ਪੰਜਾਬ ‘ਚ ਲੁਧਿਆਣਾ ਦੀ ਆਤਮਨਗਰ ਵਿਧਾਨ ਸਭਾ ਸੀਟ ਬਹੁਤ ਹੀ ਸੰਵੇਦਨਸ਼ੀਲ ਸੀਟ ਬਣ ਗਈ ਹੈ। ਇਥੇ ਫਾਇਰਿੰਗ ਦੀ ਘਟਨਾ ਤੋਂ ਬਾਅਦ ਚੋਣ ਕਮਿਸ਼ਨ ਨੇ ਵੱਡਾ ਕਦਮ ਚੁੱਕਿਆ ਹੈ। ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਬੈਂਸ ਤੇ ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਲ ਦੀ ਵੀਡੀਓ ਦੀ ਨਿਗਰਾਨੀ ਸ਼ੁਰੂ ਕਰ ਦਿੱਤੀ ਗਈ ਹੈ। ਕਮਿਸ਼ਨ ਨੇ ਇੱਥੇ ਵੀਡੀਓ ਟੀਮਾਂ ਤਾਇਨਾਤ ਕਰ ਦਿੱਤੀਆਂ ਹਨ। ਰਿਟਰਨਿੰਗ ਅਫਸਰ ਨੇ ਹੁਕਮ ਦਿੱਤੇ ਹਨ ਕਿ ਬੈਂਸ ਅਤੇ ਕੜਵਲ 24 ਘੰਟੇ ਵੀਡੀਓ ਟੀਮ ਦੀ ਨਿਗਰਾਨੀ ਹੇਠ ਰਹਿਣਗੇ। ਉਨ੍ਹਾਂ ਦੀਆਂ ਚੋਣ ਰੈਲੀਆਂ ਦੀ ਵੀਡੀਓ ਨਿਗਰਾਨੀ ਹੋਵੇਗੀ ਤਾਂ ਜੋ ਕੋਈ ਹਿੰਸਕ ਘਟਨਾ ਨਾ ਵਾਪਰੇ।
ਆਤਮਨਗਰ ਵਿਚ ਹਰਕਿਸ਼ਨ ਪਬਲਿਕ ਸਕੂਲ ਕੋਲ ਬੈਂਸ ਤੇ ਕੜਵਲ ਦੇ ਸਮਰਥਕਾਂ ਵਿਚ ਹਿੰਸਕ ਝੜਪ ਹੋ ਗਈ ਸੀ। ਇਸ ਦੌਰਾਨ ਗੋਲੀ ਵੀ ਚੱਲੀ। ਇਸ ਮਾਮਲੇ ‘ਚ ਪੁਲਿਸ ਨੇ ਮੰਗਲਵਾਰ ਨੂੰ ਵਿਧਾਇਕ ਸਿਮਰਜੀਤ ਬੈਂਸ ਨੂੰ ਗ੍ਰਿਫਤਾਰ ਕਰ ਲਿਆ। ਰਾਤ ਨੂੰ ਚੋਣ ਕਮਿਸ਼ਨ ਦੇ ਦਖਲ ਤੋਂ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ। ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
ਬੈਂਸ ਤੇ ਕੜਵਲ ਸਮਰਥਕਾਂ ਵਿਚ ਹੋਈ ਹਿੰਸਕ ਝੜਪ ਦਾ ਕਮਿਸ਼ਨ ਨੇ ਸਖਤ ਨੋਟਿਸ ਲਿਆ। ਮੰਗਲਵਾਰ ਰਾਤ ਨੂੰ ਮੁੱਖ ਚੋਣ ਅਧਿਕਾਰੀ ਨੇ ਥਾਣਾ ਸ਼ਿਮਲਾਪੁਰੀ ਦੇ ਐੱਸਐੱਚਓ ਇੰਸਪੈਕਟਰ ਲਾਭ ਸਿੰਘ ਨੂੰ ਮੁਅੱਤਲ ਕਰ ਦਿੱਤਾ। ਉਨ੍ਹਾਂ ਦੀ ਜਗ੍ਹਾ ਇੰਸਪੈਕਟਰ ਕੁਲਵੰਤ ਸਿੰਘ ਨੂੰ ਨਿਯੁਕਤ ਕਰ ਦਿੱਤਾ। ਕਮਿਸ਼ਨ ਨੇ ਕਿਹਾ ਕਿ ਇੰਸਪੈਕਟਰ ਲਾਭ ਸਿੰਘ ਨੇ ਸਥਿਤੀ ਨੂੰ ਠੀਕ ਤਰ੍ਹਾਂ ਨਹੀਂ ਸੰਭਾਲਿਆ।ਲਾਭ ਸਿੰਘ ਨੂੰ ਮੁਅੱਤਲ ਕਰਕੇ ਲਾਈਨ ਹਾਜ਼ਰ ਕਰ ਦਿੱਤਾ ਗਿਆ ਤੇ ਵਿਭਾਗੀ ਜਾਂਚ ਕੀਤੀ ਜਾ ਰਹੀ ਹੈ।