ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ MSP ਤੋਂ ਘੱਟ ਮੂੰਗੀ ਦੀ ਫਸਲ ਵੇਚਣ ਵਾਲੇ ਕਿਸਾਨਾਂ ਦੇ ਹਿੱਤ ਵਿੱਚ ਵੱਡਾ ਫੈਸਲਾ ਲੈਂਦੇ ਹੋਏ 1000 ਰੁਪਏ ਪ੍ਰਤੀ ਕੁਇੰਟਲ ਤੱਕ ਦਾ ਨੁਕਸਾਨ ਦੀ ਭਰਪਾਈ ਦਾ ਐਲਾਨ ਕੀਤਾ ਹੈ।
ਮੂੰਗੀ ਦੀ ਖ਼ਰੀਦ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਜਿਨ੍ਹਾਂ ਕਿਸਾਨਾਂ ਨੇ ਮੂੰਗੀ ਦੀ ਫਸਲ ਦੀ ਬਿਜਾਈ ਕੀਤੀ ਸੀ, ਸਾਡੀ ਸਰਕਾਰ ਉਨ੍ਹਾਂ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦੇਵੇਗੀ। ਇਸ ਸੰਬੰਧ ‘ਚ ਵਿੱਤ ਵਿਭਾਗ ਨੂੰ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ MSP ਤੋਂ ਘੱਟ ਖਰੀਦੀ ਗਈ ਮੂੰਗੀ ਦੇ ਨੁਕਸਾਨ ਦੀ ਭਰਪਾਈ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ |
ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਕਿਸੇ ਵੀ ਕਿਸਾਨ ਨੂੰ ਭਟਕਣਾ ਨਾ ਪਵੇ ਅਤੇ ਹਰੇਕ ਕਿਸਾਨ ਨੂੰ ਇਸ ਦਾ ਲਾਭ ਮਿਲੇ।
ਉਨ੍ਹਾਂ ਕਿਹਾ ਕਿ ਇਹ ਪ੍ਰੋਤਸਾਹਨ ਉਨ੍ਹਾਂ ਸਾਰੇ ਮੂੰਗੀ ਕਾਸ਼ਤਕਾਰਾਂ ਨੂੰ ਦਿੱਤਾ ਜਾ ਰਿਹਾ ਹੈ, ਜਿਨ੍ਹਾਂ ਨੇ ਆਪਣੀ ਫ਼ਸਲ ਪਹਿਲਾਂ ਹੀ ਵੇਚ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਸਬੰਧੀ ਨਿਯਮਾਂ ਵਿੱਚ ਲੋੜੀਂਦੀ ਸੋਧ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਾਲ 2021-22 ਵਿੱਚ ਮੂੰਗੀ ਦੀ ਕੁੱਲ ਆਮਦ 2.98 ਲੱਖ ਕੁਇੰਟਲ ਸੀ ਜਦੋਂਕਿ ਸੂਬਾ ਸਰਕਾਰ ਵੱਲੋਂ ਫਸਲ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੇ ਐਲਾਨ ਤੋਂ ਬਾਅਦ ਮੌਜੂਦਾ ਸੀਜ਼ਨ 2022-23 ਵਿੱਚ ਮੂੰਗੀ ਦੀ ਆਮਦ 4 ਲੱਖ ਕੁਇੰਟਲ ਹੋਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਮਾਰਕਫੈੱਡ ਵੱਲੋਂ ਪਹਿਲੀ ਵਾਰ 7275 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮੂੰਗੀ ਦੀ ਖਰੀਦ ਕੀਤੀ ਜਾ ਰਹੀ ਹੈ।
ਦੂਜੇ ਪਾਸੇ ਸੀ.ਐੱਮ. ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਰਿਪੋਰਟਾਂ ਮਿਲੀਆਂ ਸਨ ਕਿ ਫਸਲ ਦੇ ਨੁਕਸਾਨ ਕਰਕੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦ ਨਹੀਂ ਕੀਤੀ ਜਾ ਰਹੀ।
ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ‘ਤੇ ਆਪਣਾ ਅਨਾਜ ਵੇਚਣ ਦੇ ਸਮਰੱਥ ਨਹੀਂ ਹਨ, ਉਨ੍ਹਾਂ ਨੂੰ ਰਾਹਤ ਦੇਣ ਲਈ ਸੂਬਾ ਸਰਕਾਰ ਉਨ੍ਹਾਂ ਨੂੰ ਇਹ ਪ੍ਰੋਤਸਾਹਨ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ 7000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵਿਕਣ ਵਾਲੀ ਫ਼ਸਲ ਲਈ 275 ਰੁਪਏ ਪ੍ਰਤੀ ਕੁਇੰਟਲ ਦਾ ਵਾਧੂ ਸਮਰਥਨ ਪ੍ਰੋਤਸਾਹਨ ਦਿੱਤਾ ਜਾ ਰਿਹਾ ਹੈ। ਜਿਨ੍ਹਾਂ ਕਿਸਾਨਾਂ ਨੇ ਮੂੰਗੀ 6500 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵੇਚੀ ਹੈ, ਉਨ੍ਹਾਂ ਨੂੰ 775 ਰੁਪਏ ਅਤੇ 6000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵੇਚਣ ਵਾਲੇ ਕਿਸਾਨਾਂ ਨੂੰ 1000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਪ੍ਰੋਤਸਾਹਨ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਖਰਾਬ ਹੋਈ ਮੂੰਗੀ ਦੀ ਫਸਲ ਦੀ ਖਰੀਦ ਲਈ ਮੌਜੂਦਾ ਮਾਪਦੰਡਾਂ ਵਿੱਚ ਢਿੱਲ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੱਚੀ, ਸੁੰਗੜ ਚੁੱਕੀ ਜਾਂ ਪੱਕਣ ਵਾਲੀ ਮੂੰਗੀ ਦੀ ਵੱਧ ਤੋਂ ਵੱਧ ਸਹਿਣਸ਼ੀਲਤਾ ਤਿੰਨ ਤੋਂ ਅੱਠ ਫੀਸਦੀ, ਖਰਾਬ ਮੂੰਗੀ ਦੀ ਟੋਲਰੈਂਸ ਤਿੰਨ ਤੋਂ ਵਧਾ ਕੇ ਛੇ ਫੀਸਦੀ ਅਤੇ ਥੋੜ੍ਹੀ ਖਰਾਬ ਮੂੰਗੀ ਦੀ ਸਹਿਣਸ਼ੀਲਤਾ ਚਾਰ ਤੋਂ ਸੱਤ ਫੀਸਦੀ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: