ਪੰਜਾਬ ਵਿਚ ਰੇਤ ਮਾਈਨਿੰਗ ਦਾ ਮੁੱਦਾ ਗਰਮਾਉਂਦਾ ਜਾ ਰਿਹਾ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਰੇਤ ਮਾਈਨਿੰਗ ਮਾਮਲੇ ’ਚ ਅੱਜ ਵੱਡੀ ਕਾਰਵਾਈ ਕੀਤੀ। ਈਡੀ ਵੱਲੋਂ ਕੁਦਰਤਦੀਪ ਸਿੰਘ, ਮੈਸਰਜ਼ ਪਿੰਜੌਰ ਰਾਇਲਟੀ ਕੰਪਨੀ, ਮੈਸਰਜ਼ ਪ੍ਰੋਵਾਈਡਰਸ ਓਵਰਸੀਜ਼ ਕੰਸਲਟੈਂਟਸ ਪ੍ਰਾਈਵੇਟ ਲਿਮਟਿਡ ਦੇ ਕਾਰੋਬਾਰ ਅਤੇ ਰਿਹਾਇਸ਼ੀ ਪਰਿਸਰ ਸਣੇ ਮੋਹਾਲੀ, ਲੁਧਿਆਣਾ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਠਾਨਕੋਟ ਵਿਖੇ ਛਾਪੇਮਾਰੀ ਕੀਤੀ ਗਈ।
ਹੁਣ ਤੱਕ ਈਡੀ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਦੇ ਘਰੋਂ 10 ਕਰੋੜ ਤੱਕ ਦੀ ਨਕਦ ਰਾਸ਼ੀ ਬਰਾਮਦ ਹੋ ਚੁੱਕੀ ਹੈ। ਇਸ ਵਿਚੋਂ 8 ਕਰੋੜ ਭੁਪਿੰਦਰ ਸਿੰਘ ਹਨੀ ਦੇ ਘਰੋਂ ਤੇ 2 ਕਰੋੜ ਦੀ ਰਕਮ ਇੱਕ ਹੋਰ ਸਾਥੀ ਤੋਂ ਬਰਾਮਦ ਕੀਤੀ ਗਈ ਹੈ ਤੇ ਈਡੀ ਵੱਲੋਂ ਭੁਪਿੰਦਰ ਸਿੰਘ ਹਨੀ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੰਜਾਬ ਪੁਲਿਸ ਨੇ ਰੂਪਨਗਰ ਦੇ ਚਮਕੌਰ ਸਾਹਿਬ ’ਚ 2018 ’ਚ ਨਾਜਾਇਜ਼ ਰੇਤ ਮਾਈਨਿੰਗ ਦਾ ਇਕ ਕੇਸ ਦਰਜ ਕੀਤਾ ਸੀ। ਚਮਕੌਰ ਸਾਹਿਬ ਮੁੱਖ ਮੰਤਰੀ ਚੰਨੀ ਦਾ ਵਿਧਾਨ ਸਭਾ ਹਲਕਾ ਹੈ। ਇਸ ਕੇਸ ’ਚ ਵਿੱਤੀ ਧੋਖਾਦੇਹੀ ਦੀ ਧਾਰਾ ਵੀ ਲੱਗੀ ਸੀ। ਉਸ ਕੇਸ ਦੀ ਜਾਂਚ ’ਚ ਸਾਹਮਣੇ ਆਇਆ ਸੀ ਕਿ ਭੁਪਿੰਦਰ ਸਿੰਘ ਹਨੀ ਹੀ ਸਾਰੇ ਮਾਮਲੇ ਦਾ ਸੂਤਰਧਾਰ ਹੈ। ਇਸ ਆਧਾਰ ’ਤੇ ਹੀ ਈਡੀ ਨੇ ਇਹ ਕੇਸ ਆਪਣੇ ਹੱਥ ਲਿਆ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਗੌਰਤਲਬ ਹੈ ਕਿ ਪੰਜਾਬ ’ਚ ਨਾਜਾਇਜ਼ ਮਾਈਨਿੰਗ ਹਮੇਸ਼ਾ ਤੋਂ ਹੀ ਵੱਡਾ ਮੁੱਦਾ ਰਿਹਾ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕਾਰਜਕਾਲ ’ਚ ਹੈਲੀਕਾਪਟਰ ਰਾਹੀਂ ਦੌਰਾ ਕਰ ਕੇ ਇਸ ਮੁੱਦੇ ਨੂੰ ਹੋਰ ਹਵਾ ਦਿੱਤੀ ਸੀ। ਪੰਜਾਬ ’ਚ ਆਮ ਆਦਮੀ ਪਾਰਟੀ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਸੀਐੱਮ ਚੰਨੀ ਦੇ ਵਿਧਾਨ ਸਭਾ ਹਲਕੇ ਚਮਕੌਰ ਸਾਹਿਬ ’ਚ ਨਾਜਾਇਜ਼ ਰੇਤ ਮਾਈਨਿੰਗ ਦੇ ਦੋਸ਼ ਲਾਏ ਸਨ। ਉਨ੍ਹਾਂ ਨੇ ਪਿੱੰਡ ਜਿੰਦਾਪੁਰ ਪੁੱਜ ਕੇ ਉਸ ਦੀ ਵੀਡੀਓਗ੍ਰਾਫੀ ਵੀ ਕੀਤੀ ਸੀ। ਉਨ੍ਹਾਂ ਨੇ ਦੋਸ਼ ਲਾਇਆ ਸੀ ਕਿ ਜਦੋਂ ਜੰਗਲਾਤ ਵਿਭਾਗ ਦੇ ਅਧਿਕਾਰੀ ਨੇ ਇਸ ਦਾ ਵਿਰੋਧ ਕੀਤਾ ਤਾਂ ਉਸ ਦਾ ਤਬਾਦਲਾ ਕਰ ਦਿੱਤਾ ਗਿਆ। ਇਸ ਤੋਂ ਬਾਅਦ ਚੰਨੀ ਨੇ ਵੀ ਘਟਨਾ ਸਥਾਨ ਦਾ ਦੌਰਾ ਕੀਤਾ ਸੀ ਤੇ ਆਪ ਦੇ ਦੋਸ਼ਾਂ ਨੂੰ ਝੂਠ ਦਾ ਪੁਲੰਦਾ ਦੱਸਿਆ ਸੀ।