Extended application date for : ਚੰਡੀਗੜ : ਪੰਜਾਬ ਸਰਕਾਰ ਨੇ ‘ਆਯੂਸ਼ਮਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ’ ਸਾਲ 2020 ਅਧੀਨ ਸਿਹਤ ਬੀਮੇ ਲਈ ਅਰਜ਼ੀਆਂ ਦੇਣ ਦਾ ਸਮਾਂ ਵਧਾ ਕੇ 5 ਅਗਸਤ, 2020 ਤੱਕ ਕਰ ਦਿੱਤਾ ਹੈ ਤਾਂਜੋ ਕੋਈ ਵੀ ਕਿਸਾਨ ਇਸ ਯੋਜਨਾ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਰਜ਼ੀਆਂ ਦੇਣ ਲਈ 24 ਜੁਲਾਈ ਦੀ ਅੰਤਿਮ ਤਰੀਕ ਮਿੱਥੀ ਗਈ ਸੀ, ਜਿਸ ਨੂੰ ਹੁਣ ਵਧਾ ਦਿੱਤਾ ਗਿਆ ਹੈ। ਹੁਣ ਸਾਰੇ ‘ਜੇ’ ਫਾਰਮ ਅਤੇ ‘ਗੰਨਾ ਤੋਲ ਪਰਚੀ’ ਵਾਲੇ ਯੋਗ ਕਿਸਾਨਾਂ ਨੂੰ ਲੋੜੀਂਦੇ ਦਸਤਾਵੇਜ਼ਾਂ ਸਮੇਤ ਘੋਸ਼ਣਾ ਪੱਤਰ ਸਬੰਧਤ ਮਾਰਕੀਟ ਕਮੇਟੀ ਦਫ਼ਤਰ ਜਾਂ ਆੜਤੀਏ ਕੋਲ 5 ਅਗਸਤ ਤੱਕ ਜਮ੍ਹਾ ਕਰਵਾਉਣੇ ਹੋਣਗੇ। ਇਸ ਯੋਜਨਾ ਅਧੀਨ ਸੂਬੇ ਦੇ 9.50 ਲੱਖ ਕਿਸਾਨਾਂ ਅਤੇ ਉਨਾਂ ਦੇ ਪਰਿਵਾਰਾਂ ਦਾ ਪੰਜਾਬ ਸਰਕਾਰ ਵੱਲੋਂ ਮੁਫਤ ਸਿਹਤ ਬੀਮਾ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਕਿਸਾਨਾਂ ਦੇ ਬੀਮੇ ਦਾ ਸਮੁੱਚਾ ਪ੍ਰੀਮੀਅਮ ਮੰਡੀ ਬੋਰਡ ਵੱਲੋਂ ਅਦਾ ਕੀਤਾ ਜਾਵੇਗਾ ਜਿਨਾਂ ਨੂੰ ਸਾਲ ਭਰ ਲਈ ਪੰਜ ਲੱਖ ਰੁਪਏ ਦਾ ਨਗਦੀ ਰਹਿਤ ਇਲਾਜ ਮੁਹੱਈਆ ਹੋਵੇਗਾ। ਇਸ ਸਿਹਤ ਬੀਮਾ ਸਕੀਮ ਤਹਿਤ ਲਾਭਪਾਤਰੀ ਦਿਲ ਦੇ ਅਪ੍ਰੇਸ਼ਨ, ਕੈਂਸਰ ਦੇ ਇਲਾਜ, ਜੋੜ ਬਦਲਾਉਣ ਅਤੇ ਦੁਰਘਟਨਾ ਆਦਿ ਦੇ ਕੇਸਾਂ ਵਰਗੇ ਵੱਡੇ ਅਪ੍ਰੇਸ਼ਨਾਂ ਦੇ ਇਲਾਜ ਸਮੇਤ 1396 ਬਿਮਾਰੀਆਂ ਲਈ 546 ਸੂਚੀਬੱਧ ਹਸਪਤਾਲਾਂ ਅਤੇ 208 ਸਰਕਾਰੀ ਹਸਪਤਾਲਾਂ ਵਿੱਚ ਪੰਜ ਲੱਖ ਰੁਪਏ ਤੱਕ ਦਾ ਇਲਾਜ ਕਰਵਾ ਸਕਦੇ ਹਨ। 20 ਅਗਸਤ, 2020 ਇਸ ਸਕੀਮ ਦੇ ਲਾਗੂ ਹੋਣ ’ਤੇ ਕਿਸਾਨ ਇਸ ਦਾ ਲਾਭ ਲੈ ਸਕਣਗੇ।