Compensation will be paid : ਚੰਡੀਗੜ੍ਹ : ਵਿਕਾਸ ਪ੍ਰਾਜੈਕਟਾਂ ਲਈ ਮਰਜ਼ੀ ਨਾਲ ਆਪਣੀ ਜਾਇਦਾਦ ਦੇਣ ਵਾਲਿਆਂ ਲਈ ਲੈਂਡ ਪੂਲਿੰਗ ਨੀਤੀ ਨੂੰ ਹੋਰ ਆਕਰਸ਼ਿਤ ਬਣਾਉਂਦਿਆਂ ਪੰਜਾਬ ਸਰਕਾਰ ਨੇ ਅਜਿਹੇ ਵਿਅਕਤੀਆਂ ਨੂੰ ਮੁਆਵਜ਼ੇ ਵਜੋਂ ਵਾਧੂ ਜ਼ਮੀਨ ਦੇਣ ਦਾ ਫੈਸਲਾ ਕੀਤਾ ਹੈ। ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ ਅਧਿਕਾਰ ਖੇਤਰ ਵਿੱਚ ਰਿਹਾਇਸ਼ੀ ਸੈਕਟਰ ਸਬੰਧੀ ਲੈਂਡ ਪੂਲਿੰਗ ਨੀਤੀ ਨੂੰ ਸੋਧਣ ਅਤੇ ਇਸ ਨੀਤੀ ਨੂੰ ਉਦਯੋਗਿਕ ਸੈਕਟਰ ਵਿੱਚ ਵੀ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਗਮਾਡਾ ਦੀ ਸੋਧੀ ਹੋਈ ਲੈਂਡ ਪੂਲਿੰਗ ਨੀਤੀ ਤਹਿਤ ਨਵੀਂ ਬਣ ਰਹੀ ਐਰੋਟ੍ਰੋਪੋਲਿਸ ਰੈਜ਼ੀਡੈਂਸ਼ੀਅਲ ਅਸਟੇਟ ਲਈ ਜ਼ਮੀਨ ਮਾਲਕਾਂ ਪਾਸੋਂ ਐਕੁਵਾਇਰ ਕੀਤੇ ਜਾਣ ਵਾਲੇ ਹਰੇਕ ਇਕ ਏਕੜ ਲਈ ਨਗਦ ਮੁਆਵਜ਼ੇ ਦੇ ਬਦਲੇ ਵਿਕਸਿਤ ਕੀਤੇ ਪਲਾਟਾਂ ਵਿੱਚੋਂ 1000 ਵਰਗ ਗਜ਼ ਰਿਹਾਇਸ਼ੀ ਪਲਾਟ ਤੇ 200 ਵਰਗ ਗਜ਼ ਕਮਰਸ਼ੀਅਲ ਪਲਾਟ (ਪਾਰਕਿੰਗ ਬਿਨਾਂ) ਦਿੱਤਾ ਜਾਵੇਗਾ। ਇਸ ਸਬੰਧੀ ਨੋਟੀਫਿਕੇਸ਼ਨ ਬਹੁਤ ਜਲਦ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਜਾਰੀ ਕੀਤਾ ਜਾਵੇਗਾ।
ਉਦਯੋਗਿਕ ਸੈਕਟਰ ਲਈ ਵੀ ਅਜਿਹੀ ਹੀ ਨਵੀਂ ਨੀਤੀ ਲਿਆਂਦੀ ਜਾ ਰਹੀ ਹੈ। ਉਦਯੋਗਿਕ ਸੈਕਟਰ ਦੇ ਵਿਕਾਸ ਲਈ ਪਹਿਲੀ ਵਾਰ ਲਾਗੂ ਕੀਤੀ ਜਾਣ ਵਾਲੀ ਲੈਂਡ ਪੂਲਿੰਗ ਨੀਤੀ ਤਹਿਤ ਹਰੇਕ ਇਕ ਏਕੜ ਲਈ ਮੁਆਵਜ਼ੇ ਦੇ ਬਦਲੇ ਜ਼ਮੀਨ ਮਾਲਕ ਨੂੰ ਉਦਯੋਗਿਕ ਪਲਾਟਾਂ ਵਿੱਚੋਂ 1100 ਵਰਗ ਗਜ਼ ਉਦਯੋਗਿਕ ਪਲਾਟ ਅਤੇ 200 ਵਰਗ ਗਜ਼ ਵਿਕਸਤ ਕਮਰਸ਼ੀਅਲ ਪਲਾਟ (ਪਾਰਕਿੰਗ ਬਿਨਾਂ) ਦਿੱਤਾ ਜਾਵੇਗਾ। ਇਸੇ ਤਰਾਂ ਜਿਹੜਾ ਜ਼ਮੀਨ ਮਾਲਕ ਲੈਂਡ ਪੂਲਿੰਗ ਨੀਤੀ ਤਹਿਤ ਪ੍ਰਾਪਤ ਕੀਤੇ ਪਲਾਟ ਨੂੰ ਵੇਚਣ ਉਪਰੰਤ ਜੇਕਰ ਉਕਤ ਪੈਸੇ ਨਾਲ ਕਿਤੇ ਹੋਰ ਖੇਤੀਬਾੜੀ ਵਾਲੀ ਜ਼ਮੀਨ ਖਰੀਦਦਾ ਹੈ ਤਾਂ ਉਸ ਨੂੰ ਕਈ ਲਾਭ ਮੁਹੱਈਆ ਕਰਵਾਉਣ ਲਈ ਵਿਭਾਗ ਵੱਲੋਂ ‘ਸਹੂਲੀਅਤ ਸਰਟੀਫਿਕੇਟ’ ਜਾਰੀ ਕੀਤਾ ਜਾਵੇਗਾ ਜਿਸਦੀ ਮਿਆਦ ਨਵੀਂ ਨੀਤੀ ਤਹਿਤ ਜ਼ਮੀਨ ਮਾਲਕ ਨੂੰ ਅਲਾਟ ਕੀਤੇ ਪਲਾਟ ਦੀ ਤਰੀਕ ਤੋਂ ਮੰਨਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਇਸ ਦੀ ਮਿਆਦ ਐਵਾਰਡ ਐਲਾਨਣ ਦੀ ਮਿਤੀ ਤੋਂ 2 ਸਾਲਾਂ ਤੱਕ ਹੁੰਦੀ ਸੀ। ਇਸ ਸਰਟੀਫਿਕੇਟ ਨਾਲ ਜ਼ਮੀਨ ਮਾਲਕ ਵੱਲੋਂ ਲੈਂਡ ਪੂਲਿੰਗ ਅਧੀਨ ਮਿਲੇ ਪਲਾਟ ਨੂੰ ਵੇਚ ਕੇ ਖੇਤੀਬਾੜੀ ਜ਼ਮੀਨ ਖਰੀਦਣ ਲਈ ਸਟੈਂਪ ਡਿਊਟੀ ਤੋਂ ਛੋਟ ਮਿਲਣ ਤੋਂ ਇਲਾਵਾ ਹੋਰ ਕਈ ਲਾਭ ਮਿਲਦੇ ਹਨ। ਗਮਾਡਾ ਵੱਲੋਂ ਇਹ ਕਦਮ ਜ਼ਮੀਨ ਮਾਲਕਾਂ ਦੀ ਸਰਟੀਫਿਕੇਟ ਦੀ ਮਿਆਦ ਨੂੰ ਪਲਾਟ ਦੇਣ ਦੇ ਕਬਜ਼ੇ ਦੀ ਪੇਸ਼ਕਸ਼ ਦੀ ਤਰੀਕ ਤੋਂ ਲਾਗੂ ਕਰਨ ਦੀ ਮੰਗ ਅਧੀਨ ਚੁੱਕਿਆ ਗਿਆ ਹੈ।