ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਵਿੱਚ ਸਿਹਤ ਮੰਤਰੀ ਰਹੇ ਡਾਕਟਰ ਵਿਜੇ ਸਿੰਗਲਾ ਨੂੰ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰ ਦਿੱਤਾ ਗਿਆ ਹੈ। ਉਨ੍ਹਾਂ ‘ਤੇ ਭ੍ਰਿਸ਼ਟਾਚਾਰ ਦਾ ਦੋਸ਼ ਲੱਗਾ ਹੈ। ਵਿਜੇ ਸਿੰਗਲਾ ਸਿਹਤ ਵਿਭਾਗ ਵਿੱਚ ਹਰ ਕੰਮ ਅਤੇ ਟੈਂਡਰ ਲਈ 1 ਫੀਸਦੀ ਕਮਿਸ਼ਨ ਦੀ ਮੰਗ ਕਰ ਰਹੇ ਸਨ। ਇਸ ਦੀ ਸ਼ਿਕਾਇਤ ਸੀ.ਐੱਮ. ਭਗਵੰਤ ਮਾਨ ਤੱਕ ਪਹੁੰਚ ਗਈ ਸੀ। ਉਨ੍ਹਾਂ ਨੇ ਇਸ ਦੀ ਗੁਪਤ ਜਾਂਚ ਕਰਵਾਈ। ਅਧਿਕਾਰੀਆਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਮੰਤਰੀ ਸਿੰਗਲਾ ਨੂੰ ਤਲਬ ਕੀਤਾ ਗਿਆ। ਮੰਤਰੀ ਨੇ ਗਲਤੀ ਮੰਨ ਲਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਬਰਖਾਸਤ ਕਰ ਦਿੱਤਾ ਗਿਆ।
ਇਸ ‘ਤੇ ਭਾਜਪਾ ਆਗੂ ਹਰਜੀਤ ਗਰੇਵਾਲ ਨੇ ਮੁੱਖ ਮੰਤਰੀ ਮਾਨ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਹੈ ਕਿ ‘ਭਗਵੰਤ ਮਾਨ ਕੋਲ ਸਰਕਾਰ ਚਲਾਉਣ ਦਾ ਤਜਰਬਾ ਨਹੀਂ ਹੈ, ਜੇਕਰ ਕੋਈ ਭ੍ਰਿਸ਼ਟਾਚਾਰ ਵਿਚ ਸ਼ਾਮਲ ਸੀ ਤਾਂ ਉਸ ਨੂੰ ਪਹਿਲਾਂ ਬੁਲਾ ਕੇ ਜਵਾਬ ਦੇਣ ਲਈ ਸਮਾਂ ਦਿੱਤਾ ਜਾਂਦਾ, ਇਹ ਕੋਈ ਤਰੀਕਾ ਨਹੀਂ ਹੈ ਕਿ ਕਿਸੇ ਨੂੰ ਵੀ ਇਕਦਮ ਬਰਖਾਸਤ ਕਰ ਦਿਓ।’
ਇਹ ਵੀ ਪੜ੍ਹੋ : ਮਾਨ ਸਰਕਾਰ ਦਾ ਵੱਡਾ ਫੈਸਲਾ, ਗਰੁੱਪ ‘ਸੀ’, ‘ਡੀ’ ਦੀਆਂ ਅਸਾਮੀਆਂ ਲਈ ਪੰਜਾਬੀ ਯੋਗਤਾ ਟੈਸਟ ਕੀਤਾ ਲਾਜ਼ਮੀ
ਦੱਸ ਦੇਈਏ ਕਿ ਲਗਭਗ ਦਸ ਦਿਨ ਪਹਿਲਾਂ ਇੱਕ ਅਧਿਕਾਰੀ ਨੇ ਮੁੱਖ ਮੰਤਰੀ ਦਫ਼ਤਰ ਵਿੱਚ ਵਿਜੇ ਸਿੰਗਲਾ ਵੱਲੋਂ ਕੀਤੇ ਜਾ ਰਹੇ ਭ੍ਰਿਸ਼ਟਾਚਾਰ ਦੀ ਖ਼ਬਰ ਦਿੱਤੀ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਅਧਿਕਾਰੀ ਨੂੰ ਭਰੋਸਾ ਦਿੱਤਾ ਸੀ ਕਿ ਉਹ ਉਨ੍ਹਾਂ ਦੇ ਨਾਲ ਹਨ ਅਤੇ ਉਨ੍ਹਾਂ ਨੂੰ ਕਿਸੇ ਵੀ ਮੰਤਰੀ ਤੋਂ ਡਰਨ ਦੀ ਲੋੜ ਨਹੀਂ, ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਅਫਸਰ ਦੀ ਮਦਦ ਨਾਲ ਇਕ ਆਪ੍ਰੇਸ਼ਨ ਨੂੰ ਅੰਜਾਮ ਦਿੱਤਾ ਗਿਆ, ਜਿਸ ‘ਚ ਸਪੱਸ਼ਟ ਹੋ ਗਿਆ ਕਿ ਮੰਤਰੀ ਵਿਜੇ ਸਿੰਗਲਾ ਅਤੇ ਉਨ੍ਹਾਂ ਦੀ ਖਾਸ ਪਛਾਣ ਵਾਲੇ ਇਕ ਪਰਸੈਂਟ ਕਮਿਸ਼ਨ ਦੀ ਮੰਗ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: