ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸੂਬੇ ਵਿੱਚ ਖ਼ਤਮ ਕੀਤੀਆਂ ਟਰੱਕ ਯੂਨੀਅਨਾਂ ਵੱਲੋਂ ਉਦਯੋਗਾਂ ਲਈ ਖੜ੍ਹੀਆਂ ਕੀਤੀਆਂ ਜਾ ਰਹੀਆਂ ਪ੍ਰੇਸ਼ਾਨੀਆਂ ਦਾ ਗੰਭੀਰ ਨੋਟਿਸ ਲੈ ਕੇ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਯੂਨੀਅਨਾਂ ਖ਼ਿਲਾਫ਼ ਸਖਤ ਕਾਰਵਾਈ ਦੇ ਆਦੇਸ਼ ਦਿੱਤੇ ਹਨ।
DGP ਗੌਰਵ ਯਾਦਵ ਦੀ ਹਾਜ਼ਰੀ ਵਿੱਚ ਉਦਯੋਗਾਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਲੈ ਕੇ ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਵੱਲੋਂ ਅੱਜ ਟਰਾਂਸਪੋਰਟ, ਉਦਯੋਗ ਤੇ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਕੀਤੀ ਗਈ ਹੈ। ਮੀਟਿੰਗ ਵਿੱਚ ਇਸ ਗੱਲ ਦਾ ਨੋਟਿਸ ਲਿਆ ਗਿਆ ਕਿ 13 ਦਸੰਬਰ 2017 ਤੋਂ ਟਰੱਕ ਯੂਨੀਅਨਾਂ ਨੂੰ ਭੰਗ ਕਰਨ ਦੇ ਬਾਵਜੂਦ ਵੀ ਉਨ੍ਹਾਂ ਵੱਲੋਂ ਕੀਤੀਆਂ ਜਾ ਰਹੀਆਂ ਅਣ-ਅਧਿਕਾਰਤ ਕਾਰਵਾਈਆਂ ਨਾਲ ਉਦਯੋਗਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮੁੱਖ ਸਕੱਤਰ ਵੱਲੋਂ ਟਰਾਂਸਪੋਰਟ ਅਤੇ ਪੁਲਿਸ ਵਿਭਾਗ ਨੂੰ 2017 ਵਿੱਚ ਭੰਗ ਕੀਤੇ ਹੁਕਮਾਂ ਦੀ ਸਖ਼ਤੀ ਨਾਲ ਪਾਲਣ ਕਰਨ ਲਈ ਆਖਿਆ ਗਿਆ ਹੈ। ਉਨ੍ਹਾਂ ਵੱਲੋਂ ਟਰਾਂਸਪੋਰਟ ਵਿਭਾਗ ਨੂੰ ਕਿਹਾ ਗਿਆ ਹੈ ਕਿ ਜੇਕਰ ਕੋਈ ਸਰਕਾਰ ਦੇ ਨਿਯਮਾਂ ਦੀ ਪਾਲਣਾ ਨਹੀਂ ਕਰਦਾ ‘ਤਾਂ ਉਸ ਵਿਅਕਤੀ ਦਾ ਪਰਮਿਟ ਰੱਦ ਕੀਤਾ ਜਾਵੇ। ਇਸੇ ਤਰ੍ਹਾਂ ਉਨ੍ਹਾਂ ਪੁਲਿਸ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਫੀਲਡ ਵਿੱਚ ਸਖ਼ਤੀ ਨਾਲ ਚੈਕਿੰਗ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ 2017 ਵਿੱਚ ਜਾਰੀ ਨੋਟੀਫਿਕੇਸ਼ਨ ਦੀ ਪਾਲਣਾ ਹਰ ਥਾਂ ‘ਤੇ ਕੀਤੀ ਜਾਵੇ। ਜੇਕਰ ਕੋਈ ਟਰੱਕ ਆਪਰੇਟਰ ਕਿਸੇ ਨੂੰ ਪ੍ਰੇਸ਼ਾਨ ਕਰਦਾ ਹੈ ਤਾਂ ਪੁਲਿਸ ਤੁਰੰਤ ਕੇਸ ਦਰਜ ਕਰੇ।
ਵੀਡੀਓ ਲਈ ਕਲਿੱਕ ਕਰੋ -: