CM orders judicial probe : ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ, ਬਟਾਲਾ ਤੇ ਤਰਨ ਤਾਰਨ ਜ਼ਿਲ੍ਹਿਆਂ ਵਿੱਚ ਕਥਿਤ ਤੌਰ ‘ਤੇ ਨਕਲੀ ਸ਼ਰਾਬ ਪੀਣ ਨਾਲ ਹੋਈਆਂ 21 ਵਿਅਕਤੀਆਂ ਦੀ ਸ਼ੱਕੀ ਮੌਤ ਦੇ ਮਾਮਲੇ ਵਿੱਚ ਜਲੰਧਰ ਡਿਵੀਜ਼ਨ ਦੇ ਕਮਿਸ਼ਨਰ ਨੂੰ ਨਿਆਂਇਕ ਜਾਂਚ ਦੇ ਹੁਕਮ ਦਿੱਤੇ ਹਨ, ਜੋਕਿ ਸੰਯੁਕਤ ਆਬਕਾਰੀ ਤੇ ਕਰ ਕਮਿਸ਼ਨਰ ਪੰਜਾਬ ਅਤੇ ਸਬੰਧਤ ਜ਼ਿਲ੍ਹਿਆਂ ਦੇ ਐਸ.ਪੀਜ਼ (ਇਨਵੈਸਟੀਗੇਸ਼ਨ) ਨਾਲ ਮਿਲ ਕੇ ਕੀਤੀ ਜਾਵੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਸ ਘਟਨਾ ਦਾ ਗੰਭੀਰ ਨੋਟਿਸ ਲੈਂਦਿਆ ਪੁਲਿਸ ਨੂੰ ਸੂਬੇ ਵਿੱਚ ਨਕਲੀ ਸ਼ਰਾਬ ਬਣਾਉਣ ਦੇ ਕੰਮ ਉਤੇ ਸ਼ਿਕੰਜਾ ਕਸਦਿਆਂ ਤਲਾਸ਼ੀ ਮੁਹਿੰਮ ਵਿੱਢਣ ਦੀਆਂ ਹਿਦਾਇਤਾਂ ਦਿੱਤੀਆਂ ਹਨ।
ਮੁੱਖ ਮੰਤਰੀ ਨੇ ਜਾਂਚ ਨੂੰ ਤੇਜੀ ਨਾਲ ਨੇਪਰੇ ਚਾੜ੍ਹਨ ਲਈ ਡਿਵੀਜ਼ਨਲ ਕਮਿਸ਼ਨਰ ਜਲੰਧਰ ਨੂੰ ਕੋਈ ਵੀ ਸਿਵਲ/ਪੁਲਿਸ ਅਫਸਰ ਜਾਂ ਕਿਸੇ ਵੀ ਮਾਹਿਰ ਦੀਆਂ ਸੇਵਾਵਾਂ ਲੈਣ ਦੇ ਅਧਿਕਾਰ ਦਿੱਤੇ ਹਨ। ਇਸ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਇਸ ਮਾਮਲੇ ਵਿੱਚ ਹੁਣ ਤੱਕ ਇਕ ਔਰਤ ਬਲਵਿੰਦਰ ਕੌਰ ਵਾਸੀ ਮੂਛਲ ਨੂੰ ਤਰਸਿੱਕਾ ਥਾਣੇ ਵਿਖੇ ਦਰਜ ਆਈ.ਪੀ.ਸੀ. ਦੀ ਧਾਰਾ 304 ਅਤੇ ਐਕਸਾਈਜ਼ ਐਕਟ ਦੀ ਧਾਰਾ 61/1/14 ਤਹਿਤ ਗ੍ਰਿਫਤਾਰ ਨੂੰ ਗ੍ਰਿਫਤਾਰ ਹੈ। ਅੰਮ੍ਰਿਤਸਰ ਦਿਹਾਤੀ ਜਿੱਥੇ ਸਭ ਤੋਂ ਪਹਿਲਾਂ ਮਾਮਲੇ ਸਾਹਮਣੇ ਆਏ, ਦੇ ਪੁਲਿਸ ਮੁਖੀ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੀ ਪੜਤਾਲ ਜਾਰੀ ਹੈ। ਮੌਤਾਂ ਦੇ ਸਹੀ ਕਾਰਨਾਂ ਦਾ ਪਤਾ ਲਾਉਣ ਲਈ ਚਾਰ ਮ੍ਰਿਤਕਾਂ ਦਾ ਅੱਜ ਪੋਸਟਮਾਰਟਮ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਸਭ ਤੋਂ ਪਹਿਲਾਂ 29 ਜੂਨ ਦੀ ਰਾਤ ਨੂੰ ਅੰਮ੍ਰਿਤਸਰ ਦਿਹਾਤੀ ਵਿੱਚ ਪੁਲਿਸ ਥਾਣੇ ਤਰਸਿੱਕਾ ਵਿੱਚ ਪੈਂਦੇ ਪਿੰਡ ਮੂਛਲ ਤੇ ਟਾਂਗਰਾ ਤੋਂ ਪੰਜ ਮੌਤਾਂ ਸਾਹਮਣੇ ਆਈਆਂ। 30 ਜੁਲਾਈ ਦੀ ਸ਼ਾਮ ਨੂੰ ਮੂਛਲ ਵਿੱਚ ਦੋ ਹੋਰ ਵਿਅਕਤੀਆਂ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ, ਜਦਕਿ ਇਕ ਦੀ ਹਾਲਤ ਗੰਭੀਰ ਹੋਣ ਦੇ ਚੱਲਦਿਆਂ ਉਸ ਨੇ ਹਸਪਤਾਲ ਵਿਚ ਦਮ ਤੋੜ ਦਿੱਤਾ। ਇਸ ਤੋਂ ਬਾਅਦ ਪਿੰਡ ਮੂਛਲ ਤੋਂ ਦੋ ਹੋਰ ਮੌਤਾਂ ਹੋਈਆਂ ਜਦੋਂਕਿ ਬਟਾਲਾ ਸ਼ਹਿਰ ਵਿੱਚ ਵੀ ਨਕਲੀ ਸ਼ਰਾਬ ਪੀਣ ਨਾਲ ਦੋ ਮੌਤਾਂ ਹੋਈਆਂ। ਅੱਜ ਬਟਾਲਾ ਵਿੱਚ ਹੋਰ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਜਿਸ ਨਾਲ ਸ਼ਹਿਰ ਵਿੱਚ ਮਰਨ ਵਾਲਿਆਂ ਦੀ ਗਿਣਤੀ 7 ਤੱਕ ਪਹੁੰਚ ਗਈ ਜਦੋਂਕਿ ਇਕ ਵਿਅਕਤੀ ਦੀ ਹਾਲਤ ਨਾਜ਼ੁਕ ਹੈ। ਇਸੇ ਤਰ੍ਹਾਂ ਤਰਨ ਤਾਰਨ ਤੋਂ ਚਾਰ ਹੋਰ ਸ਼ੱਕੀ ਮੌਤਾਂ ਹੋਈਆਂ ਹਨ।