ਕੇਂਦਰ ਸਰਕਾਰ ਖਿਲਾਫ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਚੱਲੇ ਕਿਸਾਨ ਅੰਦੋਲਨ ਦੌਰਾਨ ਦਰਜ 17 ਮਾਮਲਿਆਂ ਨੂੰ ਅਰਵਿੰਦ ਕੇਜਰੀਵਾਲ ਵਾਲੀ ਦਿੱਲੀ ਸਰਕਾਰ ਨੇ ਵਾਪਸ ਲੈਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਵਿੱਚ ਇੱਕ ਮਾਮਲਾ ਪਿਛਲੇ ਸਾਲ 26 ਜਨਵਰੀ ਨੂੰ ਦਿੱਲੀ ਦੇ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਨਾਲ ਵੀ ਜੁੜਿਆ ਹੈ।
ਇੱਕ ਸੀਨੀਅਰ ਸਰਕਾਰੀ ਅਧਿਕਾਰੀ ਨੇ ਕਿਹਾ ਕਿ ਉਪਰਾਜਪਾਲ ਅਨਿਲ ਬੈਜਲ ਦੇ ਦਫਤਰ ਵੱਲੋਂ ਗ੍ਰਹਿ ਮੰਤਰੀ ਸੱਤਿਏਂਦਰ ਜੈਨ ਨੂੰ 31 ਜਨਵਰੀ ਨੂੰ ਭੇਜੀ ਗਈ ਮਾਮਲਿਆਂ ਨਾਲ ਸਬੰਧਤ ਫਾਈਲ ਨੂੰ ਸੋਮਵਾਰ ਨੂੰ ਕਾਨੂੰਨ ਵਿਭਾਗ ਦੀ ਰਾਏ ਲੈਣ ਤੋਂ ਬਾਅਦ ਮਨਜ਼ੂਰੀ ਦੇ ਦਿੱਤੀ ਗਈ।
ਜ਼ਿਕਰਯੋਗ ਹੈ ਕਿ ਦਿੱਲੀ ਪੁਲਿਸ ਨੇ ਨਵੰਬਰ 2020 ਤੋਂ ਦਸੰਬਰ 2021 ਦੌਰਾਨ ਦਰਜ ਕੀਤੇ ਗਏ 54 ਮਾਮਲਿਆਂ ਵਿੱਚੋਂ 17 ਨੂੰ ਵਾਪਿਸ ਲੈਣ ਦਾ ਫੈਸਲਾ ਕੀਤਾ ਸੀ। ਇਸ ਵਿੱਚ ਲਗਭਗ 200-300 ਪ੍ਰਦਰਸ਼ਨਕਾਰੀਆਂ ਤੇ 25 ਟਰੈਕਟਰਾਂ ਦੇ ਲਾਹੌਰੀ ਗੇਟ ਰਾਹੀਂ ਲਾਲ ਕਿਲ੍ਹੇ ਪਹੁੰਚਣ ਦਾ ਮਾਮਲਾ ਵੀ ਸ਼ਾਮਲ ਹੈ, ਜਿਸ ਦੇ ਚੱਲਦੇ ਟਿਕਟ ਕਾਊੰਟਰਾਂ ਤੇ ਸੁਰੱਖਿਆ ਜਾਂਚ ਉਪਕਰਨਾਂ ਨੂੰ ਨੁਕਸਾਨ ਹੋਇਆ ਸੀ।
ਇਸ ਤੋਂ ਇਲਾਵਾ 150-175 ਟਰੈਕਟਰਾਂ ‘ਤੇ ਸਵਾਰ ਹੋ ਕੇ ਉੱਤਰ ਪ੍ਰਦੇਸ਼ ਦੇ ਲੋਨੀ ਤੋਂ ਦਿੱਲੀ ਵਿੱਚ ਦਾਖਲ ਹੋਣ ਵਾਲੇ ਕਿਸਾਨਾਂ ਖਿਲਾਫ ਉੱਤਰ-ਪੂਰਬੀ ਦਿੱਲੀ ਦੇ ਜੋਤੀ ਨਗਰ ਪੁਲਿਸ ਥਾਣੇ ਵਿੱਚ ਇੱਕ ਮਾਮਲਾ ਦਰਜ ਕੀਤਾ ਗਿਆ ਸੀ। ਦੋਸ਼ ਹੈ ਕਿ ਉਨ੍ਹਾਂ ਕਿਸਾਨਾਂ ਨੇ ਪੁਲਿਸ ਮੁਲਾਜ਼ਮਾਂ ਦੀਆਂ ਡਿਊਟੀਆਂ ਵਿੱਚ ਰੁਕਾਵਟ ਪਾਈ ਤੇ ਉਨ੍ਹਾਂ ‘ਤੇ ਹਮਲਾ ਕੀਤਾ।
ਜ਼ਿਆਦਾਤਰ ਮਾਮਲੇ ਦਿੱਲੀ ਦੇ ਸਿੰਘੂ, ਟਿਕਰੀ ਤੇ ਗਾਜੀਪੁਰ ਬਾਰਡਰ ‘ਤੇ ਖੇਤੀ ਕਾਨੂੰਨਾਂ ਖਿਲਾਫ ਇੱਕ ਸਾਲ ਤੱਕ ਚੱਲੇ ਕਿਸਾਨ ਅੰਦੋਲਨ ਦੌਰਾਨ ਕੋਵਿਡ-19 ਨਿਯਮਾਂ ਤੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਨਾਲ ਸਬੰਧਤ ਹਨ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਦੱਸ ਦੇਈਏ ਕਿ ਕਿਸਾਨਾਂ ਨੇ ਸੰਸਦ ਵੱਲੋਂ ਪਾਸ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਲਈ ਨਵੰਬਰ 2020 ਵਿੱਚ ਦਿੱਲੀ ਦੀਆਂ ਸਰਹੱਦਾਂ ‘ਤੇ ਅੰਦੋਲਨ ਕੀਤਾ ਸੀ ਤੇ ਕਾਨੂੰਨ ਵਾਪਿਸ ਲਏ ਜਾਣ ਤੋਂ ਬਾਅਦ ਦਸੰਬਰ 2021 ਵਿੱਚ ਅੰਦੋਲਨ ਖਤਮ ਕਰ ਦਿੱਤਾ ਸੀ।