DC orders increase in vigilance : ਸੰਗਰੂਰ ਜ਼ਿਲੇ ’ਚ ਜ਼ਿਲਾ ਮੈਜਿਸਟ੍ਰੇਟ ਵੱਲੋਂ ਬਾਹਰਲੇ ਸੂਬਿਆਂ ਜਾਂ ਦੇਸ਼ਾਂ ਤੋਂ ਸੜਕ ਤੇ ਰੇਲ ਰਾਹੀਂ ਆਏ ਲੋਕਾਂ ਨੂੰ ਇਕਾਂਤਵਾਸ ਵਿਚ ਰਖਣ ਅਤੇ ਇਕਾਂਤਵਾਸ ਦੇ ਨਿਯਮਾਂ ਦੀ ਪਾਲਣਾ ਨੂੰ ਯਕਨੀਬਣਾਉਣ ਲਈ ਸਿਹਤ ਅਧਿਕਾਰੀਆਂ ਨੂੰ ਚੌਕਸੀ ਟੀਮਾਂ ਦੀ ਗਿਣਤੀ ਵਧਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਬਾਰੇ ਜ਼ਿਲਾ ਮੈਜਿਸਟ੍ਰੇਟ ਘਣਸ਼ਿਆਮ ਥੋਰੀ ਨੇ ਕਿਹਾ ਕਿ ਜ਼ਿਲੇ ਵਿਚ ਬਲਾਕ ਪੱਧਰ ’ਤੇ 14 ਅਤੇ ਸੈਕਟਰ ਪੱਧਰ ’ਤੇ 202 ਟੀਮਾਂ ਕਾਰਜਸ਼ੀਲ ਹਨ।
ਉਨ੍ਹਾਂ ਕਿਹਾ ਕਿ ਭਾਰਤ ਸਰਾਕਰ ਦੇ ਗ੍ਰਹਿ ਮੰਤਰਾਲਾ ਅਤੇ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਤੋਂ ਪ੍ਰਾਪਤ ਹਿਦਾਇਤਾਂ ਮੁਤਾਬਕ ਅੰਤਰਰਾਜੀ ਅਤੇ ਸੂਬੇ ਵਿਚ ਲੋਕਾਂ, ਵਾਹਨਾਂ ਦੀ ਆਵਾਜਾਈ ਖੋਲ੍ਹਣ ਕਾਰਨ ਪੰਜਾਬ ਸੂਬੇ ਵਿਚ ਸੜਕ, ਰੇਲ ਤੇ ਹਵਾਈ ਜਹਾਜ਼ ਰਾਹੀਂ ਵੱਡੀ ਗਿਣਤੀ ਵਿਚ ਲੋਕਾਂ ਦੇ ਆਉਣ ਦੀ ਸੰਭਾਵਨਾ ਹੈ। ਇਨ੍ਹਾਂ ਲੋਕਾਂ ਨੂੰ ਡਾਕਟਰੀ ਮਾਹਿਰਾਂ ਦੀ ਰਾਏ ਮੁਤਾਬਕ ਘਰ ਵਿਚ ਕੁਆਰੰਟਾਈਨ ਕਰਨਾ ਜ਼ਰੂਰੀ ਹੈ। ਇਨ੍ਹਾਂ ਹਾਲਾਤਾਂ ਦੇ ਮੱਦੇਨਜ਼ਰ ਹੀ ਜ਼ਿਲੇ ਵਿਚ ਸਿਹਤ ਵਿਭਾਗ ਦੀ ਰੈਪਿਡ ਰਿਸਪਾਂਸ ਟੀਮਾਂ ਵਧਾਉਣ ਦੇ ਹੁਕਮ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਇਹ ਟੀਮਾਂ ਸਿਹਤ ਵਿਭਾਗ ਵਲੋਂ ਜਾਰੀ ਹਿਦਾਇਤਾਂ ਮੁਤਾਬਕ ਕੁਆਰੰਟਾਈਨ ਕੀਤੇ ਲੋਕਾਂ ਦੀ ਬਾਕਾਇਦਾ ਚੈਕਿੰਗ ਕਰਨਗੀਆਂ ਅਤੇ ਇਕਾਂਤਵਾਸ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਉਣ ਲਈ ਪੁਲਿਸ ਦੇ ਨਾਲ ਸੰਪਰਕ ਵਿਚ ਰਹਿਣਗੀਆੰ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਿਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਘਰੋਂ ਨਿਕਲਦੇ ਸਮੇਂ ਮਾਸਕ ਜ਼ਰੂਰ ਪਹਿਨਿਆ ਜਾਵੇ, ਵਾਰ-ਵਾਰ ਹੱਥ ਧੋਣ ਦੀ ਪ੍ਰਕਿਰਿਆ ਅਮਲ ਵਿਚ ਲਿਆਈ ਜਾਵੇ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ।