ਪੰਜਾਬ ਦੇ ਫਤਿਹਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਨੇ ਇਕ ਨਿਵੇਕਲਾ ਬੈਂਕ ਖੋਲ੍ਹਿਆ ਹੈ। ਇਸ ਬੈਂਕ ਵਿੱਚ ਸਮਾਜ ਪ੍ਰਤੀ ਕੀਤੇ ਚੰਗੇ ਕੰਮਾਂ ਦਾ ਹਿਸਾਬ ਕਿਤਾਬ ਰੱਖਿਆ ਜਾ ਰਿਹਾ ਹੈ। ਇਸ ਲਈ ਇੱਕ ਪਾਸਬੁੱਕ ਦਿੱਤੀ ਜਾਵੇਗੀ, ਜਿਸ ਵਿੱਚ ਕੀਤੇ ਗਏ ਸਮਾਜਿਕ ਕੰਮਾਂ ਦਾ ਰਿਕਾਰਡ ਹੋਵੇਗਾ। ਇਸ ਰਿਕਾਰਡ ਅਨੁਸਾਰ ਡੀਸੀ ਵੱਲੋਂ ਸਰਟੀਫਿਕੇਟ ਵੀ ਦਿੱਤੇ ਜਾਣਗੇ। ਇਹ ਪੰਜਾਬ ਦਾ ਪਹਿਲਾ ਅਜਿਹਾ ਬੈਂਕ ਹੈ, ਜਿਸ ਦਾ ਨਾਂ ਟਾਈਮ ਬੈਂਕ ਰੱਖਿਆ ਗਿਆ ਹੈ।
ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ ਇਹ ਟਾਈਮ ਬੈਂਕ 16 ਤੋਂ 22 ਸਾਲ ਦੀ ਉਮਰ ਦੇ ਵਿਦਿਆਰਥੀਆਂ ਲਈ ਪ੍ਰੋਗਰਾਮ ਸਵੈ-ਇੱਛਾ ਤਹਿਤ ਸਮਾਜਿਕ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਨੌਜਵਾਨ ਪੀੜ੍ਹੀ ਨੂੰ ਪਲੇਟਫਾਰਮ ਪ੍ਰਦਾਨ ਕਰਨ ਦੇ ਉਦੇਸ਼ ਨਾਲ ਖੋਲ੍ਹਿਆ ਗਿਆ ਹੈ। ਪਹਿਲੇ ਪੜਾਅ ਵਿੱਚ ਇਸ ਬੈਂਕ ਵਿੱਚ 57 ਵਲੰਟੀਅਰ ਰਜਿਸਟਰਡ ਕੀਤੇ ਗਏ, ਜਿਨ੍ਹਾਂ ਵਿੱਚੋਂ ਜ਼ਿਆਦਾਤਰ 16 ਤੋਂ 22 ਸਾਲ ਦੀ ਉਮਰ ਦੇ ਹਨ ਅਤੇ ਜ਼ਿਲ੍ਹੇ ਦੇ ਵੱਖ-ਵੱਖ ਸੀਨੀਅਰ ਸੈਕੰਡਰੀ ਸਕੂਲਾਂ ਅਤੇ ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਦੇ ਵਿਦਿਆਰਥੀ ਹਨ।
ਇਹ ਵਲੰਟੀਅਰ ਸਰਕਾਰੀ ਹਸਪਤਾਲਾਂ ਵਿੱਚ ਜਾ ਕੇ ਮਰੀਜ਼ਾਂ ਨੂੰ ਸੰਭਾਲਣ ਵਿੱਚ ਮਦਦ ਕਰਦੇ ਹਨ। ਵਲੰਟੀਅਰ ਬਿਰਧ ਆਸ਼ਰਮਾਂ ਵਿੱਚ ਜਾ ਕੇ ਬਜ਼ੁਰਗਾਂ ਦੀ ਸੇਵਾ ਵੀ ਕਰਦੇ ਹਨ। ਇਸ ਦੇ ਨਾਲ ਹੀ ਸਟਾਫ ਦੀ ਕਮੀ ਨੂੰ ਦੂਰ ਕਰਨ ਲਈ ਉਹ ਕੰਮ ਵਿਚ ਮਦਦ ਕਰਦੇ ਹਨ। ਉਨ੍ਹਾਂ ਨੂੰ ਐਮਰਜੈਂਸੀ ਵਿੱਚ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਤੋਂ ਲੈ ਕੇ ਡੇਂਗੂ ਵਰਗੀਆਂ ਭਿਆਨਕ ਬਿਮਾਰੀਆਂ ਦੀ ਰੋਕਥਾਮ ਲਈ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਪ੍ਰੋਗਰਾਮ ਦੀ ਕੋ-ਆਰਡੀਨੇਟਰ ਸਰਕਾਰੀ ਸਕੂਲ ਦੀ ਅਧਿਆਪਕਾ ਜਸਪ੍ਰੀਤ ਕੌਰ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ 24 ਘੰਟਿਆਂ ‘ਚ ਦੂਜੀ ਵਾਰ ਆਇਆ ਡਰੋਨ, BSF ਨੇ ਫਾਇਰਿੰਗ ਕਰਕੇ ਹੈਰੋਇਨ ਕੀਤੀ ਬਰਾਮਦ
ਜਸਪ੍ਰੀਤ ਕੌਰ ਨੇ ਕਿਹਾ ਕਿ ਸਾਰੇ ਵਿਦਿਆਰਥੀਆਂ ਨੂੰ ਅਜਿਹੇ ਪ੍ਰੋਗਰਾਮ ਨਾਲ ਜੁੜਨਾ ਚਾਹੀਦਾ ਹੈ, ਤਾਂ ਜੋ ਬੱਚਿਆਂ ਨੂੰ ਬਾਹਰੀ ਦੁਨੀਆਂ ਬਾਰੇ ਅਤੇ ਹੋਰ ਵੀ ਕਈ ਤਰ੍ਹਾਂ ਦੀ ਜਾਣਕਾਰੀ ਮਿਲ ਸਕੇ। ਇਹ ਬੱਚਿਆਂ ਨੂੰ ਚੰਗੇ ਸਮਾਜ ਵੱਲ ਲੈ ਜਾਵੇਗਾ। ਸਿਵਲ ਸਰਜਨ ਡਾ: ਵਰਿੰਦਰਜੀਤ ਕੌਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਜਿੱਥੇ ਨੌਜਵਾਨ ਪੀੜ੍ਹੀ ਨੂੰ ਚੰਗੀ ਸਿੱਖਿਆ ਮਿਲ ਰਹੀ ਹੈ। ਇਸ ਦੇ ਨਾਲ ਹੀ ਵਲੰਟੀਅਰ ਸਿਹਤ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਦੇ ਕੇ ਕੰਮ ਵਿੱਚ ਮਦਦ ਕਰ ਰਹੇ ਹਨ। ਇਸ ਨਾਲ ਉਨ੍ਹਾਂ ਨੂੰ ਕਾਫੀ ਫਾਇਦਾ ਹੋ ਰਿਹਾ ਹੈ।
ਬੈਂਕ ਦਾ ਰਸਮੀ ਉਦਘਾਟਨ ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਪ੍ਰਨੀਤ ਸ਼ੇਰਗਿੱਲ ਨੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਸ਼ਾਮਲ ਕੀਤਾ ਗਿਆ ਹੈ, ਜੋ ਸਮਾਜ ਸੇਵਾ ਕਰਦੇ ਹਨ। ਜੋ ਵਲੰਟੀਅਰ ਰੋਜ਼ਾਨਾ ਇਸ ਬੈਂਕ ਵਿੱਚ ਆਪਣਾ ਕੰਮ ਦਰਜ ਕਰਵਾਉਣਗੇ, ਉਨ੍ਹਾਂ ਦੀ ਪਾਸਬੁੱਕ ਵਿੱਚ ਦਰਜ ਕੀਤਾ ਜਾਵੇਗਾ। ਪਾਸਬੁੱਕ ਵਿੱਚ 15 ਘੰਟੇ ਬੀਤ ਜਾਣ ਤਾਂ ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਜਾਣਗੇ। ਇਹ ਸਰਟੀਫਿਕੇਟ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਲਈ ਅਪਲਾਈ ਕਰਨ ਅਤੇ ਨੌਕਰੀ ਲਈ ਇੰਟਰਵਿਊ ਦੌਰਾਨ ਵੀ ਮਦਦ ਕਰੇਗਾ।
ਵੀਡੀਓ ਲਈ ਕਲਿੱਕ ਕਰੋ -: