ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਹਾਰ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫੇ ਦੀ ਪੇਸ਼ਕਸ਼ ਕੀਤੀ ਗਈ ਸੀ, ਜਿਸ ਨੂੰ ਪਾਰਟੀ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਨੇ ਰੱਦ ਕਰ ਦਿੱਤਾ।
ਪਾਰਟੀ ਪ੍ਰਧਾਨ ਸੁਖਬੀਰ ਬਾਦਲ ਜਿਨ੍ਹਾਂ ਨੇ ਕੱਲ੍ਹ ਤੇ ਅੱਜ ਜ਼ਿਲ੍ਹਾ ਪ੍ਰਧਾਨਾਂ ਤੇ ਸੀਨੀਅਰ ਲੀਡਰਸ਼ਿਪ ਨਾਲ ਮੀਟਿੰਗਾਂ ਕੀਤੀਆਂ। ਉਹਨਾਂ ਕਿਹਾ ਕਿ ਪਾਰਟੀ ਅਤੇ ਇਸ ਦੀ ਭਲਾਈ ਉਹਨਾਂ ਲਈ ਸਭ ਤੋਂ ਉਪਰ ਹੈ। ਉਹਨਾਂ ਕਿਹਾ ਕਿ ਮੈਂ ਹਮੇਸ਼ਾ ਆਪਣੇ ਵੱਲੋਂ ਪਾਰਟੀ ਦੇ ਬਿਹਤਰ ਹਿੱਤਾਂ ਲਈ ਕੰਮ ਕੀਤਾ। ਮੈਂ ਪਾਰਟੀ ਦੀ ਹਾਰ ਦੀ ਨੈਤਿਕ ਜ਼ਿੰਮੇਵਾਰੀ ਲੈਂਦਾ ਹਾਂ ਤੇ ਮੈਂ ਅਸਤੀਫਾ ਦੇਣ ਲਈ ਤਿਆਰ ਹਾਂ।
ਪਾਰਟੀ ਲੀਡਰਸ਼ਿਪ ਨੇ ਉਹਨਾਂ ਦੀ ਇਸ ਪੇਸ਼ਕਸ਼ ਨੂੰ ਸਿੱਧੇ ਤੌਰ ’ਤੇ ਰੱਦ ਕਰ ਦਿੱਤਾ ਤੇ ਕਈ ਜ਼ਿਲ੍ਹਾ ਪ੍ਰਧਾਨਾਂ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਸਖ਼ਤ ਮਿਹਨਤ ਅਤੇ ਜ਼ੋਰਦਾਰ ਚੋਣ ਮੁਹਿੰਮ ਦੀ ਗੱਲ ਵੀ ਰੱਖੀ। ਇਸ ਮੌਕੇ ਇਕ ਰਸਮੀ ਮਤਾ ਸਰਬਸੰਮਤੀ ਨਾਲ ਪਾਸ ਕਰ ਕੇ ਸੁਖਬੀਰ ਬਾਦਲ ਦੀ ਲੀਡਰਸ਼ਿਪ ’ਤੇ ਪੂਰਾ ਭਰੋਸਾ ਪ੍ਰਗਟਾਇਆ ਗਿਆ।
ਇਸ ਮੁੱਦੇ ‘ਤੇ ਬੋਲਦਿਆਂ ਪਾਰਟੀ ਲੀਡਰਾਂ ਨੇ ਕਿਹਾ ਕਿ ਸ. ਬਾਦਲ ਨੇ ਨਾ ਸਿਰਫ ਅੱਗੇ ਹੋ ਕੇ ਪਾਰਟੀ ਦੀ ਅਗਵਾਈ ਕੀਤੀ ਬਲਕਿ ਪਾਰਟੀ ਦੀ ਲੀਡਰਸ਼ਿਪ ਅਤੇ ਪਾਰਟੀ ਕੇਡਰ ਨੂੰ ਵੀ ਪਾਰਟੀ ਵਾਸਤੇ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
ਆਗੂਆਂ ਨੇ ਕਿਹਾ ਕਿ ਭਾਵੇਂ ਨਤੀਜੇ ਆਸ ਮੁਤਾਬਕ ਨਹੀਂ ਆਏ ਪਰ ਪਾਰਟੀ ਪ੍ਰਧਾਨ ਦਾ ਇਸ ਵਿੱਚ ਕੋਈ ਕਸੂਰ ਨਹੀਂ। ਲੋਕਾਂ ਨੇ ਬਦਲਾਅ ਵਾਸਤੇ ਵੋਟਾਂ ਪਾਈਆਂ ਤੇ ਸਮੁੱਚੀ ਵਿਰੋਧੀ ਧਿਰ ਇਕ ਕਿਸਮ ਦੀ ਸੁਨਾਮੀ ਵਿਚ ਵਹਿ ਗਈ।
ਮੀਟਿੰਗ ਵਿਚ ਆਪਣੀ ਫੀਡਬੈਕ ਦਿੰਦਿਆਂ ਅਕਾਲੀ ਦਲ ਦੇ ਲੀਡਰਾਂ ਨੇ ਦੱਸਿਆ ਕਿ ਬਹੁਤੀਆਂ ਥਾਵਾਂ ’ਤੇ ਵੋਟਰਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਨਾਂ ਵੀ ਨਹੀਂ ਪਤਾ ਸੀ ਪਰ ਉਹਨਾਂ ਫਿਰ ਵੀ ਵੋਟਾਂ ਆਮ ਆਦਮੀ ਪਾਰਟੀ ਨੂੰ ਪਾਈਆਂ, ਜਿਸ ਨਾਲ ਅਕਾਲੀ ਦਲ ਦਾ ਵੱਡਾ ਨੁਕਸਾਨ ਹੋਇਆ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਉਨ੍ਹਾਂ ਨੇ ਕਿਹਾ ਅਜੇ ਵੀ ਸਭ ਕੁਝ ਖਤਮ ਨਹੀਂ ਹੋਇਆ, ਅਕਾਲੀ ਦਲ ਵਿਚ ਫਰਸ਼ ਤੋਂ ਅਰਸ਼ ’ਤੇ ਪਹੁੰਚਣ ਦੀ ਕਾਬਲੀਅਤ ਤੇ ਸਮਰੱਥਾ ਹੈ ਅਤੇ ਇਸ ਵਾਸਤੇ ਸੁਖਬੀਰ ਬਾਦਲ ਨੂੰ ਪਾਰਟੀ ਦੀ ਅਗਵਾਈ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਪਿਛਲੀਆਂ ਅਕਾਲੀ ਸਰਕਾਰਾਂ ਵੇਲੇ ਰਿਕਾਰਡ ਵਿਕਾਸ, ਬੁਨਿਆਦੀ ਢਾਂਚੇ ਦਾ ਵਿਕਾਸ ਅਤੇ ਵਿਲੱਖਣ ਸਮਾਜ ਭਲਾਈ ਸਕੀਮਾਂ ਲੋਕਾਂ ਵਾਸਤੇ ਪੇਸ਼ ਕੀਤੀਆਂ ਗਈਆਂ ਸਨ।
ਇਸ ਦੌਰਾਨ ਸ. ਬਾਦਲ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦੱਸਿਆ ਕਿ ਪਾਰਟੀ ਨਾ ਸਿਰਫ ਉਹਨਾਂ ਅਤੇ ਹੋਰ ਪਾਰਟੀ ਆਗੂਆਂ ਤੋਂ ਹਾਰ ਦੇ ਕਾਰਨਾਂ ਬਾਰੇ ਫੀਡਬੈਕ ਲਵੇਗੀ ਬਲਕਿ ਸਮਾਜ ਦੇ ਹਰ ਵਰਗ ਦੇ ਲੋਕਾਂ ਦੀ ਰਾਇ ਇਸ ਬਾਰੇ ਜਾਣੀ ਜਾਵੇਗੀ। ਉਹਨਾਂ ਕਿਹਾ ਕਿ ਇਸ ਮਕਸਦ ਵਾਸਤੇ ਇਕ ਉਚ ਤਾਕਤੀ ਕਮੇਟੀ ਬਣਾਈ ਜਾ ਰਹੀ ਹੈ ਜੋ ਜ਼ਰੂਰੀ ਫੀਡਬੈਕ ਵਾਸਤੇ ਲੋੜੀਂਦੀਆਂ ਮੀਟਿੰਗਾਂ ਕਰੇਗੀ ਅਤੇ ਪਾਰਟੀ ਨੁੰ ਮੁੜ ਮਜ਼ਬੂਤ ਕਰਨ ਬਾਰੇ ਸਿਫਾਰਸ਼ਾਂ ਕਰੇਗੀ।