ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ, ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਝੋਨੇ ਦੀ ਖਰੀਦ ਵਿਚ ਹੋਈ ਦੇਰੀ ਨੂੰ ਲੈ ਕੇ ਸਾਰੇ ਕਿਸਾਨਾਂ ਨੂੰ ਬੇਨਤੀ ਕੀਤੀ ਕਿ ਉਹ ਵੱਧ ਤੋਂ ਵੱਧ ਪੰਜਾਬ ਵਿਚ ਕਾਂਗਰਸ ਦੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੇ ਘਰਾਂ ਦਾ ਘਿਰਾਓ ਕਰਨ ਤਾਂ ਜੋ ਝੋਨੇ ਦੀ ਖਰੀਦ ਤੁਰੰਤ ਜਾਰੀ ਕੀਤੀ ਜਾ ਸਕੇ।
ਇਸੇ ਤਰ੍ਹਾਂ ਹਰਿਆਣਾ ਵਿਚ ਵੀ ਇਸੇ ਤਰਜ ‘ਤੇ ਭਾਜਪਾ ਤੇ ਜਜਪਾ ਦੇ ਵਿਧਾਇਕਾਂ ਤੇ ਸੰਸਦ ਮੈਂਬਰਾਂ ਦਾ ਘਿਰਾਓ ਕੀਤਾ ਜਾਵੇਗਾ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸੰਯੁਕਤ ਕਿਸਾਨ ਮੋਰਚਾ ਪੂਰੇ ਦੇਸ਼ ਵਿਚ ਧਰਨੇ ਦੇ ਕੇ ਗਾਂਧੀ ਜਯੰਤੀ ਮਨਾਏਗਾ। ਸੁਪਰੀਮ ਕੋਰਟ ਵੱਲੋਂ ਕਿਸਾਨੀ ਅੰਦੋਲਨ ਵੱਲੋਂ ਇਤਰਾਜ਼ ਪ੍ਰਗਟਾਇਆ ਗਿਆ ਹੈ। ਇਸ ‘ਤੇ ਸੰਯੁਕਤ ਕਿਸਾਨ ਮੋਰਚੇ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਦੇ ਮਾਮਲੇ ਵਿਚ ਪਟੀਸ਼ਨਰ ਦਾ ਕਿਸਾਨਾਂ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਨੇ ਕਦੇ ਵੀ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੁਪਰੀਮ ਕੋਰਟ ਤੱਕ ਪਹੁੰਚ ਨਹੀਂ ਕੀਤੀ।
ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਪਹਿਲਾਂ ਡਿਪਟੀ ਕਮਿਸ਼ਨਰ ਦਫਤਰ ਦੇ ਸਾਹਮਣੇ ਧਰਨਾ ਦਿੱਤਾ ਜਾਣਾ ਸੀ ਪਰ 2 ਦਿਨ ਦੀ ਛੁੱਟੀ ਹੋਣ ਕਾਰਨ ਉਨ੍ਹਾਂ ਨੇ ਫੈਸਲਾ ਕੀਤਾ ਕਿ ਹੁਣ ਧਰਨਾ ਵਿਧਾਇਕਾਂ ਦੇ ਘਰ ਦੇ ਸਾਹਮਣੇ ਰੱਖਿਆ ਜਾਵੇਗਾ ਤਾਂ ਜੋ ਝੋਨੇ ਦੀ ਖਰੀਦ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮੁੜ ਲੀਹ ’ਤੇ ਲਿਆਉਣ ਲਈ ਧਰਨਾ ਲਾਜ਼ਮੀ ਹੈ। ਸੰਯੁਕਤ ਕਿਸਾਨ ਮੋਰਚੇ ਦਾ ਕਹਿਣਾ ਹੈ ਕਿ ਕੇਂਦਰ ਤੇ ਸੂਬਾ ਸਰਕਾਰ ਵੱਲੋਂ ਝੋਨੇ ਦੀ ਖਰੀਦ ਵਿਚ ਕੀਤੀ ਗਈ 10 ਦਿਨ ਦੀ ਦੇਰੀ ਦਾ ਫੈਸਲਾ ਕਿਸਾਨ ਮਾਰੂ ਹੈ ਤੇ ਕੇਂਦਰ ਨੂੰ ਆਪਣੇ ਇਸ ਫੈਸਲੇ ‘ਤੇ ਮੁੜ ਤੋਂ ਵਿਚਾਰ ਕਰਕੇ ਜਲਦ ਤੋਂ ਜਲਦ ਝੋਨੇ ਦੀ ਖਰੀਦ ਸ਼ੁਰੂ ਕਰਵਾਉਣੀ ਚਾਹੀਦੀ ਹੈ।
ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਪੰਜਾਬ ਤੇ ਹਰਿਆਣਾ ਵਿਚ ਨੁਕਸਾਨੀਆਂ ਫਸਲਾਂ ਲਈ ਮੁਆਵਜ਼ੇ ਦੀ ਵੀ ਮੰਗ ਕੀਤੀ।
ਇਹ ਵੀ ਪੜ੍ਹੋ : ਗੋਲੀ ਲੱਗਣ ਨਾਲ ASI ਦੀ ਮੌਤ