Every farmer will : ਕੇਂਦਰ ਵੱਲੋਂ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਖਿਲਾਫ ਕਿਸਾਨ ਪਿਛਲੇ ਲਗਭਗ 2 ਮਹੀਨਿਆਂ ਤੋਂ ਦਿੱਲੀ ਸਰਹੱਦ ‘ਤੇ ਠੰਡ ‘ਚ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਪਰ ਅਜੇ ਤੱਕ ਉਨ੍ਹਾਂ ਦੀ ਸਮੱਸਿਆ ਦਾ ਕੋਈ ਹੱਲ ਨਹੀਂ ਕੱਢਿਆ ਗਿਆ। ਸਰਕਾਰ ਵੱਲੋਂ ਕਾਨੂੰਨਾਂ ਨੂੰ ਡੇਢ ਸਾਲ ਤੱਕ ਰੋਕੇ ਜਾਣ ਦਾ ਪ੍ਰਸਤਾਵ ਕਿਸਾਨਾਂ ਨੂੰ ਦਿੱਤਾ ਗਿਆ ਪਰ ਕਿਸਾਨ ਜਥੇਬੰਦੀਆਂ ਨੇ ਇਸ ਨੂੰ ਅਸਵੀਕਾਰ ਕਰ ਦਿੱਤਾ। ਹੁਣ ਕਿਸਾਨਾਂ ਵੱਲੋਂ 26 ਜਨਵਰੀ ਨੂੰ ਹੋਣ ਵਾਲੀ ਟਰੈਕਟਰ ਪਰੇਡ ਦੀ ਰਣਨੀਤੀ ਬਣਾਈ ਜਾ ਰਹੀ ਹੈ।
ਕਿਸਾਨ ਜੱਥੇਬੰਦੀਆਂ 26 ਜਨਵਰੀ ਨੂੰ ਹੋਣ ਵਾਲੇ ਗਣਤੰਤਰ ਦਿਵਸ ਪਰੇਡ ਵਿਚ ਸ਼ਾਮਲ ਹੋਣ ਵਾਲੀਆਂ ਫੌਜ ਦੇ ਹਥਿਆਰਾਂ ਦੀ ਝਾਂਕੀ ਦੇ ਤਰਜ਼ ਨਾਲ ਖੇਤੀ ਸੰਦਾਂ ਨੂੰ ਸ਼ਾਮਲ ਕਰਨ ਦੀ ਯੋਜਨਾ ‘ਤੇ ਕੰਮ ਕਰ ਰਹੀਆਂ ਹਨ। ਟਿੱਕਰੀ ਸਰਹੱਦ ‘ਤੇ ਵੀਰਵਾਰ ਨੂੰ ਦਿੱਲੀ ਕੂਚ ਦੀ ਬੈਠਕ ਦੌਰਾਨ ਰਿੰਗ ਰੋਡ ‘ਤੇ ਹਲਿਆਂ ਦੇ ਨਾਲ-ਨਾਲ ਕਿਸਾਨੀ ਪਰੇਡ ਕੱਢਣ ਦਾ ਫੈਸਲਾ ਲਿਆ ਗਿਆ। ਇਹ ਵੀ ਫੈਸਲਾ ਲਿਆ ਗਿਆ ਕਿ ਕਿਸਾਨ ਟਰੈਕਟਰ ਪਰੇਡ ਨੂੰ ਕੰਟਰੋਲ ਕਰਨ ਲਈ ਆਪਣੇ ਸਿਖਿਅਤ ਕਾਮਿਆਂ ਨੂੰ ਤਾਇਨਾਤ ਕਰਨਗੇ।
ਮੀਟਿੰਗ ‘ਚ ਕਿਸਾਨ ਆਗੂਆਂ ਨੇ 26 ਨੂੰ ਹੋਣ ਵਾਲੇ ਟਰੈਕਟਰ ਮਾਰਚ ਨੂੰ ਇਤਿਹਾਸਕ ਬਣਾਉਣ ਲਈ ਕਈ ਮਹੱਤਵਪੂਰਨ ਨੁਕਤਿਆਂ ‘ਤੇ ਵਿਚਾਰ ਵਟਾਂਦਰੇ ਕੀਤੇ। ਫੌਜ ਆਪਣੇ ਹਥਿਆਰਾਂ ਨਾਲ ਗਣਤੰਤਰ ਦਿਵਸ ਪਰੇਡ ਵਿਚ ਸ਼ਾਮਲ ਹੁੰਦੀ ਹੈ। ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਕਿਸਾਨ ਖੇਤੀਬਾੜੀ ਵਿੱਚ ਵਰਤੇ ਜਾਣ ਵਾਲੇ ਹਲ ਅਤੇ ਸਾਧਨਾਂ ਦੇ ਨਾਲ ਦਿੱਲੀ ਵਿੱਚ ਹੋਣ ਜਾ ਰਹੀ ਟਰੈਕਟਰ ਪਰੇਡ ਕੱਢਣਗੇ। ਇਸ ਦੇ ਜ਼ਰੀਏ ਕੇਂਦਰ ਨੂੰ ਸੁਨੇਹਾ ਭੇਜਿਆ ਜਾਵੇਗਾ ਕਿ ਸਰਕਾਰ ਖੇਤੀਬਾੜੀ ਕਾਨੂੰਨਾਂ ਰਾਹੀਂ ਕਿਸਾਨਾਂ ਦੇ ਸਾਧਨਾਂ ਨੂੰ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ।
ਕਿਸਾਨ ਆਗੂਆਂ ਨੇ ਮੀਟਿੰਗ ਦੌਰਾਨ ਕਿਸਾਨ ਅੰਦੋਲਨ ਦੇ ਝੰਡੇ ‘ਤੇ ਵੀ ਵਿਸ਼ੇਸ਼ ਧਿਆਨ ਦਿੱਤਾ। ਕਿਸਾਨ ਆਗੂਆਂ ਨੇ ਫੈਸਲਾ ਲਿਆ ਕਿ ਅੰਦੋਲਨ ਵਿੱਚ ਸ਼ਾਮਲ ਹਰ ਕਿਸਾਨ 26 ਤਰੀਕ ਨੂੰ ਹੋਣ ਜਾ ਰਹੇ ਟਰੈਕਟਰ ਪਰੇਡ ਦੌਰਾਨ ਅੰਦੋਲਨ ਦਾ ਝੰਡਾ ਲਵੇਗਾ। ਇਹ ਕਿਸਾਨੀ ਲਹਿਰ ਵਿੱਚ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਏਕਤਾ ਨੂੰ ਮਜ਼ਬੂਤ ਕਰੇਗੀ। ਕਿਸਾਨੀ ਅੰਦੋਲਨ ਹੁਣ ਜਨ ਅੰਦੋਲਨ ਬਣਦਾ ਜਾ ਰਿਹਾ ਹੈ ਤੇ ਕਿਸਾਨਾਂ ਵੱਲੋਂ ਕੇਂਦਰ ਤੋਂ ਇਸ ਸਮੱਸਿਆ ਦੇ ਜਲਦੀ ਹੱਲ ਦੀ ਅਪੀਲ ਕੀਤੀ ਜਾ ਰਹੀ ਹੈ।