Corona duty doctors to : ਜਲੰਧਰ ਵਿਚ ਕੋਰੋਨਾ ਦੇ ਵਧ ਰਹੇ ਮਾਮਲੇ ਜ਼ਿਲਾ ਪ੍ਰਸ਼ਾਸਨ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣਦੇ ਜਾ ਰਹੇ ਹਨ ਅਤੇ ਪ੍ਰਸ਼ਾਸਨ ਵੱਲੋਂ ਇਸ ਨਾਲ ਨਜਿੱਠਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਇਸ ਦੇ ਵਧਦੇ ਮਾਮਲਿਆਂ ਨੂੰ ਠੱਲ੍ਹ ਪਾਈ ਜਾ ਸਕੇ। ਇਸੇ ਦੇ ਚੱਲਦਿਆਂ ਪ੍ਰਸ਼ਾਸਨ ਵੱਲੋਂ ਬਹੁ ਸਮਰਥਕੀ ਰਣਨੀਤੀ ਅਪਣਾਈ ਹੈ, ਜਿਸ ਵਿਚ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਵਿਅਕਤੀਆਂ ਦੇ ਸੰਪਰਕ ਵਿਚ ਆਏ ਲੋਕਾਂ ਦੀ ਪਛਾਣ ਕਰਨਾ, ਮਾਈਕ੍ਰੋ ਕੰਟੇਨਮੈਂਟ ਜ਼ੋਨ ਬਣਾਉਣਾ, ਹੈਲਥ ਇਨਫ੍ਰਾਸਟਰੱਕਚਰ ਵਿਚ ਸੁਧਾਰ ਲਿਆਉਣਾ ਅਤੇ ਮਨੁੱਖੀ ਸੋਮਿਆਂ ਨੂੰ ਵਧਾਉਣਾ ਸ਼ਾਮਲ ਹੈ।
ਇਨ੍ਹਾਂ ਵਿਚ ਸਭ ਤੋਂ ਵਧ ਮਨੁੱਖੀ ਸੋਮਿਆਂ ਨੂੰ ਵਧਾਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ, ਜਿਸ ਦੇ ਲਈ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਸਿਹਤ ਵਿਭਾਗ ਨਾਲ ਜੁੜੇ ਲੋਕਾਂ ਖਾਸਕਰ ਡਾਕਟਰਾਂ ਨੂੰ ਅੱਗੇ ਆਉਣ ਲਈ ਸੱਦਾ ਦਿੱਤਾ ਹੈ, ਜਿਸ ਦੇ ਲਈ ਉਨ੍ਹਾਂ ਨੂੰ 3500 ਰੁਪਏ ਰੋਜ਼ਾਨਾ ਮਿਹਨਤਾਨਾ ਦਿੱਤਾ ਜਾਵੇਗਾ। ਦੱਸਣਯੋਗ ਹੈ ਕਿ ਕੋਵਿਡ-19 ਮਹਾਮਾਰੀ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਜ਼ਿਲਾ ਪ੍ਰਸ਼ਾਸਨ ਦੇ ਅਫਸਰਾਂ ਦੀ ਸੋਮਵਾਰ ਨੂੰ ਇਕ ਮੀਟਿੰਗ ਵਿਚ ਡੀਸੀ ਨੇ ਕਿਹਾ ਕਿ ਕਮਿਨਿਊਟੀ ਵਿਚ ਇਨਫੈਕਸ਼ਨ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਪਛਾਣ ਤੇਜ਼ ਕੀਤੀ ਜਾਵੇਗੀ।
ਉਨ੍ਹਾਂ ਨੇ ਕਿਹਾ ਕਿ ਕੋਰਨਾ ਤੋਂ ਪੀੜਤ ਅਤੇ ਸ਼ੱਕੀਆਂ ਨੂੰ ਮੈਡੀਕਲ ਪ੍ਰੋਟੋਕਾਲ ਮੁਤਾਬਕ ਆਈਸੋਲੇਸ਼ਨ ਵਾਰਡਾਂ ਵਿਚ ਰਖਿਆ ਜਾਵੇਗਾ ਤਾਂਜੋ ਵਾਇਰਸ ਦੇ ਫੈਲਣ ਦਾ ਖਤਰਾ ਘੱਟ ਹੋਵੇ। ਦੱਸਣਯੋਗ ਹੈ ਕਿ ਜਲੰਧਰ ਜ਼ਿਲੇ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਤੇਜ਼ੀ ਨਾਲ ਵਧ ਰਹੇ ਹਨ, ਇਸ ਸਮੇਂ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ 591 ਹੋ ਗਈ ਹੈ। ਇਸ ਦੇ ਵਧਦੇ ਮਾਮਲਿਆਂ ਨੂੰ ਰੋਕਣ ਲਈ ਡੀਸੀ ਥੋਰੀ ਨੇ ਪੰਜ ਤੋਂ ਵੱਧ ਮਾਮਲਿਆਂ ਵਾਲੇ ਇਲਾਕਿਆਂ ਨੂੰ ਮੁਕੰਮਲ ਤੌਰ ’ਤੇ ਸੀਲ ਕਰਨ ਲਈ ਵੀ ਕਿਹਾ ਸੀ।