DGP Sumedh Saini : ਚੰਡੀਗੜ੍ਹ : ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਮੁਅੱਤਲ ਹੋਏ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਤੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਹਾਈ ਕੋਰਟ ਨੇ ਰਾਹਤ ਦਿੱਤੀ ਹੈ। ਹਾਈ ਕੋਰਟ ਵੱਲੋਂ ਅਗਾਊਂ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਨਾਲ ਹੀ ਹਾਈ ਕੋਰਟ ਨੇ ਦੋਵਾਂ ਨੂੰ 8 ਮਾਰਚ ਨੂੰ ਫ਼ਰੀਦਕੋਟ ਕੋਰਟ ‘ਚ ਪੇਸ਼ ਹੋਣ ਦੇ ਵੀ ਨਿਰਦੇਸ਼ ਦਿੱਤੇ ਹਨ। ਇਸ ਤੋਂ ਪਹਿਲਾਂ ਹਾਈ ਕੋਰਟ ਨੇ 25 ਫਰਵਰੀ ਨੂੰ ਦੋਵਾਂ ਦੀ ਜ਼ਮਾਨਤ ਪਟੀਸ਼ਨ ‘ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਜਸਟਿਸ ਰਾਜਮੋਹਨ ਸਿੰਘ ਦੀ ਬੈਂਚ ਸਾਹਮਣੇ ਪਿਛਲੇ ਹਫ਼ਤੇ ਦੋਵਾਂ ਦੀ ਅਗਾਊਂ ਜ਼ਮਾਨਤ ਪਟੀਸ਼ਨਾਂ ‘ਤੇ ਸੁਣਵਾਈ ਚੱਲ ਰਹੀ ਸੀ, ਜੋ 25 ਫਰਵਰੀ ਨੂੰ ਖ਼ਤਮ ਹੋਈ। ਸਾਰੀਆਂ ਧਿਰਾਂ ਦੀਆਂ ਦਲੀਲਾਂ, ਸਬੂਤ ਤੇ ਮਾਮਲੇ ਨਾਲ ਜੁੜੇ ਸਾਰੇ ਦਸਤਾਵੇਜ਼ ਦੇਖਣ ਤੋਂ ਬਾਅਦ ਹਾਈ ਕੋਰਟ ਨੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।
ਪਿਛਲੇ ਸਾਲ ਪੰਜਾਬ ਪੁਲਿਸ ਦੀ SIT ਵੱਲੋਂ ਇਸ ਮਾਮਲੇ ਵਿੱਚ ਉਮਰਾਨੰਗਲ ਦਾ ਨਾਂ ਨਾਮਜ਼ਦ ਕੀਤਾ ਗਿਆ ਸੀ। ਇਸ ਸਾਲ 15 ਜਨਵਰੀ ਨੂੰ ਹੇਠਲੀ ਅਦਾਲਤ ਵਿੱਚ ਚਾਰਜਸ਼ੀਟ ਵੀ ਦਾਇਰ ਕੀਤੀ ਗਈ ਸੀ। ਇਸ ਤੋਂ ਬਾਅਦ ਉਮਰਾਨੰਗਲ ਨੇ ਗ੍ਰਿਫਤਾਰੀ ਤੋਂ ਬਚਣ ਲਈ ਫਰੀਦਕੋਟ ਜ਼ਿਲ੍ਹਾ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ। ਜ਼ਿਲ੍ਹਾ ਅਦਾਲਤ ਨੇ ਉਮਰਾਨੰਗਲ ਨੂੰ ਰਾਹਤ ਦੇਣ ਤੋਂ ਇਨਕਾਰ ਕਰਦਿਆਂ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਇਸ ਤੋਂ ਬਾਅਦ ਉਮਰਾਨੰਗਲ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਅਗਾਊਂ ਜ਼ਮਾਨਤ ਮੰਗੀ ਸੀ।
ਇਸ ਦੇ ਨਾਲ ਹੀ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ‘ਤੇ ਵੀ ਇਸ ਕੇਸ ਦਾ ਦੋਸ਼ ਹੈ। ਉਨ੍ਹਾਂ ਵਿਰੁੱਧ ਫਰੀਦਕੋਟ ਜ਼ਿਲ੍ਹਾ ਅਦਾਲਤ ਵਿੱਚ ਕੇਸ ਚੱਲ ਰਿਹਾ ਹੈ। ਸੈਣੀ ਨੇ ਇਸ ਤੋਂ ਪਹਿਲਾਂ ਇਸੇ ਕੇਸ ਵਿੱਚ ਅਗਾਊਂ ਜ਼ਮਾਨਤ ਲਈ ਫਰੀਦਕੋਟ ਜ਼ਿਲ੍ਹਾ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਜ਼ਿਲ੍ਹਾ ਅਦਾਲਤ ਨੇ 12 ਫਰਵਰੀ ਨੂੰ ਖਾਰਜ ਕਰ ਦਿੱਤਾ ਸੀ। ਇਸ ਤੋਂ ਬਾਅਦ ਸੈਣੀ ਨੇ ਜ਼ਮਾਨਤ ਦੀ ਮੰਗ ਕਰਦਿਆਂ ਹਾਈ ਕੋਰਟ ਵਿੱਚ ਪਟੀਸ਼ਨ ਵੀ ਦਾਇਰ ਕੀਤੀ ਹੈ।