ਕਿਸਾਨ ਜਥੇਬੰਦੀਆਂ ਵੱਲੋਂ 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਧਰਨੇ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਮੋਰਚੇ ਦੀ 9 ਮੈਂਬਰੀ ਤਾਲਮੇਲ ਕਮੇਟੀ ਨੇ ਸਹਿਮਤੀ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦਾ ਵਿਰੋਧ ਕਰਨ ਦਾ ਸੱਦਾ ਦਿੱਤਾ ਹੈ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਆਜ਼ਾਦ ਕਿਸਾਨ ਕਮੇਟੀ ਦੋਆਬਾ, ਜੈ ਕਿਸਾਨ ਅੰਦੋਲਨ,ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ), ਕਿਸਾਨ ਸੰਘਰਸ਼ ਕਮੇਟੀ ਕੋਟਬੁੱਢਾ, ਲੋਕ ਭਲਾਈ ਵੈਲਫੇਅਰ ਸੁਸਾਇਟੀ, ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ), ਦਸੂਹਾ ਗੰਨਾ ਕਮੇਟੀ (ਡੱਫਰ) ਜਥੇਬੰਦੀਆਂ PM ਮੋਦੀ ਦੇ ਪੰਜਾਬ ਦੌਰੇ ‘ਤੇ ਵਿਚਾਰ ਚਰਚਾ ਲਈ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਹੋਈਆਂ।
ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਜਦੋਂ ਕਿਸਾਨਾਂ ਵੱਲੋਂ ਅੰਦੋਲਨ ਖਤਮ ਕੀਤਾ ਗਿਆ ਸੀ ਤਾਂ ਕੇਂਦਰ ਸਰਕਾਰ ਨੇ ਕਿਸਾਨਾਂ ‘ਤੇ ਦਰਜ ਕੇਸਾਂ ਨੂੰ ਵਾਪਸ ਲੈਣ ਤੇ ਮ੍ਰਿਤਕ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਸੀ ਪਰ ਅਜੇ ਤੱਕ ਇਸ ਨੂੰ ਲੈ ਕੇ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਸ ਨੂੰ ਲੈ ਕੇ ਵਿਰੋਧ ਵਜੋਂ ਕਿਸਾਨਾਂ ਵੱਲੋਂ ਧਰਨਾ ਲਗਾਇਆ ਜਾਵੇਗਾ।
ਜਥੇਬੰਦੀਆਂ ਨੇ ਕਿਹਾ ਕਿ 2 ਜਨਵਰੀ ਨੂੰ ਪੰਜਾਬ ਦੇ ਹਰੇਕ ਪਿੰਡ ਵਿੱਚ ਮੋਦੀ ਦੀ ਅਰਥੀ ਫੂਕੀ ਜਾਵੇਗੀ ਅਤੇ 5 ਜਨਵਰੀ ਨੂੰ ਤਹਿਸੀਲ ਅਤੇ ਜ਼ਿਲ੍ਹਾ ਪੱਧਰ ’ਤੇ ਦੁਪਹਿਰ 12 ਤੋਂ ਬਾਅਦ ਦੁਪਹਿਰ 2 ਵਜੇ ਤੱਕ ਧਰਨੇ ਦੇ ਕੇ ਮੋਦੀ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਪੰਜਾਬ ਅੰਦਰ ਹੋਰ ਮਜ਼ਦੂਰ, ਮੁਲਾਜ਼ਮ, ਨੌਜਵਾਨਾਂ ਦੀਆਂ ਜਥੇਬੰਦੀਆਂ ਨੂੰ ਇਸ ਕਾਰਵਾਈ ਵਿਚ ਵਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।
ਵੀਡੀਓ ਲਈ ਕਲਿੱਕ ਕਰੋ -: