Former DGP Saini knocked : ਆਈਏਐਸ ਦੇ ਬੇਟੇ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਤੇ ਹੱਤਿਆ ਦੇ 29 ਸਾਲ ਪੁਰਾਣੇ ਮਾਮਲੇ ਵਿਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੇ ਗ੍ਰਿਫਤਾਰੀ ਤੋਂ ਬਚਣ ਲਈ ਜ਼ਿਲ੍ਹਾ ਅਦਾਲਤ ਦਾ ਬੂਹਾ ਖੜਕਾਇਆ ਹੈ। ਇਸ ਕੇਸ ਵਿਚ ਪੇਸ਼ਗੀ ਜ਼ਮਾਨਤ ਲਈ ਉਨ੍ਹਾਂ ਨੇ ਆਪਣੇ ਵਕੀਲਾਂ ਰਾਹੀਂ ਪਟੀਸ਼ਨ ਦਾਇਰ ਕਰ ਦਿੱਤੀ ਹੈ। ਦੂਜੇ ਪਾਸੇ ਪੰਜਾਬ ਸਰਕਾਰ ਵੀ ਅਦਾਲਤ ਪਹੁੰਚ ਗਈ ਹੈ। ਸਰਕਾਰ ਨੇ ਸੈਣੀ ਦੀ ਪਟੀਸ਼ਨ ਖਾਰਿਜ ਕਰਨ ਦੀ ਅਪੀਲ ਕੀਤੀ ਹੈ। ਇਸ ਮਾਮਲੇ ’ਚ ਹੁਣ ਅੱਜ ਸੁਣਵਾਈ ਹੋਵੇਗੀ।
ਦੂਜੇ ਪਾਸੇ ਪੁਲਿਸ ਦੀਆਂ ਟੀਮਾਂ ਸੈਣੀ ਨੂੰ ਕਾਬੂ ਕਰਨ ਲਈ ਆਪਣੇ ਪੱਧਰ ’ਤੇ ਕੋਸ਼ਿਸ਼ ਕਰ ਰਹੀਆਂ ਹਨ। ਜਾਣਕਾਰੀ ਮੁਤਾਬਕ ਪੇਸ਼ਗੀ ਜ਼ਮਾਨਤ ਲਈ ਆਪਣੇ ਵਕੀਲ ਏਪੀਐਸ ਦਿਓਲ ਤੇ ਐਚਐਸ ਧਨੋਆ ਰਾਹੀਂ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਸੀ। ਦੂਜੇ ਪਾਸੇ ਇਸੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਜ਼ਮਾਨਤ ਪਟੀਸ਼ਨ ਨੂੰ ਖਾਰਿਜ ਕਰਨ ਲਈ ਵੱਖਰੇ ਤੌਰ ’ਤੇ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿਚ ਪੰਜਾਬ ਸਰਾਕਰ ਦੇ ਪਬਲਿਕੀ ਪ੍ਰਾਸਿਕਿਊਟਰ ਸਤਰੇਜ ਨਰੂਲਾ, ਜ਼ਿਲ੍ਹਾ ਅਟਾਰਨੀ ਸੰਜੀਵ ਬੱਤਰਾ ਤੇ ਐਸਆਈਟੀ ਨੇ ਆਪਣਾ ਪੱਖ ਵੱਖਰੇ ਤੌਰ ’ਤੇ ਰਖਿਆ। ਉਨ੍ਹਾਂ ਦਾ ਦੋਸ਼ ਸੀ ਕਿ ਸੁਮੇਧ ਸੈਣੀ ਨੇ ਪਹਿਲਾਂ ਦਿੱਤੀ ਜ਼ਮਾਨਤ ਦੀਆਂ ਹਿਦਾਇਤਾਂ ਦੇ ਉਲਟ ਗਵਾਹਾਂ ਨੂੰ ਧਮਕਾਇਆ ਸੀ। ਇਕ ਸਾਬਕਾ ਥਾਣੇਦਾਰ ਅਨੋਖ ਸਿੰਘ ਨੇ ਡਰ ਦੇ ਮਾਰੇ ਗਵਾਹ ਤੱਕ ਬਣਨ ਤੋਂ ਇਨਕਾਰ ਕਰ ਦਿੱਤਾ। ਅਜਿਹੇ ’ਚ ਜ਼ਮਾਨਤ ਨਹੀਂ ਦਿੱਤੀ ਜਾਣਗੀ।
ਸਰਕਾਰੀ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਸੁਮੇਧ ਸੈਣੀ ਜਾਂਚ ਅਫਸਰ ਨੂੰ ਬਿਨਾਂ ਦੱਸੇ 20 ਤੇ 21 ਅਗਸਤ ਨੂੰ ਘਰੋਂ ਬਾਹਰ ਗਏ ਸਨ। ਜਦਕਿ ਉਨ੍ਹਾਂ ਨੂੰ ਮੈਡੀਕਲ ਐਮਰਜੈਂਸੀ ਜਾਂ ਜਾਂਚ ਲਈ ਹੀ ਘਰੋਂ ਬਾਹਰ ਨਿਕਲਣ ਦੀ ਇਜਾਜ਼ਤ ਸੀ। ਇੰਨਾ ਹੀ ਨਹੀਂ ਜਦੋਂ ਮਟੌਰ ਥਾਣੇ ਦੀ ਪੁਲਿਸ ਉਨ੍ਹਾਂ ਦੇ ਚੰਡੀਗੜ੍ਹ ਦੇ ਸੈਕਟਰ-20 ਸਥਿਤ ਘਰ ਗਈ ਸੀ ਤਾਂ ਉਹ ਉਥੇ ਵੀ ਗੈਰ-ਹਾਜ਼ਰ ਸਨ। ਸੈਣੀ ਦੇ ਕਹਿਣ ’ਤੇ ਉਨ੍ਹਾਂ ਦੇ ਗੰਨਮੈਨ ਨੇ ਵੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇਣ ਤੋਂ ਮਨਾ ਕਰ ਦਿੱਤਾ ਸੀ। ਦੱਸਣਯੋਗ ਹੈ ਕਿ ਸੁਮੇਧ ਸੈਣੀ ’ਤੇ 29 ਸਾਲ ਪਹਿਲਾਂ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਹੁਣ ਕਤਲ ਦੀ ਧਾਰਾ ਵੀ ਜੋੜ ਦਿੱਤੀ ਗਈ ਹੈ।