ਪੰਚਾਇਤੀ ਜ਼ਮੀਨਾਂ ‘ਤੇ ਕਬਜ਼ਿਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਸਖਤ ਹੋ ਗਈ ਹੈ। ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਹਦਾਇਤ ਕੀਤੀ ਹੈ ਕਿ ਸੂਬੇ ਭਰ ਵਿਚ ਸਰਕਾਰੀ ਪੰਚਾਇਤੀ ਜ਼ਮੀਨਾਂ ‘ਤੇ ਹੋਏ ਨਾਜਾਇਜ਼ ਕਬਜ਼ਿਆਂ ਨੂੰ 10 ਜੂਨ ਤੱਕ ਛੁਡਾਇਆ ਜਾਵੇ। ਇਸ ਦੌਰਾਨ ਕਿਸੇ ਵੀ ਰਸੂਖਦਾਰ ਵਿਅਕਤੀ ਜਾਂ ਸਿਆਸੀ ਆਗੂ ਦੀ ਕੋਈ ਸਿਫਾਰਸ਼ ਨਹੀਂ ਮੰਨੀ ਜਾਵੇਗੀ।
ਪਿਛਲੇ ਸਾਲ ਪਹਿਲੇ ਪੜਾਅ ਦੌਰਾਨ 9400 ਏਕੜ ਦੇ ਕਰੀਬ ਸਰਕਾਰੀ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ ਜਾ ਚੁੱਕਾ ਹੈ ਉਥੇ ਹੀ ਦੂਜੇ ਪੜਾਅ ਵਿਚ ਹੁਣ ਤੱਕ 469 ਏਕੜ ਹੋਰ ਸਰਕਾਰੀ ਪੰਚਾਇਤੀ ਜ਼ਮੀਨਾਂ ਨਾਜਾਇਜ਼ ਕਾਬਜ਼ਕਾਰਾਂ ਤੋਂ ਛੁਡਵਾਈਆਂ ਜਾ ਚੁੱਕੀਆਂ ਹਨ।
ਮੰਤਰੀ ਧਾਲੀਵਾਲ ਨੇ ਅੱਜ ਸੂਬੇ ਦੇ ਸਮੂਹ ਡੀਡੀਪੀਓਜ਼ ਨਾਲ ਮੀਟਿੰਗ ਕੀਤੀ ਅਤੇ ਕਿਹਾ ਕਿ ਧਾਲੀਵਾਲ ਨੇ ਕਿਹਾ ਕਿ ਅਦਾਲਤ ਵੱਲੋਂ ਸਟੇਅ ਲਾਈਆਂ ਜ਼ਮੀਨਾਂ ਤੋਂ ਇਲਾਵਾ ਜਿਹੜੀਆਂ ਜ਼ਮੀਨਾਂ ‘ਤੇ ਹਾਲੇ ਤੱਕ ਨਾਜਾਇਜ਼ ਕਬਜ਼ੇ ਕਰਕੇ ਬੈਠੇ ਹੋਏ ਹਨ, ਉਨ੍ਹਾਂ ਤੋਂ ਕਬਜ਼ਾ ਹਰ ਹਾਲ 10 ਜੂਨ ਤੱਕ ਲਿਆ ਜਾਵੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਸਾਫ ਹਦਾਇਤਾਂ ਹਨ ਕਿ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਇਸੇ ਸੋਚ ਤਹਿਤ ਕਿਸੇ ਵੀ ਸ਼ਾਮਲਾਤ ਜ਼ਮੀਨ ਦੀ ਬੋਲੀ ਦੌਰਾਨ ਕਿਸੇ ਰਸੂਖਦਾਰ ਵਿਅਕਤੀ ਜਾਂ ਸਿਆਸੀ ਆਗੂ ਦੀ ਕੋਈ ਸਿਫਾਰਸ਼ ਨਾ ਮੰਨੀ ਜਾਵੇ। ਹਰੇਕ ਜ਼ਮੀਨ ਦੀ ਬੋਲੀ ਪਾਰਦਰਸ਼ੀ ਤਰੀਕੇ ਅਤੇ ਬਿਨਾਂ ਕਿਸੇ ਸਿਫਾਰਸ਼ ਦੇ ਕਰਵਾਈ ਜਾਵੇ।
ਉਨ੍ਹਾਂ ਕਿਹਾ ਕਿ ਸ਼ਾਮਲਾਤ ਜ਼ਮੀਨਾਂ ਦੀ ਬੋਲੀ ਲਈ ਹੁਣ ਘੱਟੋਂ-ਘੱਟ 15 ਹਜ਼ਾਰ ਰੁਪਏ ਦੀ ਰਕਮ ਮਿੱਥੀ ਜਾਵੇਗੀ ਅਤੇ ਸਫਲ ਬੋਲੀਕਾਰ ਕੋਲੋਂ ਜ਼ਮੀਨ ਦਾ ਠੇਕਾ ਨਗਦ ਭਰਵਾਇਆ ਜਾਵੇਗਾ। ਉਨ੍ਹਾਂ ਇਸ ਗੱਲ ਦਾ ਗੰਭੀਰ ਨੋਟਿਸ ਲਿਆ ਕਿ ਸੂਬੇ ਵਿਚ ਬਹੁਤ ਸਾਰੀਆਂ ਸ਼ਾਮਲਾਤ ਜ਼ਮੀਨਾਂ ਨਿਗੂਣੇ ਜਿਹੇ ਠੇਕੇ ‘ਤੇ ਦੇ ਦਿੱਤੀਆਂ ਜਾਂਦੀਆਂ ਹਨ, ਜਿਸ ਸਦਕਾ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਜਿਹੜੀਆਂ ਜ਼ਮੀਨਾਂ ਕਿਸੇ ਕਾਰਣ ਠੇਕੇ ਉੱਤੇ ਨਾ ਚੜ੍ਹ ਸਕੀਆਂ, ਅਜਿਹੀਆਂ ਸਾਰੀਆਂ ਜ਼ਮੀਨਾਂ ‘ਤੇ 1 ਜੁਲਾਈ ਤੋਂ ਜੰਗਲ ਲਾਉਣ ਦੀ ਸ਼ੁਰੂਆਤ ਕੀਤੀ ਜਾਵੇਗੀ, ਤਾਂਜੋ ਇਕ ਤਾਂ ਮਗਨਰੇਗਾ ਤਹਿਤ ਕੰਮ ਕਰਨ ਵਾਲੇ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਦੂਜਾ ਇਹ ਵਾਤਾਵਰਣ ਸ਼ੁੱਧ ਹੋਣ ਵਿੱਚ ਮਦ ਮਿਲੇਗੀ।
ਇਹ ਵੀ ਪੜ੍ਹੋ : ਪੰਜਾਬ ਬਣੇਗਾ ਈਕੋ-ਫ੍ਰੈਂਡਲੀ! ਇਸ ਜ਼ਿਲ੍ਹੇ ‘ਚ ਨਵੀਂ ਪਹਿਲ, ਸੇਵਾ ਕੇਂਦਰਾਂ ‘ਤੇ SMS ਰਾਹੀਂ ਮਿਲਣਗੀਆਂ ਰਸੀਦਾਂ
ਧਾਲੀਵਾਲ ਕਿਹਾ ਕਿ ਪੰਜਾਬ ਦੇ ਕਿਸੇ ਵੀ ਇਲਾਕੇ ਵਿਚ ਕੱਟੀਆਂ ਕਾਲੋਨੀਆਂ ਵਿਚ ਜੋ ਸਰਕਾਰੀ ਰਸਤੇ ਜਾਂ ਖਾਲ ਆਏ ਹਨ, ਉਨ੍ਹਾਂ ਦੇ ਪੈਸੇ ਸਬੰਧਤ ਕਾਲੋਨੀ ਮਾਲਕਾਂ ਜਾਂ ਜੋ ਵੀ ਇਸ ਦਾ ਦੇਣਦਾਰ ਹੈ, ਉਸ ਤੋਂ ਹਰ ਹਾਲ 20 ਵਿੱਚ ਜੂਨ ਤੱਕ ਭਰਵਾਏ ਜਾਣ। ਇਸ ਸਬੰਧੀ ਅਣਗਹਿਲੀ ਕਰਨ ਵਾਲੇ ਅਧਿਕਾਰੀ ‘ਤੇ ਵਿਭਾਗੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: