Govt employees return to strike : ਚੰਡੀਗੜ੍ਹ : ਪੰਜਾਬ ਸਕੱਤਰੇਤ ਅਤੇ ਸਰਕਾਰੀ ਵਿਭਾਗਾਂ ਦੇ ਸਾਰੇ ਮੁਲਾਜ਼ਮਾਂ ਨੇ ਸੂਬੇ ਵਿਚ ਸ਼ੁਰੂ ਕੀਤੀ ਗਈ ਕਲਮ ਛੋੜ ਹੜਤਾਲ ਵਾਪਿਸ ਲੈਣ ਦਾ ਫੈਸਲਾ ਲਿਆ ਹੈ। ਹੁਣ ਸਾਰੇ ਮੁਲਾਜ਼ਮ ਸੋਮਵਾਰ ਤੋਂ ਆਪਣੇ ਦਫਤਰਾਂ ਵਿਚ ਵਾਪਿਸ ਕੰਮਾਂ ’ਤੇ ਪਰਤ ਆਉਣਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਮਨਿਸਟਰੀਅਲ ਸਰਵਿਸੀਜ਼ ਯੂਨੀਅਨ ਮੇਘ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਾਕਰ ਵੱਲੋਂ ਗੈਰ-ਵਿੱਤੀ ਮੰਗਾਂ ਮਨਜ਼ੂਰ ਕਰਨ ਅਤੇ ਕੀਤੀ ਗਈ ਅਪੀਲ ਦੇ ਮੱਦੇਨਜ਼ਰ ਕਰਮਚਾਰੀਆਂ ਵੱਲੋਂ 24 ਅਗਸਤ ਤੋਂ ਕੰਮ ’ਤੇ ਪਰਤਨ ਦਾ ਫੈਸਲਾ ਲਿਆ ਗਿਆ ਹੈ, ਜਿਸ ਦੇ ਚੱਲਦਿਆਂ ਹੜਤਾਲ ਨੂੰ 31 ਅਗਸਤ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।
ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਫੇਸਬੁੱਕ ‘ਤੇ ਲਾਈਵ ਹੋ ਕੇ ਸਕੱਤਰੇਤ ਅਤੇ ਜ਼ਿਲ੍ਹਿਆਂ ਦੇ ਹੜਤਾਲ ‘ਤੇ ਚੱਲ ਰਹੇ ਕਰਮਚਾਰੀਆਂ ਨੂੰ ਵਿਰੋਧ ਪ੍ਰਦਰਸ਼ਨ ਖਤਮ ਕਰਕੇ ਕੰਮ ‘ਤੇ ਵਾਪਸ ਪਰਤਣ ਦੀ ਅਪੀਲ ਕਰਦਿਆਂ ਕਿਹਾ ਸੀ ਕਿ ਸਰਕਾਰ ਕੋਵਿਡ ਮਹਾਂਮਾਰੀ ਦੀ ਔਖੀ ਘੜੀ ਅਤੇ ਵਿੱਤੀ ਸੰਕਟ ਦੇ ਬਾਵਜੂਦ ਕਰਮਚਾਰੀਆਂ ਦੀਆਂ ਪੈਂਡਿੰਗ ਪਈਆਂ ਮੰਗਾਂ ਨੂੰ ਪੂਰਾ ਕਰਨ ਲਈ ਯਤਨ ਕਰ ਰਹੀ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਵਿਰੁੱਧ ਪੰਜਾਬ ਸਕੱਤਰੇਤ ਅਤੇ ਸੂਬੇ ਦੇ ਬਾਕੀ ਸਰਕਾਰੀ ਵਿਭਾਗਾਂ ਵੱਲੋਂ 6 ਅਗਸਤ ਨੂੰ ਕਲਮ ਛੋੜ ਹੜਤਾਲ ਸ਼ੁਰੂ ਕੀਤੀ ਗਈ ਸੀ। ਇਹ ਹੜਤਾਲ ਸਰਕਾਰ ਵੱਲੋਂ ਮੁਲਾਜਮਾਂ ਦੀਆਂ ਤਨਖਾਹਾਂ ਵਿੱਚੋਂ ਹਰ ਮਹੀਨੇ ਕਟੌਤੀ ਕਰਨ, ਡੀ ਏ ਦਾ ਬਕਾਇਆ, ਪੇ – ਕਮਿਸ਼ਨ ਨਾ ਲਾਗੂ ਕਰਨਾ, ਮੋਬਾਈਲ ਭੱਤੇ ਵਿੱਚ ਕਟੌਤੀ ਆਦਿ ਦੇ ਰੋਸ ਵਜੋਂ ਕੀਤੀ ਜਾ ਰਹੀ ਸੀ।