ਨੇ ਡਰੋਨ ਰਾਹੀਂ ਸਰਹੱਦ ਪਾਰੋਂ ਵਧ ਰਹੀ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ’ਤੇ ਚਿੰਤਾ ਜ਼ਾਹਿਰ ਕੀਤੀ ਅਤੇ ਅਮਿਤ ਸ਼ਾਹ ਨੂੰ ਅਜਿਹੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਲਈ ਸੂਬੇ ਨੂੰ ਤੁਰੰਤ ਐਂਟੀ ਡਰੋਨ ਤਕਨੀਕ ਮੁਹੱਈਆ ਕਰਵਾਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਸਭ ਤੋਂ ਵੱਧ ਮਹੱਤਵਪੂਰਨ ਹੈ, ਜਿਸ ਲਈ ਸਿਆਸਤ ਤੋਂ ਉੱਪਰ ਉੱਠ ਕੇ ਰਲ-ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਸਰਹੱਦਾਂ ’ਤੇ ਸੁਰੱਖਿਆ ਹੋਰ ਮਜ਼ਬੂਤ ਕਰਨੀ ਹੋਵੇਗੀ।
ਇਹ ਵੀ ਪੜ੍ਹੋ : ਫਿਰੋਜ਼ਪੁਰ ਪੁਲਿਸ ਨੇ ਚਲਾਇਆ ਸਰਚ ਆਪ੍ਰੇਸ਼ਨ: ਕਤਲ ਦੀ ਕੋਸ਼ਿਸ਼ ਤੇ NDPS ਐਕਟ ਦੇ 3 ਲੋੜੀਂਦੇ ਮੁਲਜ਼ਮ ਕਾਬੂ
ਮੀਟਿੰਗ ਦੀ ਜਾਣਕਾਰੀ ਸਾਂਝੀ ਕਰਦਿਆ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਇਕ ਬਾਡਰ ਸਟੇਟ ਹੈ ਇਥੇ ਕਈ ਮੁਸ਼ਕਿਲਾਂ ਹਨ ਇਸ ਲਈ ਗ੍ਰਹਿ ਮੰਤਰੀ ਨਾਲ ਮੁਲਾਕਾਤ ਤੇ ਮੀਟਿੰਗਾਂ ਹੁੰਦੀਆਂ ਰਹਿੰਦੀਆਂ ਹਨ। ਇਹ ਮੀਟਿੰਗ ਦੇ ਵੀ ਚੰਗੇ ਨਤੀਜ਼ੇ ਨਿਕਲਣਗੇ। ਇਸਦੇ ਨਾਲ ਹੀ ਉਨ੍ਹਾਂ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਲਈ ਕਾਨੂੰਨ ‘ਚ ਬਦਲਾਅ ਦੀ ਵੀ ਮੰਗ ਕੀਤੀ ਹੈ।
ਮੁੱਖ ਮੰਤਰੀ ਨੇ ਸੂਬੇ ਵਿਚ ਕਣਕ ਦਾ ਝਾੜ ਘੱਟ ਨਿਕਲਣ ਦੇ ਇਵਜ਼ ਵਿਚ ਕਿਸਾਨਾਂ ਨੂੰ ਪ੍ਰਤੀ ਕੁਇੰਟਲ 500 ਰੁਪਏ ਮੁਆਵਜ਼ਾ ਦੇਣ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਗਰਮੀ ਦੇ ਇਸ ਸੀਜ਼ਨ ਦੌਰਾਨ ਪੰਜਾਬ ’ਚ ਕਣਕ ਦੇ ਦਾਣਿਆਂ ਨੂੰ ਨੁਕਸਾਨ ਪਹੁੰਚਦਾ ਹੈ। ਇਸ ਲਈ ਕਿਸਾਨਾਂ ਨੂੰ ਘੱਟ ਝਾੜ ਲਈ 500 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮੁਆਵਜ਼ਾ ਦੇ ਕੇ ਇਸ ਦੀ ਭਰਪਾਈ ਕੀਤੀ ਜਾਵੇ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
ਇਸ ਦੇ ਨਾਲ ਹੀ CM ਮਾਨ ਨੇ ਸੂਬੇ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀਆਂ ਵਾਰ-ਵਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ’ਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ’ਚ ਨੀਮ ਫੌਜੀ ਬਲਾਂ ਦੀਆਂ 10 ਵਾਧੂ ਟੁਕੜੀਆਂ ਦੀ ਮੰਗ ਕੀਤੀ, ਇਸ ਦੇ ਜਵਾਬ ਵਿਚ ਕੇਂਦਰੀ ਗ੍ਰਹਿ ਮੰਤਰੀ ਨੇ ਸੂਬੇ ’ਚ ਨੀਮ ਫੌਜੀ ਬਲਾਂ ਦੀਆਂ 10 ਹੋਰ ਕੰਪਨੀਆਂ ਤੁਰੰਤ ਅਲਾਟ ਕਰ ਦਿੱਤੀਆਂ ਹਨ। ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਦੇਸ਼ ਦੀ ਸੁਰੱਖਿਆ ਅਤੇ ਅਖੰਡਤਾ ਦੀ ਰਾਖੀ ਲਈ ਪੰਜਾਬ ਅਹਿਮ ਭੂਮਿਕਾ ਨਿਭਾਏਗਾ।