ਜੇ ਤੁਸੀਂ ਭਲਕੇ ਰੇਲਗੱਡੀ ਰਾਹੀਂ ਕਿਤੇ ਜਾਣ ਦੀ ਯੋਜਨਾ ਬਣਾ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਹੀ ਹੈ। ਦਰਅਸਲ ਆਪਣੀਆਂ ਮੰਗਾਂ ਦੀ ਪੂਰਤੀ ਨਾ ਹੋਣ ਦੇ ਰੋਸ ਵਜੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਧੀਨ ਇਲਾਕੇ ਦੇ ਕਿਸਾਨ 2 ਅਪ੍ਰੈਲ ਤੋਂ ਬਟਾਲਾ ਰੇਲਵੇ ਸਟੇਸ਼ਨ ‘ਤੇ ਅਣਮਿੱਥੇ ਸਮੇਂ ਲਈ ‘ਰੇਲ ਰੋਕੋ’ ਮੋਰਚਾ ਸ਼ੁਰੂ ਕਰਨ ਜਾ ਰਹੇ ਹਨ।
‘ਰੇਲ ਰੋਕੋ’ ਅੰਦੋਲਨ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਸ਼ਨੀਵਾਰ ਨੂੰ ਇੱਕ ਮੀਟਿੰਗ ਕੀਤੀ ਗਈ ਜਿਸ ਵਿੱਚ ਸਰਕਾਰ ਵੱਲੋਂ ਮੰਗਾਂ ਪੂਰੀਆਂ ਹੋਣ ਤੱਕ ਬਟਾਲਾ ਰੇਲਵੇ ਸਟੇਸ਼ਨ ‘ਤੇ ਰੇਲਾਂ ਰੋਕਣ ਦਾ ਫੈਸਲਾ ਕੀਤਾ ਗਿਆ।
ਕਿਸਾਨ ਮੋਰਚੇ ਦੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੇ 22 ਅਤੇ 23 ਫਰਵਰੀ ਨੂੰ ਬਟਾਲਾ ਰੇਲਵੇ ਸਟੇਸ਼ਨ ‘ਤੇ ‘ਮੋਰਚਾ’ ਸ਼ੁਰੂ ਕੀਤਾ ਸੀ, ਜੋ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਮੰਨਣ ਦੇ ਐਲਾਨ ਤੋਂ ਬਾਅਦ ਵਾਪਸ ਲੈ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਸਰਕਾਰ ਨੇ ਨਾ ਤਾਂ ਸਾਡੀਆਂ ਮੰਗਾਂ ਦੀ ਪੂਰਤੀ ਲਈ ਕੋਈ ਠੋਸ ਕਦਮ ਚੁੱਕੇ ਅਤੇ ਨਾ ਹੀ ਆਪਣਾ ਵਾਅਦਾ ਪੂਰਾ ਕਰਨ ਲਈ ਕੋਈ ਗੰਭੀਰਤਾ ਜਾਂ ਡੂੰਘੀ ਦਿਲਚਸਪੀ ਦਿਖਾਈ, ਜਿਸ ਕਾਰਨ ਸਾਨੂੰ ਬਟਾਲਾ ਰੇਲਵੇ ਸਟੇਸ਼ਨ ‘ਤੇ ਅਣਮਿੱਥੇ ਸਮੇਂ ਲਈ ਰੇਲ ਰੋਕੋ ਸ਼ੁਰੂ ਕਰਨ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਹੋਰਨਾਂ ਮੰਗਾਂ ਦੇ ਨਾਲ-ਨਾਲ ਕਿਸਾਨਾਂ ਦੀਆਂ ਮੁੱਖ ਮੰਗਾਂ ਵਿੱਚੋਂ ਇੱਕ ਹੈ ਕਿ ਵੱਖ-ਵੱਖ ਮੰਤਵਾਂ ਲਈ ਕਿਸਾਨਾਂ ਦੀਆਂ ਜ਼ਮੀਨਾਂ ਐਕੁਆਇਰ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਪੂਰਾ ਮੁਆਵਜ਼ਾ ਦਿੱਤਾ ਜਾਵੇ।
ਇੱਕ ਹੋਰ ਸੀਨੀਅਰ ਕਿਸਾਨ ਆਗੂ ਰਣਜੀਤ ਸਿੰਘ ਕਲੇਰ ਨੇ ਦੱਸਿਆ ਕਿ ਪੋਲਟਰੀ ਫਾਰਮਰਾਂ ਵੱਲੋਂ ਪੈਦਾ ਕੀਤੇ ਜਾ ਰਹੇ ਪ੍ਰਦੂਸ਼ਣ ਦਾ ਮਸਲਾ ਹੱਲ ਨਹੀਂ ਕੀਤਾ ਗਿਆ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ ਇਸ ਮਸਲੇ ਨੂੰ ਹੱਲ ਕਰਨ ਦਾ ਪਹਿਲਾਂ ਹੀ ਭਰੋਸਾ ਦੇਣ ਦੇ ਬਾਵਜੂਦ ਪੋਲਟਰੀ ਫਾਰਮ ਮਾਲਕਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ।
ਇਹ ਵੀ ਪੜ੍ਹੋ : ਡੇਰਾ ਬਿਆਸ ਜਾ ਰਹੇ ਸ਼ਰਧਾਲੂਆਂ ਦੀ ਪਿਕਅੱਪ ਪਲਟੀ, ਕਈ ਫੱਟੜ, ਮੀਂਹ ਕਰਕੇ ਵਾਪਰਿਆ ਹਾਦਸਾ
ਉਨ੍ਹਾਂ ਕਿਹਾ ਕਿ ਅਸੀਂ ਦਿੱਲੀ ਵਿੱਚ ਕਿਸਾਨ ਪ੍ਰਦਰਸ਼ਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ ਦੀ ਮੰਗ ਕਰ ਰਹੇ ਸੀ ਪਰ ਸਰਕਾਰ ਨੇ ਇਸ ਮੰਗ ਵੱਲ ਅੱਖਾਂ ਮੀਚ ਲਈਆਂ ਹਨ।
ਇਸ ਦੌਰਾਨ ਕਿਸਾਨਾਂ ਨੇ ਬੇਮੌਸਮੀ ਤੇਜ਼ ਹਵਾਵਾਂ ਅਤੇ ਬਰਸਾਤ ਕਾਰਨ ਫਸਲਾਂ ਦੇ ਹੋਏ ਨੁਕਸਾਨ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਣਕ ਦੀ ਖਰੀਦ ਸ਼ਰਤਾਂ ‘ਚ ਢਿੱਲ ਦੇਣ ਤੋਂ ਇਲਾਵਾ ਮੁਆਵਾਜ਼ਾ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਫ਼ਸਲਾਂ ਨੂੰ ਦੇਖ ਕੇ ਬਹੁਤ ਬਰਬਾਦ ਹੋ ਰਹੇ ਹਨ ਅਤੇ ਸਰਕਾਰ ਨੂੰ ਉਨ੍ਹਾਂ ਲਈ ਮਦਦ ਦਾ ਹੱਥ ਵਧਾਉਣਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -: