Govt will provide free : ਚੰਡੀਗੜ੍ਹ : ਸਰਕਾਰੀ ਸਕੂਲਾਂ ਵਿਚ ਬਾਰ੍ਹਵੀਂ ਦੇ ਵਿਦਿਆਰਥੀਆਂ ਲਈ ਖੁਸ਼ਖਬਰੀ ਹੈ ਕਿ ਨਵੰਬਰ ਤੱਕ ਉਨ੍ਹਾਂ ਨੂੰ ਮੁਫਤ ਸਮਾਰਟ ਫੋਨ ਮਿਲ ਜਾਣਗੇ। ਦੱਸਣਯੋਗ ਹੈ ਕਿ ਪੰਜਾਬ ਕੈਬਨਿਟ ਨੇ ਬੁੱਧਵਾਰ ਨੂੰ ਨਵੰਬਰ ਮਹੀਨੇ ਤੱਕ 1,73,823 ਸਮਾਰਟ ਫੋਨ ਵੰਡਣ ਦਾ ਫੈਸਲਾ ਕੀਤਾ ਹੈ ਤਾਂਜੋ ਇਸ ਸਾਲ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਆਨਲਾਈਨ ਪੜ੍ਹਾਈ ਕਰਨ ਵਿਚ ਕੋਈ ਪ੍ਰੇਸ਼ਾਨੀ ਨਾ ਹੋਵੇ। ਇਹ ਸਮਾਰਟ ਫੋਨ ਵਿਦਿਆਰਥੀਆਂ ਤੇ ਵਿਦਆਰਥਣਾਂ ਦੋਹਾਂ ਵਿਚ ਵੰਡੇ ਜਾਣਗੇ। ਦੱਸ ਦੇਈਏ ਕਿ ਪਹਿਲਾਂ ਸਿਰਫ ਵਿਦਿਆਰਥਣਾਂ ਨੂੰ ਇਹ ਫੋਨ ਵੰਡਣ ਦੀ ਗੱਲ ਕਹੀ ਗਈ ਸੀ ਪਰ ਹੁਣ 12ਵੀਂ ਜਮਾਤ ਦੇ ਸਰਕਾਰੀ ਸਕੂਲਾਂ ਵਿਚ ਪੜਦੇ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਜਿਨਾਂ ਕੋਲ ਆਨਲਾਈਨ ਕਲਾਸਾਂ ਲਾਉਣ ਲਈ ਸਹਾਈ ਹੋਣ ਵਾਲੇ ਸਮਾਰਟ ਫੋਨ ਨਹੀਂ ਹਨ, ਦੋਵਾਂ ਨੂੰ ਹੀ ਸਮਾਰਟ ਫੋਨ ਵੰਡੇ ਜਾਣਗੇ।
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੂੰ 50 ਹਜ਼ਾਰ ਫੋਨਾਂ ਦੀ ਪਹਿਲੀ ਖੇਪ ਹਾਸਲ ਹੋ ਚੁੱਕੀ ਹੈ ਅਤੇ ਦੂਜੀ ਖੇਪ ਛੇਤੀ ਹੀ ਹਾਸਲ ਕਰ ਲਈ ਜਾਵੇਗੀ ਅਤੇ ਇਨਾਂ ਸਮਾਰਟ ਫੋਨਾਂ ਦੀ ਵੰਡ ਦੀ ਸਾਰੀ ਪ੍ਰਕਿਰਿਆ ਨਵੰਬਰ ਮਹੀਨੇ ਤੱਕ ਪੂਰੀ ਕਰ ਲਈ ਜਾਵੇਗੀ। ਜ਼ਿਕਰਯੋਗ ਹੈ ਕਿ ਇਨ੍ਹਾਂ ਫੋਨਾਂ ਵਿਚ ਸਕੂਲ ਸਿੱਖਿਆ ਵਿਭਾਗ ਦੁਆਰਾ ਪ੍ਰਵਾਨਗੀ ਹਾਸਲ 11ਵੀਂ ਤੇ 12ਵੀਂ ਜਮਾਤ ਦਾ ਈ-ਪਾਠਕ੍ਰਮ ਸ਼ਾਮਲ ਹੋਵੇਗਾ। ਇਸ ਤੋਂ ਇਲਾਵਾ ਕਈ ਸਮਾਰਟ ਫੀਚਰ ਜਿਵੇਂ ਕਿ ਟੱਚ ਸਕਰੀਨ, ਕੈਮਰਾ ਅਤੇ ਪਹਿਲਾਂ ਤੋਂ ਲੋਡ ਕੀਤੀਆਂ ਸਰਕਾਰੀ ਐਪਲੀਕੇਸ਼ਨਾਂ ਜਿਵੇਂ ਕਿ ‘ਈ-ਸੇਵਾ ਐਪ’ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਦੱਸ ਦੇਈਏ ਕਿ ਕੈਬਨਿਟ ਵੱਲੋਂ ਇਸ ਗੱਲ ਦਾ ਨੋਟਿਸ ਲਿਆ ਗਿਆ ਕਿ ਅਕਾਦਮਿਕ ਵਰੇ 2020-21 ਦੇ ਪਹਿਲੇ ਚਾਰ ਮਹੀਨੇ ਕੈਂਪਸ ਵਿਖੇ ਰੈਗੂਲਰ ਕਲਾਸਾਂ ਤੋਂ ਬਗੈਰ ਹੀ ਲੰਘ ਗਏ ਹਨ ਅਤੇ ਜਦੋਂ ਕਿ ਪ੍ਰਾਈਵੇਟ ਸਕੂਲ ਆਨਲਾਈਨ ਕਲਾਸਾਂ ਲੈ ਰਹੇ ਹਨ ਤਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਖਾਸ ਕਰਕੇ 12ਵੀਂ ਜਮਾਤ ਵਿਚ ਪੜਣ ਵਾਲਿਆਂ ਨੂੰ ਕਾਫੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਦੇ ਚੱਲਦਿਆਂ ਇਹ ਫੈਸਲਾ ਲਿਆ ਗਿਆ।