Congress Rajya Sabha : ਚੰਡੀਗੜ੍ਹ: ਪੰਜਾਬ ਵਿਚ ਕੋਰੋਨਾ ਮਾਮਲਿਆਂ ਦੀ ਰਫਤਾਰ ਲਗਾਤਾਰ ਵਧਦੀ ਜਾ ਰਹੀ ਹੈ। ਅਜਿਹੀ ਸਥਿਤੀ ਵਿਚ ਸਰਕਾਰ ਜੋ ਵੀ ਢੁਕਵੇਂ ਕਦਮ ਚੁੱਕ ਸਕਦੀ ਹੈ ਉਹ ਚੁੱਕ ਰਹੀ ਹੈ। ਇਸ ਔਖੀ ਘੜੀ ਵਿਚ ਬਹੁਤ ਸਾਰੀਆਂ ਸਮਾਜ ਸੇਵੀ ਸੰਸਥਾਵਾਂ ਦੇ ਨਾਲ-ਨਾਲ ਮੰਤਰੀ ਵੀ ਮਦਦ ਦਾ ਹੱਥ ਅੱਗੇ ਵਧਾ ਰਹੇ ਹਨ। ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਬਟਾਲਾ, ਗੁਰਦਾਸਪੁਰ ਅਤੇ ਪਠਾਨਕੋਟ ਦੇ ਸਰਕਾਰੀ ਹਸਪਤਾਲਾਂ ਨੂੰ ਆਪਣੇ ਐਮ ਪੀ ਦੇ ਫੰਡ ਵਿਚੋਂ 2.5 ਕਰੋੜ ਰੁਪਏ ਆਕਸੀਜਨ ਪਲਾਂਟ ਲਗਾਉਣ ਲਈ ਦੇਣ ਦੀ ਇੱਛਾ ਜ਼ਾਹਰ ਕੀਤੀ ਹੈ।
ਉਨ੍ਹਾਂ ਨੇ ਟਵਿੱਟਰ ‘ਤੇ ਇਕ ਅਖਬਾਰ ਦਾ ਲੇਖ ਸਾਂਝਾ ਕੀਤਾ ਅਤੇ ਲਿਖਿਆ ਕਿ ਮੈਂ ਬਟਾਲਾ, ਗੁਰਦਾਸਪੁਰ ਅਤੇ ਪਠਾਨਕੋਟ ਦੇ ਸਰਕਾਰੀ ਹਸਪਤਾਲਾਂ ਵਿਚ ਆਕਸੀਜਨ ਪਲਾਂਟ ਲਗਾਉਣ ਲਈ ਆਪਣੇ MPLADS ਫੰਡ ਵਿਚੋਂ 2.5 ਕਰੋੜ ਰੁਪਏ ਅਲਾਟ ਕਰਨ ਲਈ ਤਿਆਰ ਹਾਂ। ਇਸ ਦੇ ਨਾਲ ਉਨ੍ਹਾਂ ਨੇ ਕੇਂਦਰ ਸਰਕਾਰ ਦੀ ਪ੍ਰਭਾਵਸ਼ੀਲਤਾ ‘ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਇਸ ਕੋਰੋਨਾ ਦੇ ਦੌਰ ਵਿੱਚ ਗਾਇਬ ਹੈ। ਲੋਕ ਕੋਰੋਨਾ ਕਾਰਨ ਮਰ ਰਹੇ ਹਨ ਪਰ ਕੇਂਦਰ ਸਰਕਾਰ ਮਹਾਂਮਾਰੀ ਰੋਕਣ ਵਿੱਚ ਅਸਫਲ ਰਹੀ ਹੈ।
ਪੰਜਾਬ ਵਿਚ ਕੋਰੋਨਾ ਦੇ ਅੰਕੜੇ ਹੁਣ ਡਰਾਉਣ ਲੱਗੇ ਹਨ। ਬੀਤੇ ਦਿਨੀਂ ਸੂਬੇ ਵਿਚ ਕੋਰੋਨਾ ਦੇ 8874 ਨਵੇਂ ਕੇਸ ਸਾਹਮਣੇ ਆਏ ਅਤੇ 154 ਮਰੀਜ਼ਾਂ ਦੀ ਜਾਨ ਚਲੀ ਗਈ। ਇੱਕਲੇ ਅੰਮ੍ਰਿਤਸਰ ਵਿਚ 24 ਘੰਟਿਆਂ ਦਰਮਿਆਨ 25 ਮਰੀਜ਼ਾਂ ਨੇ ਦਮ ਤੋੜ ਦਿੱਤਾ। ਭਾਵੇਂ ਸਿਹਤ ਵਿਭਾਗ ਤੇ ਪ੍ਰਸ਼ਾਸਨ ਵੱਲੋਂ ਕੋਰੋਨਾ ਨੂੰ ਕੰਟਰੋਲ ਕਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਫਿਰ ਵੀ ਅੰਕੜੇ ਬਹੁਤ ਰਫਤਾਰ ਨਾਲ ਵੱਧ ਰਹੇ ਹਨ। ਇਸ ਦੇ ਪਿੱਛੇ ਲੋਕਾਂ ਵੱਲੋਂ ਇਸ ਮਹਾਮਾਰੀ ਨੂੰ ਗੰਭੀਰਤਾ ਨਾਲ ਨਾ ਲੈਣਾ ਹੈ। ਅਜੇ ਵੀ ਬਹੁਤ ਸਾਰੇ ਲੋਕ ਬਿਨਾਂ ਮਾਸਕ ਤੋਂ ਘੁੰਮ ਰਹੇ ਹਨ ਤੇ ਸੋਸ਼ਲ ਡਿਸਟੈਂਸਿੰਗ ਦਾ ਪਾਲਣ ਨਹੀਂ ਕੀਤਾ ਜਾ ਰਿਹਾ। ਜੇ ਇਹੀ ਹਾਲਤ ਰਹੇ ਤਾਂ ਕੋਰੋਨਾ ਹੋਰ ਘਾਤਕ ਸਾਬਤ ਹੋ ਸਕਦਾ ਹੈ। ਪ੍ਰਸ਼ਾਸਨ ਵਾਰ-ਵਾਰ ਲੋਕਾਂ ਨੂੰ ਸਹਿਯੋਗ ਦੀ ਅਪੀਲ ਕਰ ਰਿਹਾ ਹੈ ਤਾਂ ਜੋ ਕੋਰੋਨਾ ਦੀ ਵਧਦੀ ਲਾਗ ਨੂੰ ਕੰਟਰੋਲ ਕੀਤਾ ਜਾ ਸਕੇ।