DC of Rupnagar : ਰੂਪਨਗਰ : ਪੂਰੇ ਭਾਰਤ ‘ਚ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਵੈਕਸੀਨ ਲਗਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਸਿਹਤ ਵਿਭਾਗ ਤੋਂ ਬਾਅਦ ਅੱਜ ਹੋਰ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਹ ਵੈਕਸੀਨ ਲਗਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਅੱਜ ਰੂਪਨਗਰ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ ਨੇ ਸਥਾਨਕ ਸਿਵਲ ਹਸਪਤਾਲ ਵਿਖੇ ਪਹੁੰਚ ਕੇ ਇਹ ਵੈਕਸੀਨ ਲਗਵਾਈ। ਇਸ ਮੌਕੇ ਸ਼੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਮਾਰਚ 2020 ਤੋਂ ਅਸੀਂ ਕਰੋਨਾ ਮੋਹਾਂਮਾਰੀ ਨਾਲ ਜੂਝ ਰਹੇ ਹਾਂ, ਪਰ ਇਸ ਨਵੇਂ ਸਾਲ ਦੇ ਸ਼ੁਰੂ ਵਿਚ ਇਹ ਇਕ ਚੰਗੀ ਸ਼ੁਰੂਆਤ ਹੋਈ ਹੈ ਅਤੇ ਹੁਣ ਇਸ ਬਿਮਾਰੀ ਤੋਂ ਬਚਾਅ ਲਈ ਵੈਕਸੀਨ ਤਿਆਰ ਹੋ ਕੇ ਲੋਕਾਂ ਤੱਕ ਪਹੁੰਚ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਕੋਰੋਨਾਵਾਇਰਸ ਨੂੰ ਰੋਕਣ ਲਈ ਇਸ ਮੁਹਿੰਮ ਵਿਚ ਹਿੱਸੇਦਾਰ ਬਣਨਾ ਚਾਹੀਦਾ ਹੈ। ਲੋਕਾਂ ਨੂੰ ਟੀਕਾਕਰਨ ਸਬੰਧੀ ਕਿਸੇ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਕਰਦਿਆਂ ਕਿਹਾ ਕਿ ਇਹ ਟੀਕਾ ਪੂਰੀ ਤਰਾਂ ਨਾਲ ਸੁਰੱਖਿਅਤ ਹੈ। ਅਸੀਂ ਭਰੋਸਾ ਦਿਵਾਉਣਾ ਚਾਹੁੰਦੇ ਹਾਂ ਕਿ ਲੋਕਾਂ ਨੂੰ ਡਰਨ ਦੀ ਕੋਈ ਜ਼ਰੂਰਤ ਨਹੀਂ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੂਪਨਗਰ ’ਚ ਪਹਿਲਾਂ ਵੈਕਸੀਨ ਸਿਵਲ ਸਰਜਨ, ਸਿਹਤ ਵਿਭਾਗ ਦੇ ਡਾਕਟਰਾਂ ਤੇ ਹੋਰ ਕੋਵਿਡ-19 ਦੌਰਾਨ ਮੁਹਰਲੇ ਖੇਤਰ ’ਚ ਕੰਮ ਕਰਨ ਵਾਲੇ ਸਿਹਤ ਵਿਭਾਗ ਦੇ ਯੋਧਿਆਂ ਵੱਲੋਂ ਲਗਵਾਈ ਗਈ ਹੈ। ਹੁਣ ਹੋਰ ਵਿਭਾਗਾਂ ਦੇ ਫਰੰਟ ਲਾਈਨ ਯੋਧਿਆਂ ਨੂੰ ਇਹ ਵੈਕਸੀਨ ਲਗਾਈ ਜਾਵੇਗੀ। ਉਨ੍ਹਾਂ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਰਜਿਸਟ੍ਰੇਸ਼ਨ ਕਰਾਉਣ ਉਪਰੰਤ ਕੋਵਿਡ-19 ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦਵਾਈ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ। ਕੋਰੋਨਾਵਾਇਰਸ ਨੂੰ ਰੋਕਣ ਲਈ ਟੀਕਾਕਰਨ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਹਦਾਇਤਾਂ ਮੁਤਾਬਿਕ ਵੱਖ-ਵੱਖ ਸਿਹਤ ਸੰਸਥਾਵਾਂ ਵਿਖੇ ਟੀਕਾਕਰਨ ਦੀ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ।ਇਸ ਦੌਰਾਨ ਪੁਲਿਸ ਵਿਭਾਗ ਅਤੇ ਮਾਲ ਵਿਭਾਗ ਦੇ ਕਈ ਕਰਮਚਾਰੀਆਂ ਵੱਲੋਂ ਵੀ ਟੀਕਾਕਰਨ ਕਰਵਾਇਆ ਗਿਆ।
ਇਸ ਮੌਕੇ ਸਿਵਲ ਸਰਜਨ ਵੱਲੋਂ ਉਨ੍ਹਾਂ ਨੂੰ ਵੈਕਸੀਨੇਸ਼ਨ ਲਾਭਪਾਤਰੀ ਦਾ ਸਰਟੀਫਿਕੇਟ ਦਿੱਤਾ ਗਿਆ। ਇਸ ਦੋਰਾਨ ਸੀਨੀਅਰ ਮੈਡੀਕਲ ਅਫਸਰ ਇੰਚਾਰਜ ਸਿਵਲ ਹਸਪਤਾਲ ਰੂਪਨਗਰ ਡਾ. ਤਰਸੇਮ ਸਿੰਘ, ਜਿਲ੍ਹਾ ਟੀਕਾਕਰਨ ਅਫਸਰ ਡਾ. ਜ਼ਸਕਿਰਨਦੀਪ ਕੋਰ ਰੰਧਾਵਾ, ਡਾ. ਪਵਨ ਕੁਮਾਰ ਸੀਨੀਅਰ ਮੈਡੀਕਲ ਅਫਸਰ ਅਤੇ ਸਬੰਧਤ ਸਟਾਫ ਮੈਂਬਰ ਹਾਜ਼ਰ ਸਨ।