ਸੂਬੇ ਵਿਚ ਸ਼ਰਾਬ ਮਾਫੀਆ ‘ਤੇ ਨਕੇਲ ਕੱਸਣ ਲਈ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਵਿੱਤ ਮੰਤਰੀ ਐਡਵੋਕਟ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਵਿਭਾਗ ਵੱਲੋਂ ਚਲਾਏ ਜਾ ਰਹੇ ਟ੍ਰੈਕ ਐਂਡ ਟ੍ਰੇਸ ਪ੍ਰਾਜੈਕਟ ਦੇ ਹਿੱਸੇ ਵਜੋਂ ਅੱਜ ਮੋਬਾਈਲ ਆਧਾਰਿਤ ‘ਐਕਸਾਈਜ਼ ਕਿਊਆਰ ਕੋਡ ਲੇਬਲ ਵੈਰੀਫਿਕੇਸ਼ਨ ਸਿਟੀਜ਼ਨ ਐਪ’ ਨੂੰ ਲਾਂਚ ਕੀਤਾ। ਆਬਕਾਰੀ ਤੇ ਟੈਕਸ ਭਵਨ ਵਿਚ ਇਸ ਨਾਗਰਿਕ ਕੇਂਦਰਿਤ ਐਪ ਨੂੰ ਲਾਂਚ ਕਰਦੇ ਹੋਏ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਕਿਊਆਰ ਕੋਡ ਆਧਾਰਿਤ ਮੋਬਾਈਲ ਐਪ ਸੂਬੇ ਵਿਚ ਨਕਲੀ ਜਾਂ ਬਿਨਾਂ ਆਬਕਾਰੀ ਟੈਕਸ ਦਿੱਤੇ ਵਿਕਣ ਵਾਲੀ ਸ਼ਰਾਬ ਦੀ ਵਿਕਰੀ ‘ਤੇ ਮੁਕੰਮਲ ਰੋਕ ਲਗਾਉਣ ਦੀ ਦਿਸ਼ਾ ਵਿਚ ਵੱਡਾ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲ ਨਾਲ ਉਪਭੋਗਤਾਵਾਂ ਦੀ ਸਿਹਤ ਨੂੰ ਬਚਾਉਣ ਦੇ ਨਾਲ-ਨਾਲ ਆਬਕਾਰੀ ਡਿਊਟੀ ਦੀ ਚੋਰੀ ‘ਤੇ ਰੋਕ ਲਗਾਉਣ ‘ਚ ਮਦਦ ਮਿਲੇਗੀ।
ਵਿੱਤ ਮੰਤਰੀ ਨੇ ਇਸ ਮੌਕੇ ‘ਤੇ ਹੈਲਪਲਾਈਨ ਨੰਬਰ 9875961126 ਵੀ ਜਾਰੀ ਕੀਤਾ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਹੈਲਪਲਾਈਨ ‘ਤੇ ਨਕਲੀ ਸ਼ਰਾਬ ਜਾਂ ਲਾਹਣ ਤੋਂ ਕੱਢੀ ਗਈ ਸ਼ਰਾਬ ਜਾਂ ਸ਼ਰਾਬ ਦੀ ਤਸਕਰੀ ਆਦਿ ਦੀ ਜਾਣਕਾਰੀ ਦੇ ਕੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿਰੁੱਧ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਦਾ ਸਾਥ ਦੇਣ। ਇਸ ਦੌਰਾਨ ਮੋਬਾਈਲ ਐਪ ‘ਤੇ ਉਪਲਬਧ ਵਿਸ਼ੇਸ਼ਤਾਵਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਐਡਵੋਕੇਟ ਚੀਮਾ ਨੇ ਕਿਹਾ ਕਿ ਉਪਭੋਗਤਾ ਹੁਣ ਬੋਤਲ ‘ਤੇ ਮੌਜੂਦ ਕਿਊ ਆਰ ਕੋਡ ਨੂੰ ਸਕੈਨ ਕਰਕੇ ਉਨ੍ਹਾਂ ਵੱਲੋਂ ਖਰੀਦੀ ਗਈ ਸ਼ਰਾਬ ਦੀ ਬੋਤਲ ਦੀ ਅਸਲੀਅਤ ਦੀ ਜਾਂਚ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਉਪਭੋਗਤਾ ਹਰ ਬੋਤਲ ‘ਤੇ ਚਿਪਕਾਏ ਗਏ ਕਿਊ ਆਰ ਕੋਡ ਨੂੰ ਸਕੈਨ ਕਰਕੇ ਬੋਤਲ ਦੇ ਲੇਬਲ ਕੋਡ, ਡਿਸਟਿਲਰ/ਬੋਟਲਰ ਦਾ ਨਾਂ, ਬ੍ਰਾਂਡ ਦਾ ਨਾਂ, ਸ਼ਰਾਬ ਦੀ ਮਾਤਰਾ, ਅਲਕੋਹਲ ਦੀ ਡਿਗਰੀ ਤੇ ਉਤਪਾਦਨ ਦੀ ਤਰੀਕ ਸਬੰਧੀ ਜਾਣਕਾਰੀ ਹਾਸਲ ਕਰ ਸਕੇਗਾ। ਉਨ੍ਹਾਂ ਕਿਹਾ ਕਿ ਇਸ ਮੋਬਾਈਲ ਐਪ ਨੂੰ ਕਿਸੇ ਵੀ ਐਂਡ੍ਰਾਇਡ ਜਾਂ ਐਪਲ ਫੋਨ ‘ਤੇ ਡਾਊਨਲੋਡ ਕਰਕੇ ਇਸਤੇਮਾਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਮੋਬਾਈਲ ਐਪ ਨੂੰ ‘ਗੂਗਲ ਪਲੇਅ ਸਟੋਰ’ ਤੇ ‘ਐਪਲ ਸਟੋਰ’ ਤੋਂ ਮੁਫਤ ਡਾਊਨਲੋਡ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਕੋਰੋਨਾ ਦਾ ਖ਼ਤਰਾ, ਪੰਜਾਬ ‘ਚ ਬਣਨਗੇ ਕੋਵਿਡ ਕੰਟਰੋਲ ਰੂਮ, CM ਮਾਨ ਬੋਲੇ, ‘ਜਨਤਕ ਥਾਵਾਂ ‘ਤੇ ਮਾਸਕ ਪਾਓ’
ਐਡਵੋਕੇਟ ਚੀਮਾ ਨੇ ਅੱਗੇ ਦੱਸਿਆ ਕਿ ਇਸ ਐਪ ਨੂੰ ਟ੍ਰੈਕ ਐਂਡ ਟ੍ਰੇਸ ਪ੍ਰਾਜੈਕਟ ਨਾਲ ਜੋੜਿਆ ਗਿਆ ਹੈ ਤੇ ਉਪਭੋਗਤਾ ਇਸ ਦਾ ਇਸਤੇਮਾਲ ਕਰਕੇ ਕਿਸੇ ਵੀ ਬੇਨਿਯਮੀ ਦੀ ਰਿਪੋਰਟ ਸਿੱਧੇ ਆਬਕਾਰੀ ਵਿਭਾਗ ਨੂੰ ਦੇ ਸਕਦੇ ਹਨ।ਉਨ੍ਹਾਂ ਕਿਹਾ ਕਿ ਇਹ ਪ੍ਰਣਾਲੀ ਨਾ ਸਿਰਫ ਆਬਕਾਰੀ ਵਿਭਾਗ ਸਗੋਂ ਸ਼ਰਾਬ ਕਾਰੋਬਾਰ ਨਾਲ ਜੁੜੇ ਹੋਰ ਹਿਤਧਾਰਕਾਂ ਨੂੰ ਵੀ ਸਮੁੱਚੀ ਸਪਲਾਈ ਚੇਨ ਦੀ ਨਿਗਰਾਨੀ ਕਰਨ ਦੇ ਯੋਗ ਬਣਾਉਂਦੀ ਹੈ।
ਵੀਡੀਓ ਲਈ ਕਲਿੱਕ ਕਰੋ -: