ਵਿਜੀਲੈਂਸ ਦੀ ਰਾਡਾਰ ‘ਤੇ ਇਕ ਹੋਰ ਕਾਂਗਰਸੀ ਵਿਧਾਇਕ ਆ ਚੁੱਕੇ ਹਨ। ਗੁਰਦਾਸਪੁਰ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ‘ਤੇ ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਿਕੰਜਾ ਕੱਸਿਆ ਹੈ। ਸੂਤਰਾਂ ਮੁਤਾਬਕ ਉਨ੍ਹਾਂ ਨੂੰ ਜਲਦੀ ਹੀ ਕਿਸੇ ਵੀ ਸਮੇਂ ਪੁੱਛਗਿੱਛ ਲਈ ਬੁਲਾਇਆ ਜਾ ਸਕਦਾ ਹੈ।
ਹਾਲਾਂਕਿ ਗੁਰਦਾਸਪੁਰ ਦੇ ਵਿਧਾਇਕ ਨਾਲ ਉਨ੍ਹਾਂ ਦੀ ਟਿੱਪਣੀ ਲਈ ਸੰਪਰਕ ਨਹੀਂ ਹੋ ਸਕਿਆ, ਪਰ ਵਿਜੀਲੈਂਸ ਬਿਊਰੋ ਦੇ ਇਕ ਅਧਿਕਾਰੀ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ‘ਤੇ ਕਿਹਾ ਕਿ ਉਨ੍ਹਾਂ ਨੂੰ 5 ਦਸੰਬਰ ਨੂੰ ਸੰਮਨ ਕੀਤਾ ਜਾ ਸਕਦਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਹਾਲ ਹੀ ਵਿੱਚ ਇੱਕ ਬੈਂਕ ਦੇ ਮੈਨੇਜਰ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਅਤੇ ਉਨ੍ਹਾਂ ਦੇ ਪਰਿਵਾਰ ਸਮੇਤ 8 ਵਿਅਕਤੀਆਂ ਦੇ ਖਾਤਿਆਂ ਸਬੰਧੀ ਜਾਣਕਾਰੀ ਮੰਗੀ ਸੀ। ਐਸਐਸਪੀ ਵਿਜੀਲੈਂਸ ਨੇ ਵੀ ਬੈਂਕ ਮੈਨੇਜਰ ਤੋਂ ਜਾਣਕਾਰੀ ਲੈਣ ਦੀ ਪੁਸ਼ਟੀ ਕੀਤੀ ਹੈ।
ਇਸ ਸਬੰਧੀ ਵਿਜੀਲੈਂਸ ਬਿਊਰੋ ਦਾ ਇੱਕ ਪੱਤਰ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਸੀ। ਕਾਂਗਰਸੀ ਵਿਧਾਇਕ ਨੇ ਜਿੱਥੇ ਅਜਿਹੀ ਕਿਸੇ ਚਿੱਠੀ ਸਬੰਧੀ ਕੋਈ ਜਾਣਕਾਰੀ ਹੋਣ ਤੋਂ ਇਨਕਾਰ ਕੀਤਾ, ਉੱਥੇ ਹੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਪੋਸਟ ‘ਤੇ ਨਾਰਾਜ਼ਗੀ ਪ੍ਰਗਟਾਈ। ਸੋਸ਼ਲ ਮੀਡੀਆ ‘ਤੇ ਇਕ ਪੱਤਰ ਵਾਇਰਲ ਹੋਇਆ ਹੈ, ਜਿਸ ਵਿਚ ਵਿਜੀਲੈਂਸ ਬਿਊਰੋ ਨੇ ਬੈਂਕ ਮੈਨੇਜਰ ਨੂੰ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਉਨ੍ਹਾਂ ਦੇ ਭਰਾ ਬਲਜੀਤ ਸਿੰਘ ਪਾਹੜਾ, ਹੋਰ ਪਰਿਵਾਰਕ ਮੈਂਬਰਾਂ ਅਤੇ ਕੁਝ ਬਾਹਰੀ ਵਿਅਕਤੀਆਂ ਦੇ ਬੈਂਕ ਖਾਤਿਆਂ ਦੀ ਵਿਜੀਲੈਂਸ ਜਾਂਚ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : ਗੋਲਡੀ ਬਰਾੜ ਦੇ ਕਹਿਣ ‘ਤੇ ਹਥਿਆਰ ਸਪਲਾਈ ਕਰਨ ਜਾ ਰਿਹਾ ਲਾਰੈਂਸ ਗੈਂਗ ਦਾ ਗੁਰਗਾ ਕਾਬੂ
ਦੂਜੇ ਪਾਸੇ ਵਿਧਾਇਕ ਬਰਿੰਦਰਮੀਤ ਸਿੰਘ ਪਹਾੜਾ ਨੇ ਕਿਹਾ ਕਿ ਉਨ੍ਹਾਂ ਨੇ ਇਮਾਨਦਾਰੀ ਨਾਲ ਕੰਮ ਕੀਤਾ ਹੈ ਅਤੇ ਉਨ੍ਹਾਂ ਨੂੰ ਕਿਸੇ ਵੀ ਜਾਂਚ ਦਾ ਡਰ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਕੋਈ ਪੱਤਰ ਜਾਰੀ ਕੀਤਾ ਗਿਆ ਹੈ ਤਾਂ ਇਹ ਵਿਜੀਲੈਂਸ ਬਿਊਰੋ ਦਾ ਅੰਦਰੂਨੀ ਮਾਮਲਾ ਹੈ। ਹਾਲਾਂਕਿ ਪੱਤਰ ਲੀਕ ਹੋਣ ਨਾਲ ਵਿਭਾਗ ‘ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ।
ਐਸਐਸਪੀ ਵਿਜੀਲੈਂਸ ਬਿਊਰੋ ਵਰਿੰਦਰ ਕੁਮਾਰ ਨੇ ਕਿਹਾ ਕਿ ਇਹ ਪੱਤਰ ਸੋਸ਼ਲ ਮੀਡੀਆ ‘ਤੇ ਕਿਵੇਂ ਵਾਇਰਲ ਹੋਇਆ ਇਸ ਦੀ ਜਾਂਚ ਕੀਤੀ ਜਾਵੇਗੀ। ਦੂਜੇ ਪਾਸੇ ਬੈਂਕ ਮੈਨੇਜਰ ਨੇ ਵਿਜੀਲੈਂਸ ਬਿਊਰੋ ਵੱਲੋਂ ਮਿਲੇ ਪੱਤਰ ਨੂੰ ਰੁਟੀਨ ਦਾ ਕੰਮ ਦੱਸਿਆ ਹੈ।
ਵੀਡੀਓ ਲਈ ਕਲਿੱਕ ਕਰੋ -: