ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੀ ਪਾਰਟੀ ਤੋਂ ਛੁੱਟੀ ਹੋ ਸਕਦੀ ਹੈ। ਇਸ ਦੇ ਲਈ ਦਿੱਲੀ ਵਿੱਚ ਕਾਂਗਰਸ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਹੋ ਰਹੀ ਹੈ। ਜਿਸ ਵਿੱਚ ਸਾਬਕਾ ਪੰਜਾਬ ਪ੍ਰਧਾਨ ਜਾਖੜ ਨੂੰ ਸਸਪੈਂਡ ਕੀਤਾ ਜਾ ਸਕਦਾ ਹੈ।
ਸਾਬਕਾ ਸੀ.ਐੱਮ. ਚਰਨਜੀਤ ਚੰਨੀ ਬਾਰੇ ਦਿੱਤੇ ਬਿਆਨ ‘ਤੇ ਜਾਖੜ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਜਾਖੜ ਨੇ ਨੋਟਿਸ ਦਾ ਕੋਈ ਜਵਾਬ ਨਹੀਂ ਦਿੱਤਾ। ਇੰਨਾ ਹੀ ਨਹੀਂ ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਮੈਸੇਜ ਵੀ ਦਿੱਤਾ ਸੀ ਕਿ ਉਹ ਹਾਈਕਮਾਨ ਅੱਗੇ ਝੁਕਣਗੇ ਨਹੀਂ। ਹਾਲਾਂਕਿ ਜਾਖੜ ‘ਤੇ ਕਾਰਵਾਈ ਕਾਂਗਰਸ ‘ਚ ਅੰਦਰੂਨੀ ਕਲੇਸ਼ ਹੋਰ ਤੇਜ਼ ਕਰ ਸਕਦੀ ਹੈ। ਉਨ੍ਹਾਂ ਵਰਗੇ ਨਵਜੋਤ ਸਿੱਧੂ ਸਣੇ ਕਈ ਆਗੂ ਖੁੱਲ੍ਹ ਕੇ ਬਿਆਨਬਾਜ਼ੀ ਕਰ ਰਹੇ ਹਨ।
ਸੁਨੀਲ ਜਾਖੜ ‘ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਬਾਰੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਦੋਸ਼ ਲੱਗੇ ਸਨ। ਇਸ ਸਬੰਧੀ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਉਨ੍ਹਾਂ ਦੀ ਸ਼ਿਕਾਇਤ ਕੀਤੀ ਸੀ, ਹਾਲਾਂਕਿ ਕਾਂਸ਼ੀ ਵਿੱਚ ਰਵਿਦਾਸ ਮੰਦਰ ਵਿੱਚ ਮੱਥਾ ਟੇਕ ਕੇ ਜਾਖੜ ਦਲਿਤ ਭਾਈਚਾਰੇ ਤੋਂ ਮੁਆਫ਼ੀ ਮੰਗ ਚੁੱਕੇ ਹਨ ਤੇ ਕਿਹਾ ਸੀ ਕਿ ਉਨ੍ਹਾਂ ਨੇ ਕਦੇ ਅਜਿਹੀ ਕੋਈ ਇਤਰਾਜ਼ਯੋਗ ਬਿਆਨਬਾਜ਼ੀ ਨਹੀਂ ਕੀਤੀ।
ਦੂਜੇ ਪਾਸੇ ਜਾਖੜ ਇਸ ਗੱਲ ਤੋਂ ਨਾਰਾਜ਼ ਹਨ ਕਿ ਕਾਂਗਰਸ ਹਾਈਕਮਾਨ ਨੂੰ ਉਨ੍ਹਾਂ ਨਾਲ ਪਹਿਲਾਂ ਗੱਲ ਕਰਨੀ ਚਾਹੀਦੀ ਸੀ। ਇਸ ਦੀ ਬਜਾਏ ਉਨ੍ਹਾਂ ਨੂੰ ਸਿੱਧਾ ਨੋਟਿਸ ਜਾਰੀ ਕੀਤਾ ਗਿਆ। ਜਾਖੜ ਦਾ ਤਰਕ ਹੈ ਕਿ ਉਹ ਪਾਰਟੀ ਦੇ ਹਰ ਚੰਗੇ-ਮਾੜੇ ਸਮੇਂ ਵਿਚ ਉਨ੍ਹਾਂ ਦੇ ਨਾਲ ਰਹੇ। ਉਨ੍ਹਾਂ ਕਦੇ ਵੀ ਹਾਈਕਮਾਨ ਖ਼ਿਲਾਫ਼ ਬਿਆਨਬਾਜ਼ੀ ਨਹੀਂ ਕੀਤੀ।
ਵੀਡੀਓ ਲਈ ਕਲਿੱਕ ਕਰੋ -:
“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”
ਇਸ ਤੋਂ ਪਹਿਲਾਂ ਸੁਨੀਲ ਜਾਖੜ ਸਰਗਰਮ ਸਿਆਸਤ ਤੋਂ ਕਿਨਾਰਾ ਕਰ ਚੁੱਕੇ ਹਨ। ਉਨ੍ਹਾਂ ਨੇ ਵਿਧਾਨ ਸਭਾ ਚੋਣ ਵੀ ਨਹੀਂ ਲੜੀ ਸੀ। ਜਾਖੜ ਇਸ ਗੱਲ ਤੋਂ ਨਾਰਾਜ਼ ਸਨ ਕਿ ਬਿਨਾਂ ਕਿਸੇ ਕਾਰਨ ਪਹਿਲਾਂ ਉਨ੍ਹਾਂ ਨੂੰ ਹਟਾ ਕੇ ਨਵਜੋਤ ਸਿੱਧੂ ਨੂੰ ਪ੍ਰਧਾਨ ਬਣਾਇਆ ਗਿਆ। ਫਿਰ ਉਹ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਸਿਰਫ਼ ਇਸ ਲਈ ਮੁੱਖ ਮੰਤਰੀ ਨਹੀਂ ਬਣ ਸਕੇ ਕਿਉਂਕਿ ਉਹ ਹਿੰਦੂ ਹਨ। ਇਸ ਵਿਵਾਦ ਦਾ ਕਾਰਨ ਅੰਬਿਕਾ ਸੋਨੀ ਨੂੰ ਮੰਨਿਆ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਨੇ ਕਿਹਾ ਸੀ ਕਿ ਪੰਜਾਬ ਦਾ ਸੀ.ਐੱਮ. ਸਿੱਖ ਭਾਈਚਾਰੇ ਵਿੱਚੋਂ ਹੋਣਾ ਚਾਹੀਦਾ ਹੈ, ਜਿਸ ਕਾਰਨ ਜਾਖੜ ਦਾ ਪੱਤਾ ਸਾਫ ਹੋ ਗਿਆ।