ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਣੇ ਕਈ ਵੱਡੇ ਆਗੂਆਂ ਵੱਲੋਂ ਸਾਧੂ ਸਿੰਘ ਧਰਮਸੋਤ ਤੇ ਸੰਗਤ ਸਿੰਘ ਗਿਲਜੀਆਂ ਦੀ ਗ੍ਰਿਫਤਾਰੀ ਨੂੰ ਲੈ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਹੰਗਾਮਾ ਕੀਤਾ, ਜਿਸ ਦਾ ਆਮ ਆਦਮੀ ਪਾਰਟੀ ਵੱਲੋਂ ਵਿਰੋਧ ਕੀਤਾ ਗਿਆ।
‘ਆਪ’ ਆਗੂ ਮਾਲਵਿੰਦਰ ਸਿੰਘ ਕੰਗ ਨੇ ਕਾਂਗਰਸੀ ਆਗੂਆਂ ‘ਤੇ ਦੋਸ਼ ਲਾਇਆ ਕਿ ਕਾਂਗਰਸ ਆਪਣੇ ਕੁਰੱਪਟ ਆਗੂਆਂ ਨੂੰ ਕਾਨੂੰਨੀ ਕਾਰਵਾਈ ਤੋਂ ਬਚਾਉਣ ਲਈ ਤਰਲੋ ਮੱਛੀ ਹੋ ਰਹੀ ਹੈ, ਇਸੇ ਲਈ ਉਨ੍ਹਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਹੰਗਾਮਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਨੇ ਮੁੱਖ ਮੰਤਰੀ ਮਾਨ ਨੂੰ ਮਿਲਣ ਲਈ ਕੋਈ ਸਮਾਂ ਨਹੀਂ ਮੰਗਿਆ ਗਆ ਸੀ। ਅਸਲ ਵਿਚ ਕਾਂਗਰਸੀ ਆਗੂ ਮਾਨ ਸਰਕਾਰ ਵੱਲੋਂ ਭ੍ਰਿਸ਼ਟ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤੇ ਜਾਣ ਕਾਰਨ ਡਰੇ ਹੋਏ ਹਨ ਤੇ ਬੇਚੈਨ ਹਨ।
ਕੰਗ ਨੇ ਕਿਹਾ ਕਿ ਕਾਂਗਰਸ ਨੇ ਆਪਣੇ ਰਾਜ ਦੌਰਾਨ ਭ੍ਰਿਸ਼ਟਾਚਾਰ ਕਰਕੇ ਪੰਜਾਬ ਨੂੰ ਲੁੱਟਿਆ ਪਰ ਹੁਣ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆ ਗਈ ਹੈ ਤੇ ਭ੍ਰਿਸ਼ਟ ਮੰਤਰੀਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਤੋਂ ਕਾਂਗਰਸੀ ਆਗੂ ਬੌਖਲਾਏ ਹੋਏ ਹਨ ਪਰ ‘ਆਪ’ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਜੰਗ ਜਾਰੀ ਰਹੇਗੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਇਮਾਨਦਾਰੀ ਨਾਲ ਸੂਬੇ ਦੀ ਵਿਵਸਥਾ ਨੂੰ ਸੁਧਾਰਨ ਲਈ ਕੰਮ ਕਰ ਰਹੀ ਹੈ ਅਤੇ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: