ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿੱਚ ਕਿਸਾਨ ਕਸ਼ਮੀਰ ਸਿੰਘ ਨੂੰ ਲਿਫਟਿੰਗ ਦੇ 24 ਘੰਟਿਆਂ ਦੇ ਅੰਦਰ ਐੱਮ.ਐੱਸ.ਪੀ. ਦੀ ਅਦਾਇਗੀ ਕਰ ਦਿੱਤੀ ਗਈ।
ਕਸ਼ਮੀਰ ਸਿੰਘ MSP ਭੁਗਤਾਨ ਪ੍ਰਾਪਤ ਕਰਨ ਵਾਲੇ ਸੂਬੇ ਦੇ ਪਹਿਲੇ ਕਿਸਾਨ ਬਣ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਪਟਿਆਲਾ ਜ਼ਿਲ੍ਹੇ ਦੇ ਪਿੰਡ ਮੁਹੱਬਤਪੁਰ ਦਾ ਰਹਿਣ ਵਾਲਾ ਕਸ਼ਮੀਰ ਸਿੰਘ 31 ਮਾਰਚ ਨੂੰ ਰਾਜਪੁਰਾ ਮੰਡੀ ਵਿੱਚ 51 ਕੁਇੰਟਲ ਕਣਕ ਲੈ ਕੇ ਆਇਆ ਸੀ ਅਤੇ ਖਰੀਦ ਦੇ ਪਹਿਲੇ ਹੀ ਦਿਨ ਭਾਵ 1 ਅਪ੍ਰੈਲ ਨੂੰ ਇਸਦੀ ਸਫ਼ਾਈ ਕਰਕੇ ਖਰੀਦ ਕੀਤੀ ਗਈ।
ਉਨ੍ਹਾਂ ਅੱਗੇ ਕਿਹਾ ਕਿ ਅੱਜ ਖਰੀਦ ਦੇ 24 ਘੰਟਿਆਂ ਦੇ ਅੰਦਰ ਵਿਭਾਗ ਨੇ ਕਿਸਾਨ ਦੀ ਬਣਦੀ ਅਦਾਇਗੀ ਮੁੱਬਲਿਗ 1,02,765, ਰੁਪਏ ਸਿੱਧੇ ਉਸਦੇ ਬੈਂਕ ਖਾਤੇ ਵਿੱਚ ਟਰਾਂਸਫਰ ਕਰ ਦਿੱਤੀ ਹੈ। ਮੰਤਰੀ ਨੇ ਦੱਸਿਆ ਕਿ ਰਾਜਪੁਰਾ ਮੰਡੀ ਵਿੱਚ ਖਰੀਦੀ ਗਈ ਕਣਕ ਦੀ ਲਿਫਟਿੰਗ ਵੀ ਸ਼ੁਰੂ ਕਰ ਦਿੱਤੀ ਗਈ ਹੈ।
ਟਰਾਂਸਪੋਰਟ ਅਤੇ ਲੇਬਰ ਦੇ ਪ੍ਰਬੰਧਾਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਾਰੇ ਲੇਬਰ ਅਤੇ ਟਰਾਂਸਪੋਰਟ ਦੇ ਠੇਕੇ ਪੂਰੇ ਕਰ ਲਏ ਗਏ ਹਨ। ਇਸ ਨਾਲ ਰਾਜ ਭਰ ਦੀਆਂ ਮੰਡੀਆਂ ਵਿੱਚ ਮਜ਼ਦੂਰ ਅਤੇ ਟਰੱਕਾਂ ਦੀ ਪੂਰਨ ਉਪਲਬਧਤਾ ਸੰਭਵ ਹੋ ਗਈ ਹੈ।
ਮੰਡੀਆਂ ਵਿੱਚ ਕਣਕ ਦੀ ਆਮਦ ਦੀ ਮੱਠੀ ਰਫ਼ਤਾਰ ਬਾਰੇ ਮੰਤਰੀ ਨੇ ਕਿਹਾ ਕਿ ਅਜੇ ਤੱਕ ਫ਼ਸਲ ਪੱਕ ਨਹੀਂ ਸਕੀ ਅਤੇ 6 ਅਪ੍ਰੈਲ ਤੋਂ ਬਾਅਦ ਮਾਲਵਾ ਖੇਤਰ ਦੀਆਂ ਮੰਡੀਆਂ ਵਿੱਚ ਵੱਡੀ ਮਾਤਰਾ ਵਿੱਚ ਕਣਕ ਪੁੱਜਣ ਦੀ ਉਮੀਦ ਹੈ ਜਦਕਿ ਮਾਝੇ ਦੇ ਜ਼ਿਲ੍ਹਿਆਂ ਵਿੱਚ ਇਹ ਆਮਦ ਸੰਭਵ ਤੌਰ ‘ਤੇ 12 ਅਪ੍ਰੈਲ ਤੋਂ ਬਾਅਦ ਦੇਖਣ ਨੂੰ ਮਿਲੇਗੀ।
ਵੀਡੀਓ ਲਈ ਕਲਿੱਕ ਕਰੋ -:
“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”
ਕਟਾਰੂਚੱਕ ਨੇ ਅੱਗੇ ਕਿਹਾ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਚੰਗੀ ਫ਼ਸਲ ਦੀ ਆਸ ਨਾਲ ਕਿਸਾਨ ਉਤਸ਼ਾਹਿਤ ਹਨ ਅਤੇ ਪੰਜਾਬ ਸਰਕਾਰ ਕਿਸਾਨਾਂ ਵੱਲੋਂ ਵੇਚੇ ਜਾਣ ਵਾਲੇ ਹਰ ਦਾਣੇ ਨੂੰ ਖਰੀਦਣ ਲਈ ਵਚਨਬੱਧ ਹੈ।