Curfew will remain in Chandigarh : ਚੰਡੀਗੜ੍ਹ : ਦੇਸ਼ ਵਿੱਚ ਚੱਲ ਰਹੀ ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਚੰਡੀਗੜ੍ਹ ਵਿੱਚ ਵੀ ਇਸ ਦੇ ਮਾਮਲੇ ਲਗਾਤਾਰ ਵਧ ਰਹੇ ਹਨ, ਜਿਸ ਦੇ ਚੱਲਦਿਆਂ ਪ੍ਰਸ਼ਾਸਨ ਵੱਲੋਂ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਕੋਰੋਨਾ ਕਰਫਿਊ ਲਗਾਇਆ ਸੀ ਤਾਂਜੋ ਕੋਰੋਨਾ ਦੇ ਮਾਮਲਿਆਂ ਨੂੰ ਕਾਬੂ ਕਰਨ ਲਈ ਸੋਸ਼ਲ ਡਿਸਟੈਂਸਿੰਗ ਦੀ ਪਾਲਣਾ ਹੋ ਸਕੇ ਤੇ ਗੈਰ-ਜ਼ਰੂਰੀ ਸਰਗਰਮੀਆਂ ਨੂੰ ਰੋਕਿਆ ਜਾ ਸਕੇ। ਹੁਣ ਪ੍ਰਸ਼ਾਸਨ ਨੇ ਇਸ ਸ਼ਨੀਵਾਰ 8 ਮਈ ਤੋਂ ਸਵੇਰੇ 5 ਵਜੇ ਤੋਂ ਸੋਮਵਾਰ 10 ਮਈ ਸਵੇਰੇ 5 ਵਜੇ ਤੱਕ ਕਰਫਿਊ ਲਾਉਣ ਦਾ ਫੈਸਲਾ ਲਿਆ ਹੈ।
ਇਹ ਫੈਸਲਾ ਸ਼ੁੱਕਰਵਾਰ ਨੂੰ ਹੋਈ ਕੋਵਿਡ ਵਾਰ ਰੂਮ ਦੀ ਮੀਟਿੰਗ ਵਿੱਚ ਪ੍ਰਬੰਧਕ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਲਿਆ ਹੈ। ਕੋਵਿਡ -19 ਵਾਰ ਰੂਮ ਮੀਟਿੰਗ ਦੌਰਾਨ ਸ਼ਹਿਰ ਵਿਚ ਧਾਰਾ 144 ਲਾਗੂ ਰਹੇਗੀ। ਲੋਕ ਕਿਧਰੇ ਵੀ ਇਕੱਠੇ ਨਹੀਂ ਹੋ ਸਕਦੇ। ਘਰਾਂ ਤੋਂ ਬਾਹਰ ਜਾਣ ਦੀ ਮਨਾਹੀ ਹੋਵੇਗੀ। ਇਸ ਦੇ ਨਾਲ ਹੀ ਪ੍ਰਸ਼ਾਸਨ ਨੇ ਲੋਕਾਂ ਨੂੰ ਕੁਝ ਰਾਹਤ ਵੀ ਦਿੱਤੀ ਹੈ। ਉਹ ਸਵੇਰੇ 6 ਵਜੇ ਤੋਂ 9 ਵਜੇ ਤੱਕ ਮਾਰਨਿੰਗ ਵਾਕ ਕਰ ਸਕਣਗੇ।
ਉਥੇ ਹੀ ਸ਼ਹਿਰ ਦੀਆਂ ਸਾਰੀਆਂ ਮਨਿਊਫੈਕਚਰਿੰਗ ਯੂਨਿਟ ਕੋਰੋਨਾ ਕਰਫਿਊ ਦੌਰਾਨ ਕੰਮ ਕਰ ਸਕਦੀਆਂ ਹਨ। ਨਾਲ ਹੀ ਉਨ੍ਹਾਂ ਦੀ ਲੇਬਰ ਨੂੰ ਲਿਜਾਣ ਵਾਲੇ ਵਾਹਨ ਅਤੇ ਲੇਬਰ ਨੂੰ ਇੰਡਸਟਰੀ ਮਾਲਿਕ ਆਈਡੈਂਟਿਟੀ ਕਾਰਡ ਜਾਰੀ ਕਰਨਗੇ। ਜਿਸ ਤੋਂ ਬਾਅਦ ਉਨ੍ਹਾਂ ਨੂੰ ਜਾਣ ਦੀ ਪ੍ਰਵਾਨਗੀ ਦਿੱਤੀ ਜਾਏਗੀ। ਇਸ ਤੋਂ ਇਲਾਵਾ ਆਈਐਸਬੀਟੀ, ਰੇਲਵੇ ਸਟੇਸ਼ਨ ਅਤੇ ਏਅਰਪੋਰਟ ਆਉਣ ਵਾਲੇ ਯਾਤਰੀਆਂ ਨੂੰ ਵੀ ਮਨਜ਼ੂਰੀ ਦਿੱਤੀ ਜਾਏਗੀ।