ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਨਗਰ ਕੌਂਸਲ ਗੁਰਦਾਸਪੁਰ ਦੇ ਕਾਰਜਕਾਰੀ ਅਧਿਕਾਰੀ (ਈ.ਓ.) ਅਸ਼ੋਕ ਕੁਮਾਰ ਨੂੰ ਸੂਬਾ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਗ੍ਰਾਂਟਾਂ ਵਿੱਚ ਘਪਲਾ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਨਗਰ ਕੌਂਸਲ ਦੀਨਾਨਗਰ ਨੂੰ ਵਿਕਾਸ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਸਨ। ਵਿਜੀਲੈਂਸ ਬਿਊਰੋ ਵੱਲੋਂ ਕੀਤੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਈ.ਓ. ਅਸ਼ੋਕ ਕੁਮਾਰ ਨੇ ਦੀਨਾਨਗਰ ਵਿਖੇ ਆਪਣੀ ਤਾਇਨਾਤੀ ਦੌਰਾਨ ਇੱਕ ਸਥਾਨਕ ਵਿਕਰੇਤਾ ਤੋਂ ਸਟਰੀਟ ਲਾਈਟਾਂ ਦੀ ਖਰੀਦ ਲਈ 1,97,000 ਰੁਪਏ ਦਾ ਫ਼ਰਜੀ ਬਿੱਲ ਪ੍ਰਵਾਨ ਕੀਤਾ ਸੀ ਪਰ ਅਸਲ ਵਿੱਚ ਇਸ ਸਬੰਧੀ ਕੋਈ ਖਰੀਦ ਹੀ ਨਹੀਂ ਕੀਤੀ ਗਈ। ਉਸ ਨੇ ਨਿੱਜੀ ਹਿੱਤਾਂ ਲਈ ਪੈਸੇ ਦਾ ਗਬਨ ਕਰਨ ਅਤੇ ਵਿਭਾਗ ਨੂੰ ਭੇਜੇ ਜਾਣ ਵਾਲੇ ਉਪਯੋਗਤਾ ਸਰਟੀਫਿਕੇਟ ਵਜੋਂ ਵਰਤਣ ਲਈ ਇਹ ਫ਼ਰਜੀ ਬਿੱਲ ਤਿਆਰ ਕੀਤਾ ਸੀ।
ਇਹ ਵੀ ਪੜ੍ਹੋ : ਰੂਹ ਕੰਬਾਊ ਘਟਨਾ, ‘ਹਿੰਦੀ ਥੋਪਣ’ ਦਾ ਵਿਰੋਧ ਕਰ ਰਹੇ ਕਿਸਾਨ ਨੇ ਖੁਦ ਨੂੰ ਲਾਈ ਅੱਗ, ਮੌਕੇ ‘ਤੇ ਮੌਤ
ਉਨ੍ਹਾਂ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਈ.ਓ. ਨੇ ਦੀਨਾਨਗਰ ਨਗਰ ਕੌਂਸਲ ਲਈ ਪੀ.ਐਮ.ਆਈ.ਡੀ.ਸੀ. ਸਕੀਮ ਤਹਿਤ ਜਾਰੀ ਕੀਤੀਆਂ ਗ੍ਰਾਂਟਾਂ ਵਿੱਚ ਵੀ ਘਪਲਾ ਕੀਤਾ ਹੈ। ਇਸ ਸਬੰਧੀ ਉਕਤ ਈ.ਓ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ।
ਵੀਡੀਓ ਲਈ ਕਲਿੱਕ ਕਰੋ -: