ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੰਗਲਵਾਰ ਦੁਪਹਿਰ ਤਿੰਨ ਵਜੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣਗੇ। ਸੂਤਰਾਂ ਮੁਤਾਬਕ ਪੰਜਾਬ ਵਿੱਚ ਜਲਦੀ ਹੀ ‘ਕੇਜਰੀਵਾਲ ਦੀ ਪਹਿਲੀ ਗਾਰੰਟੀ’ 300 ਯੂਨਿਟ ਮੁਫ਼ਤ ਬਿਜਲੀ ਦਾ ਐਲਾਨ ਹੋ ਸਕਦਾ ਹੈ। ਪੰਜਾਬ ਵਿੱਚ 300 ਯੂਨਿਟ ਫ੍ਰੀ ਕਰਨ ਲਈ ਮਿਸ਼ਨ ਮੋਡ ‘ਤੇ ਪੂਰੀ ਤਿਆਰੀ ਚੱਲ ਰਹੀ ਹੈ। ਸੋਮਵਾਰ ਨੂੰ ਮਾਨ ਨੇ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਸੀ। ਮੰਗਲਵਾਰ ਨੂੰ ਭਗਵੰਤ ਮਾਨ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੇ ਉਪਰਾਸ਼ਟਰਪਤੀ ਨਾਲ ਵੀ ਮੁਲਾਕਾਤ ਕਰਨਗੇ।
ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ 300 ਯੂਨਿਟ ਬਿਜਲੀ ਮੁਫ਼ਤ ਦੇਣ ਦੀ ਪਹਿਲੀ ਗਾਰੰਟੀ ਦਿੱਤੀ ਗਈ ਸੀ। ਹਾਲਾਂਕਿ ਸਰਕਾਰ ਬਣਨ ਤੋਂ ਬਾਅਦ ਇਸ ਦਿਸ਼ਾ ਵਿੱਚ ਕੋਈ ਕੰਮ ਨਾ ਹੋਣ ਕਰਕੇ ਵਿਰੋਧੀ ਸਰਕਾਰ ‘ਤੇ ਹਮਲਾਵਰ ਸਨ। ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੇ ਕਿਹਾ ਸੀ ਕਿ ਪੰਜਾਬ ਦੇ ਲੋਕਾਂ ਨੂੰ ਪਹਿਲੀ ਗਾਰੰਟੀ ਵਜੋਂ ‘ਆਪ’ ਨੇ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ। ਪੰਜਾਬ ਦੇ ਲੋਕ ਹੁਣ ਫ੍ਰੀ ਬਿਜਲੀ ਦੀ ਉਡੀਕ ਕਰ ਰਹੇ ਹਨ।
ਇਸ ਤੋਂ ਪਹਿਲਾਂ ਵੀਰਵਾਰ ਨੂੰ ਮਾਨ ਸਰਕਾਰ ਨੇ ਪੰਜਾਬ ਲਈ ਬਿਜਲੀ ਟੈਰਿਫ਼ ਜਾਰੀ ਕੀਤਾ ਸੀ। ਇਸ ਵਿੱਚ ਸਰਕਾਰ ਨੇ ਦਰਾਂ ਵਿੱਚ ਵਾਧਾ ਨਹੀਂ ਕੀਤਾ ਸੀ ਪਰ 300 ਯੂਨਿਟ ਮੁਫਤ ਬਿਜਲੀ ਦਾ ਵੀ ਕੋਈ ਜ਼ਿਕਰ ਨਹੀਂ ਕੀਤਾ ਗਿਆ ਸੀ। ਇਸ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੀ ਮਾਨ ਸਰਕਾਰ ‘ਤੇ ਸਵਾਲ ਉਠਾ ਰਹੀਆਂ ਹਨ ਕਿ ਉਨ੍ਹਾਂ ਨੇ ਅਜੇ ਤੱਕ ਇਸ ਗਾਰੰਟੀ ਨੂੰ ਪੂਰਾ ਨਹੀਂ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਹਾਲਾਂਕਿ ‘ਆਪ’ ਦੇ ਬੁਲਾਰੇ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਦਾਅਵਾ ਕੀਤਾ ਕਿ ਸਰਕਾਰ 300 ਯੂਨਿਟ ਮੁਫ਼ਤ ਬਿਜਲੀ ਦੇਣ ਦੇ ਚੋਣ ਵਾਅਦੇ ‘ਤੇ ਵੀ ਖਰਾ ਉਤਰੇਗੀ। ਪੰਜਾਬ ਸਰਕਾਰ ਜਲਦ ਇਸ ਫੈਸਲੇ ਨੂੰ ਲਾਗੂ ਕਰੇਗੀ। ‘ਆਪ’ ਸਰਕਾਰ ਪੰਜਾਬ ਵਿੱਚ ਪਹਿਲੀ ਸਰਕਾਰ ਹੈ ਜਿਸ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਲੋਕਾਂ ‘ਤੇ ਵਾਧੂ ਬੋਝ ਨਾ ਪਾਉਂਦੇ ਹੋਏ ਬਿਜਲੀ ਦੀਆਂ ਪੁਰਾਣੀਆਂ ਦਰਾਂ ਨੂੰ ਜਾਰੀ ਰਖਿਆ ਹੈ।