Corona is the : ਅੰਮ੍ਰਿਤਸਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਵਿਸ਼ਾਲ ਨਗਰ ਕੀਰਤਨ ਅੱਜ 20 ਮਾਰਚ ਨੂੰ ਸ਼ੁਰੂ ਹੋਵੇਗਾ। ਇਹ ਨਗਰ ਕੀਰਤਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਕੇ ਮਹਿਲ ਤੋਂ ਕੱਢਿਆ ਜਾਵੇਗਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਨੌਵੇਂ ਪਾਤਸ਼ਾਹ ਨਾਲ ਸਬੰਧਤ ਵੱਖ-ਵੱਖ ਗੁਰ-ਅਸਥਾਨਾਂ ਤੋਂ ਹੁੰਦਾ ਹੋਇਆ ਅਗਲੇ ਪੜਾਵਾਂ ਵੱਲ ਵਧੇਗਾ। ਇਹ ਨਗਰ ਕੀਰਤਨ ਪੰਜਾਬ, ਹਰਿਆਣਾ ਤੋਂ ਦਿੱਲੀ ਅਤੇ ਫਿਰ ਦਿੱਲੀ ਤੋਂ ਸ੍ਰੀ ਆਨੰਦਪੁਰ ਸਾਹਿਬ ਆ ਕੇ ਸੰਪੂਰਨ ਹੋਵੇਗਾ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੂਹ ਸੰਗਤ ਨੂੰ ਅਲੌਕਿਕ ਨਗਰ ਕੀਰਤਨ ਦੀ ਆਰੰਭਤਾ ਦੀ ਮੁਬਾਰਕਬਾਦ ਦਿੱਤੀ ਤੇ ਨਾਲ ਹੀ ਉਨ੍ਹਾਂ ਨੇ ਕੋਰੋਨਾ ਕਾਰਨ ਲੱਗੀਆਂ ਪਾਬੰਦੀਆਂ ਲਈ ਸਰਕਾਰ ‘ਤੇ ਤੰਜ ਕੱਸੇ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੋਰੋਨਾ ਸਰਕਾਰ ਦਾ ਆਗਿਆਕਾਰੀ ਪੁੱਤ ਹੈ ਜਿਹੜੇ ਸੂਬੇ ‘ਚ ਸਰਕਾਰ ਚਾਹੁੰਦੀ ਹੈ ਉੱਥੇ ਜਾਂਦਾ ਹੈ। ਉਨ੍ਹਾਂ ਕਿਹਾ ਕਿ ਬੰਗਾਲ ਸਮੇਤ ਵੱਖ ਵੱਖ ਰਾਜਾਂ ‘ਚ ਸਿਆਸੀ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਕੀ ਉਥੇ ਕੋਰੋਨਾ ਨਹੀਂ ਹੈ? ਸੂਬਾ ਸਰਕਾਰ ਵੱਲੋਂ ਇਥੇ ਨਵੇਂ ਹੁਕਮ ਜਾਰੀ ਕਰ ਦਿੱਤੇ ਗਏ ਹਨ ਸਮੂਹਿਕ ਇਕੱਠਾਂ ‘ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਤੋਂ ਇਲਾਵਾ 31 ਮਾਰਚ ਤੱਕ ਸਾਰੀਆਂ ਸਿਆਸੀ ਰੈਲੀਆਂ ‘ਤੇ ਵੀ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਅਥਾਹ ਸ਼ਰਧਾ ‘ਤੇ ਨਹੀਂ ਕਿਸੇ ਰੋਗ ਦਾ ਅਸਰ ਨਹੀਂ ਪੈਂਦਾ।