ਚੰਡੀਗੜ੍ਹ : ਪੰਜਾਬ ਵਿਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਅਤੇ ਵਿਧਾਨ ਸਭਾ ਚੋਣਾਂ 14 ਫਰਵਰੀ, 2022 ਨੂੰ ਹੋਣੀਆਂ ਹਨ ਤੇ ਨਤੀਜੇ 10 ਮਾਰਚ, 2022 ਨੂੰ ਐਲਾਨੇ ਜਾਣਗੇ। ਇਸੇ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਵੀਕੇ ਭਾਵਰਾ ਨੇ ਸੂਬੇ ਵਿੱਚ ਨਸ਼ਿਆਂ ਦੀ ਆਮਦ ਨੂੰ ਠੱਲ੍ਹ ਪਾਉਣ ਲਈ ਵੱਖ-ਵੱਖ ਰਾਜਾਂ ਦੀ ਪੁਲਿਸ ਅਤੇ ਖੁਫੀਆ ਏਜੰਸੀਆਂ ਦਰਮਿਆਨ ਵਧੇਰੇ ਤਾਲਮੇਲ ਬਣਾਉਣ ਦਾ ਸੱਦਾ ਦਿੱਤਾ ਹੈ।
ਡੀਜੀਪੀ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨਸਿ਼ਆਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਕੀਤੀ ਉੱਚ ਪੱਧਰੀ ਤਾਲਮੇਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਹ ਮੀਟਿੰਗ ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ-ਕਮ-ਰਾਜ ਪੁਲਿਸ ਨੋਡਲ ਅਫਸਰ ਫਾਰ ਇਲੈਕਸ਼ਨਜ਼, ਪੰਜਾਬ ਵੱਲੋਂ ਕਰਵਾਈ ਗਈ ਸੀ। ਏਡੀਜੀਪੀ ਸ਼੍ਰੀ ਆਰਐਨ ਢੋਕੇ ਅਤੇ ਏਡੀਜੀਪੀ ਨਰੇਸ਼ ਅਰੋੜਾ ਵੀ ਮੀਟਿੰਗ ਵਿੱਚ ਮੌਜੂਦ ਸਨ। ਇਸ ਮੀਟਿੰਗ ਵਿੱਚ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ), ਸੀਮਾ ਸੁਰੱਖਿਆ ਬਲ (ਬੀਐੱਸਐੱਫ), ਦਿੱਲੀ ਪੁਲਿਸ, ਹਰਿਆਣਾ ਪੁਲਿਸ, ਹਿਮਾਚਲ ਪ੍ਰਦੇਸ਼ ਪੁਲਿਸ, ਰਾਜਸਥਾਨ ਪੁਲਿਸ, ਚੰਡੀਗੜ੍ਹ ਪੁਲਿਸ,ਮੱਧ ਪ੍ਰਦੇਸ਼ ਪੁਲਿਸ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਨੁਮਾਇੰਦਿਆਂ ਵੀ ਹਾਜ਼ਰ ਸਨ।
ਮੀਟਿੰਗ ਵਿੱਚ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਹਰਿਆਣਾ, ਉੱਤਰਾਖੰਡ ਅਤੇ ਯੂਟੀ ਚੰਡੀਗੜ੍ਹ ਆਦਿ ਰਾਜਾਂ ਦੇ ਮੁੱਖ ਡਰੱਗ ਕੰਟਰੋਲਰਾਂ ਨੇ ਵੀ ਹਿੱਸਾ ਲਿਆ। ਮੀਟਿੰਗ ਦੌਰਾਨ, ਸਾਰੇ ਗੁਆਂਢੀ ਰਾਜਾਂ ਅਤੇ ਏਜੰਸੀਆਂ ਨੇ ਨੋਡਲ ਅਫਸਰ ਨਿਯੁਕਤ ਕਰਨ ਦਾ ਫੈਸਲਾ ਲਿਆ ਹੈ। ਇਹ ਨੋਡਲ ਅਫਸਰ ਨਸ਼ਿਆਂ ਸਬੰਧੀ ਕਿਸੇ ਵੀ ਜਾਣਕਾਰੀ/ਖੁਫੀਆ ਜਾਣਕਾਰੀ ਨੂੰ ਫੌਰੀ ਤੌਰ `ਤੇ ਸਾਂਝਾ ਕਰਨ ਲਈ ਆਪਣੇ ਮੋਬਾਈਲ ਨੰਬਰ ਆਪਸ ਵਿੱਚ ਸਾਂਝੇ ਕਰਨਗੇ ਅਤੇ ਇੱਕ ਵਟਸਐਪ ਗਰੁੱਪ ਵੀ ਬਣਾਉਣਗੇ ਤਾਂ ਜੋ ਨਸਿ਼ਆਂ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਜਲਦ ਹੀ ਕਾਬੂ ਕੀਤਾ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:
Maggi Pancake | Easy Breakfast Recipe | Quick And Easy Recipe |
ਐਨਸੀਬੀ ਅਥਾਰਟੀ ਵਲੋਂ ਪੰਜਾਬ ਵਿੱਚ 28 ਟੀਮਾਂ (ਹਰੇਕ ਜ਼ਿਲ੍ਹੇ ਵਿੱਚ ਇੱਕ ਟੀਮ) ਪੰਜਾਬ ਪੁਲਿਸ ਨਾਲ ਤਾਲਮੇਲ ਕਰਨ ਲਈ ਤਾਇਨਾਤ ਕੀਤੀਆਂ ਜਾਣਗੀਆਂ। ਡੀਜੀਪੀ ਨੇ ਦੱਸਿਆ ਕਿ ਪਾਕਿਸਤਾਨ ਵਾਲੇ ਪਾਸਿਓਂ ਆਉਣ ਵਾਲੇ ਕੰਟੇਨਰਾਂ ਵਿੱਚ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਇੰਟੀਗ੍ਰੇਟਡ ਚੈੱਕ ਪੋਸਟ, ਅਟਾਰੀ ਵਿਖੇ ਚੈਕਿੰਗ ਤੇਜ਼ ਕਰਨ ਦੀ ਲੋੜ `ਤੇ ਜ਼ੋਰ ਦਿੱਤਾ ਅਤੇ ਗੁਆਂਢੀ ਰਾਜਾਂ ਵਲੋਂ ਅੰਤਰਰਾਜੀ ਸਰਹੱਦਾਂ ਨੂੰ ਸੀਲ ਕਰਨ ਲਈ ਵੀ ਕਿਹਾ। ਉਨ੍ਹਾਂ ਨੇ ਗਵਾਲੀਅਰ ਸਥਿਤ ਕੇਂਦਰੀ ਨਾਰਕੋਟਿਕਸ ਬਿਊਰੋ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਖੇਤਰਾਂ ਵਿੱਚ ਭੁੱਕੀ ਅਤੇ ਅਫੀਮ ਦੀ ਗੈਰ-ਕਾਨੂੰਨੀ ਸਪਲਾਈ ਦੀ ਚੈਕਿੰਗ ਨੂੰ ਯਕੀਨੀ ਬਣਾਉਣ, ਜਿੱਥੇ ਖ਼ਸਖਸ ਦੀ ਖੇਤੀ ਕੀਤੀ ਜਾਂਦੀ ਹੈ।
ਪੰਜਾਬ ਪੁਲਿਸ ਨੇ ਨਸਿ਼ਆਂ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ ਅਖ਼ਤਿਆਰ ਕੀਤੀ ਹੈ ਅਤੇ ਪੰਜਾਬ ਦੇ ਸੀਪੀਜ਼/ਐੱਸਐੱਸਪੀਜ਼ ਨੂੰ ਨਸਿ਼ਆਂ ਵਿਰੁੱਧ ਚੌਕਸੀ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਨਸਿ਼ਆਂ ਦੀ ਤਸਕਰੀ ਜਾਂ ਤਸਕਰੀ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।