ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦੀ ਡੀਸੀ ਡਾ: ਸੀਨੂੰ ਦੁੱਗਲ ਨੇ ਅੱਜ ਸ਼ਨੀਵਾਰ ਨੂੰ ਜਲਾਲਾਬਾਦ ਦੀ ਮੁੱਖ ਅਨਾਜ ਮੰਡੀ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਮੰਡੀ ਵਿੱਚ ਚੱਲ ਰਹੇ ਖਰੀਦ ਪ੍ਰਬੰਧਾਂ ਅਤੇ ਲਿਫਟਿੰਗ ਦੀ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਲਿਫਟਿੰਗ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ। ਇਸ ਮੌਕੇ ਸਕੱਤਰ ਮਾਰਕੀਟ ਕਮੇਟੀ ਬਲਜਿੰਦਰ ਸਿੰਘ, ਅੰਕੁਸ਼ ਮੁਤਨੇਜਾ ਤੋਂ ਇਲਾਵਾ ਸਬੰਧਤ ਏਜੰਸੀਆਂ ਦੇ ਅਧਿਕਾਰੀ ਤੇ ਹੋਰ ਮੈਂਬਰ ਹਾਜ਼ਰ ਸਨ।
ਪਹਿਲਾਂ ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ, ਟਰਾਂਸਪੋਰਟਰਾਂ ਅਤੇ ਹੋਰ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਖਰੀਦ ਪ੍ਰਕ੍ਰਿਆ ਵਿੱਚ ਕੋਈ ਢਿੱਲ ਨਾ ਵਰਤੀ ਜਾਵੇ ਅਤੇ ਸਮੁੱਚੀ ਪ੍ਰਕ੍ਰਿਆ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਸ ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਇਕੱਠਾ ਹੀ ਖ਼ਰੀਦਿਆ ਜਾਵੇ। ਜਿਵੇਂ ਹੀ ਕਿਸਾਨ ਆਪਣੀ ਫਸਲ ਲੈ ਕੇ ਮੰਡੀਆਂ ਵਿੱਚ ਪਹੁੰਚਦਾ ਹੈ ਤਾਂ ਉਸ ਦੀ ਖਰੀਦ ਵੀ ਨਾਲ ਹੀ ਕੀਤੀ ਜਾਵੇ। ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਫਸਲ ਦੀ ਲਿਫਟਿੰਗ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਅਦਾਇਗੀ ਵੀ ਨਿਰਧਾਰਤ ਸਮੇਂ ਅੰਦਰ ਕੀਤੀ ਜਾਵੇ। ਇਸ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਅਫਰੀਕੀ ਦੇਸ਼ ਕਾਂਗੋ ‘ਚ ਮੀਂਹ ਤੇ ਹੜ੍ਹ ਨੇ ਮਚਾਈ ਤਬਾਹੀ, 176 ‘ਤੋਂ ਵੱਧ ਲੋਕਾਂ ਦੀ ਮੌ.ਤ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 676,777 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚ ਵੱਖ-ਵੱਖ ਖ਼ਰੀਦ ਏਜੰਸੀਆਂ ਅਤੇ ਵਪਾਰੀਆਂ ਵੱਲੋਂ 676,708 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ 1322.721 ਕਰੋੜ ਰੁਪਏ ਦੇ ਭੁਗਤਾਨ ਲਈ ਸਲਾਹਾਂ ਤਿਆਰ ਕੀਤੀਆਂ ਗਈਆਂ ਹਨ, ਜੋ ਕਿ ਬੈਂਕਿੰਗ ਟ੍ਰਾਂਸਫਰ ਪ੍ਰਣਾਲੀ ਅਧੀਨ ਹੈ।
ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋਂ 1,82,163 ਮੀਟਰਕ ਟਨ, ਮਾਰਕਫੈੱਡ ਵੱਲੋਂ 1,84,742 ਮੀਟਰਕ ਟਨ, ਪਨਸਪ ਵੱਲੋਂ 1,82,419 ਮੀਟਰਕ ਟਨ, ਪੰਜਾਬ ਰਾਜ ਗੋਦਾਮ ਵੱਲੋਂ 1,03,038 ਮੀਟਰਕ ਟਨ, ਖੁਰਾਕ ਨਿਗਮ ਵੱਲੋਂ 8384 ਮੀਟਰਿਕ ਟਨ ਅਤੇ ਵਪਾਰ ਮੰਡਲ ਵੱਲੋਂ 15,962 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਲਿਫਟਿੰਗ ਦਾ ਕੰਮ ਵੀ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ। ਹੁਣ ਤੱਕ 3,81,519 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ।
ਵੀਡੀਓ ਲਈ ਕਲਿੱਕ ਕਰੋ -: