ਚੰਡੀਗੜ੍ਹ ਦੇ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਕਿਸਾਨ ਆਗੂਆਂ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਪਰ ਮੀਟਿੰਗ ਤੋਂ ਪਹਿਲਾਂ ਹੀ ਮਾਹੌਲ ਗਰਮਾ ਗਿਆ ਹੈ। ਕਿਸਾਨ ਆਗੂਆਂ ਨੇ ਦੋਸ਼ ਲਾਏ ਹਨ ਕਿ ਮੁੱਖ ਮੰਤਰੀ ਦੀ ਸਕਿਓਰਿਟੀ ਨੇ ਉਨ੍ਹਾਂ ਨੂੰ ਧੱਕੇ ਮਾਰੇ। ਉਨ੍ਹਾਂ ਨੂੰ ਕਿਹਾ ਗਿਆ ਕਿ ਮੁੱਖ ਮੰਤਰੀ ਆ ਗਏ ਹਨ, ਇਸ ਲਈ ਪਹਿਲਾਂ ਉਹ ਅੰਦਰ ਜਾਣਗੇ। ਇਸ ’ਤੇ ਭੜਕੇ ਕਿਸਾਨ ਆਗੂਆਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।
ਕਿਸਾਨ ਆਗੂਆਂ ਨੇ ਗੁੱਸੇ ਵਿੱਚ ਆ ਕੇ ਮੀਟਿੰਗ ਦਾ ਬਾਈਕਾਟ ਕਰਨ ਦੀ ਗੱਲ ਕਹੀ। ਉਨ੍ਹਾਂ ਦਾ ਕਹਿਣਾ ਹੈ ਕਿ ਮੀਟਿੰਗ ਲਈ ਸੱਦ ਕੇ ਸਾਨੂੰ ਧੱਕੇ ਮਾਰੇ ਜਾ ਰਹੇ ਹਨ। ਇਸ ਤੋਂ ਬਾਅਦ ਸਭ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਰਣਦੀਪ ਨਾਭਾ ਬਾਹਰ ਆਏ ਅਤੇ ਮੁਆਫੀ ਮੰਗੀ। ਇਸ ਤੋਂ ਬਾਅਦ ਕਿਸਾਨ ਅੜ ਗਏ ਤਾਂ ਸੀਐਮ ਚੰਨੀ ਬਾਹਰ ਆਏ ਅਤੇ ਕਿਸਾਨ ਆਗੂਆਂ ਨੂੰ ਬੁਲਾ ਕੇ ਅੰਦਰ ਲੈ ਕੇ ਗਏ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਇੱਥੇ ਬੁਲਾ ਕੇ ਜ਼ਲੀਲ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪਾਕਿਸਤਾਨ ਦੀ ਸਰਕਾਰ ਨੇ ਕਰਤਾਰਪੁਰ ਲਾਂਘਾ ਖੁੱਲ੍ਹਣ ਨੂੰ ਲੈ ਕੇ ਸਿੱਧੂ ਦੀਆਂ ਤਾਰੀਫਾਂ ਦੇ ਬੰਨ੍ਹੇ ਪੁੱਲ
ਦੱਸ ਦੇਈਏ ਕਿ ਚਰਨਜੀਤ ਚੰਨੀ ਦੇ ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਨਾਲ ਇਹ ਪਹਿਲੀ ਮੀਟਿੰਗ ਹੈ। ਇਸ ਮੀਟਿੰਗ ਵਿੱਚ ਕਿਸਾਨਾਂ ਦੀ ਕਰਜ਼ਾ ਮੁਆਫ਼ੀ, ਉਨ੍ਹਾਂ ਖ਼ਿਲਾਫ਼ ਦਰਜ ਕੇਸ ਰੱਦ ਕਰਨ ਵਰਗੇ ਕੁੱਲ 18 ਮੁੱਦੇ ਚੁੱਕੇ ਜਾਣਗੇ। ਖਾਸ ਗੱਲ ਇਹ ਹੈ ਕਿ ਇਸ ਵਿੱਚ ਕਿਸਾਨ ਪੰਜਾਬ ਦੇ ਸਰਕਾਰੀ ਵਿਭਾਗਾਂ ਵਿੱਚ ਗੈਰ-ਪੰਜਾਬੀਆਂ ਦੀ ਭਰਤੀ ਨੂੰ ਰੱਦ ਕਰਨ ਦੀ ਮੰਗ ਵੀ ਚੁੱਕੀ ਜਾਵੇਗੀ।