ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਪੰਜਾਬ ‘ਚ ਜੁਗਾੜੂ ਰੇਹੜੀ ‘ਤੇ ਪਾਬੰਦੀ ਲਾਉਣ ਵਾਲੇ ਆਪਣੇ ਹੁਕਮਾਂ ਨੂੰ ਵਾਪਸ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਹਜ਼ਾਰਾਂ ਲੋਕ ਬੇਰੁਜ਼ਗਾਰ ਹੋ ਜਾਣਗੇ।
ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜੁਗਾੜੂ ਰੇਹੜੀ ‘ਤੇ ਪਾਬੰਦੀ ਲਾਉਣ ਦੇ ਫੈਸਲੇ ਨਾਲ ਸਵੈ-ਰੁਜ਼ਗਾਰ ਦੇ ਸਾਧਨ ਅਪਣਾਉਣ ਵਾਲੇ ਹਜ਼ਾਰਾਂ ਲੋਕਾਂ ਨੂੰ ਝਟਕਾ ਲੱਗਾ ਹੈ। ਉਨ੍ਹਾਂ ਕਿਹਾ ਕਿ ਆਪਣੇ ਵੱਲੋਂ ਬਣਾਈ ਗਈ ਇਸ ਸਹੂਲਤ ਦੀ ਵਰਤੋਂ ਕਰਕੇ ਬਹੁਤ ਸਾਰੇ ਲੋਕ ਸਬਜ਼ੀਆਂ ਵੇਚਦੇ ਹਨ, ਸ਼ਹਿਰਾਂ ਵਿੱਚ ਕੂੜਾ ਚੁੱਕਦੇ ਹਨ ਅਤੇ ਵੱਖ-ਵੱਖ ਚੀਜ਼ਾਂ ਨੂੰ ਇੱਕ ਥਾਂ ਤੋਂ ਦੂਜੀ ਥਾਂ ਲਿਜਾਂਦੇ ਹਨ। ਸਰਕਾਰ ਦੇ ਇਸ ਫੈਸਲੇ ਦੀ ਸਿੱਧੀ ਮਾਰ ਅਜਿਹੇ ਲੋਕਾਂ ‘ਤੇ ਪਵੇਗੀ ਅਤੇ ਹਜ਼ਾਰਾਂ ਲੋਕ ਬੇਰੁਜ਼ਗਾਰ ਹੋ ਜਾਣਗੇ।
ਅਕਾਲੀ ਆਗੂ ਨੇ ਕਿਹਾ ਕਿ ਅਜਿਹੇ ਨਿਯਮ ਲਾਗੂ ਕਰਨ ਤੋਂ ਪਹਿਲਾਂ ਸਰਕਾਰ ਨੂੰ ਜ਼ਮੀਨੀ ਪੱਧਰ ‘ਤੇ ਅਸਲੀਅਤ ਦਾ ਅਧਿਐਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ਦੀ ਹਕੀਕਤ ਦਾ ਅਧਿਐਨ ਕੀਤੇ ਬਿਨਾਂ ਸਿਰਫ਼ ਹੁਕਮ ਜਾਰੀ ਕਰਨਾ ਸਿਹਤਮੰਦ ਪ੍ਰਸ਼ਾਸਨ ਦੀ ਨਿਸ਼ਾਨੀ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -:
“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”
ਉਨ੍ਹਾਂ ਕਿਹਾ ਕਿ ਅਜਿਹੇ ਜੁਗਾੜੂ ਰਹਿਬਰਾਂ ’ਤੇ ਪਾਬੰਦੀ ਲਾਉਣ ਦੇ ਹੁਕਮ ਦਿੰਦਿਆਂ ਭਗਵੰਤ ਮਾਨ ਸਰਕਾਰ ਨੂੰ ਅਜਿਹੀਆਂ ਗੱਡੀਆਂ ਦੀ ਵਰਤੋਂ ਕਰ ਰਹੇ ਵਿਅਕਤੀਆਂ ਲਈ ਕਮਾਈ ਦਾ ਕੋਈ ਹੋਰ ਬਦਲ ਕੱਢਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਬੁਨਿਆਦੀ ਸਮੱਸਿਆ ਦਾ ਅਧਿਐਨ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ ਅਤੇ ਅਜਿਹੇ ਹੁਕਮਾਂ ਦਾ ਕੀ ਅਸਰ ਪਏਗਾ, ਇਸ ਬਾਰੇ ਜਾਣੇ ਬਿਨਾਂ ਹੀ ਹੁਕਮ ਜਾਰੀ ਕਰ ਦਿੱਤੇ ਹਨ।
ਡਾ. ਚੀਮਾ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਜੁਗਾੜੂ ਰੇਹੜੀਆਂ ‘ਤੇ ਪਾਬੰਦੀ ਦੇ ਅਜਿਹੇ ਹੁਕਮਾਂ ਨੂੰ ਤੁਰੰਤ ਵਾਪਸ ਲੈਣ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨੇ ਇਕ ਵਾਰ ਫਿਰ ਦਰਸਾ ਦਿੱਤਾ ਹੈ ਕਿ ਸਰਕਾਰ ਦਾ ਪ੍ਰਸ਼ਾਸਨ ‘ਤੇ ਘੱਟ ਤੋਂ ਘੱਟ ਕੰਟਰੋਲ ਹੈ। ਉਨ੍ਹਾਂ ਕਿਹਾ ਕਿ ਨਵੇਂ ਮੁੱਖ ਮੰਤਰੀ ਲਈ ਬਿਹਤਰ ਹੋਵੇਗਾ ਕਿ ਉਹ ਕੋਈ ਵੀ ਹੁਕਮ ਲਾਗੂ ਕਰਨ ਤੋਂ ਪਹਿਲਾਂ ਜ਼ਮੀਨੀ ਪੱਧਰ ਤੋਂ ਫੀਡਬੈਕ ਲੈਣ।