ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਾਰਜਕਾਰੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੋਈ ਮੀਟਿੰਗ ਨੂੰ ‘ਪੰਜਾਬ ਨਾਲ ਧੋਖਾ’ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ, ਕੈਪਟਨ ਤੇ ਭਾਰਤੀ ਜਨਤਾ ਪਾਰਟੀ ਨੇ ਹਮੇਸ਼ਾ ਹੀ ਪੰਜਾਬ ਵਿਰੋਧੀ ਨੀਤੀਆਂ ਅਤੇ ਸਾਜ਼ਿਸ਼ਾਂ ਨੂੰ ਅਪਣਾਇਆ ਹੈ।
ਚੀਮਾ ਨੇ ਦੋਸ਼ ਲਾਇਆ ਕਿ ਭਾਖੜਾ ਬਿਆਸ ਮੈਨੇਜਮੈਂਟ ਕਮੇਟੀ ਅਤੇ ਚੰਡੀਗੜ੍ਹ ਮੁੱਦੇ ਦਾ ਬਹਾਨਾ ਬਣਾ ਕੇ ਚੰਨੀ ਅਤੇ ਕੈਪਟਨ ਦੀ ਅਮਿਤ ਸ਼ਾਹ ਨਾਲ ਮੀਟਿੰਗਾਂ ਦਾ ਏਜੰਡਾ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ਤੋਂ ਰੋਕਣਾ ਸੀ। ਮੰਗਲਵਾਰ ਨੂੰ ਪਾਰਟੀ ਹੈੱਡਕੁਆਰਟਰ ਤੋਂ ਜਾਰੀ ਇਕ ਬਿਆਨ ਵਿਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਅਤੇ ਚੰਡੀਗੜ੍ਹ ਵਿਚ ਪੰਜਾਬ ਦੀ ਹਿੱਸੇਦਾਰੀ ਖਤਮ ਕਰਨ ਦਾ ਮੁੱਦਾ ਪਿਛਲੇ ਕਾਫੀ ਸਮੇਂ ਤੋਂ ਲੋਕਾਂ ਦੇ ਦਿਮਾਗ ‘ਚ ਹੈ, ਕਿਉਂਕਿ ਭਾਜਪਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਕਈ ਪੰਜਾਬ ਵਿਰੋਧੀ ਫੈਸਲਿਆਂ ਨੂੰ ਲਾਗੂ ਕਰਨ ਲਈ ਵਰਤਿਆ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਕੇਂਦਰ ਦੇ ਜ਼ੁਲਮ ਵਿਰੁੱਧ ਚੁੱਪ ਹਨ। ਹੁਣ ਜਦੋਂ ਸਾਰੇ ਐਗਜ਼ਿਟ ਪੋਲ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੇ ਸੰਕੇਤ ਦੇ ਰਹੇ ਹਨ ਤਾਂ ਇਨ੍ਹਾਂ ਰਵਾਇਤੀ ਪਾਰਟੀਆਂ ਦੇ ਆਗੂ ਮੁੜ ਪੰਜਾਬ ਅਤੇ ਆਮ ਆਦਮੀ ਪਾਰਟੀ ਵਿਰੁੱਧ ਸਾਜ਼ਿਸ਼ਾਂ ਰਚਣ ਲਈ ਇਕੱਠੇ ਹੋ ਰਹੇ ਹਨ।
ਚੀਮਾ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਚੰਨੀ ਨੇ ਪੰਜਾਬ ਦੇ ਮਸਲਿਆਂ ਬਾਰੇ ਅਮਿਤ ਸ਼ਾਹ ਨਾਲ ਗੱਲ ਕੀਤੀ ਸੀ ਤਾਂ ਉਨ੍ਹਾਂ ਨੂੰ ਉਨ੍ਹਾਂ ਮੁੱਦਿਆਂ ਦੇ ਹੱਲ ਬਾਰੇ ਲੋਕਾਂ ਨੂੰ ਜਾਣੂ ਕਰਵਾਉਣਾ ਚਾਹੀਦਾ ਹੈ ਕਿਉਂਕਿ ਅਮਿਤ ਸ਼ਾਹ ਨਾਲ ਆਪਣੀ ਪਿਛਲੀ ਮੀਟਿੰਗ ਦੌਰਾਨ ਮੁੱਖ ਮੰਤਰੀ ਚੰਨੀ ਨੇ ਅੱਧਾ ਪੰਜਾਬ ਕੇਂਦਰ ਸਰਕਾਰ ਨੂੰ ਸੌਂਪ ਦਿੱਤਾ ਸੀ ਅਤੇ ਬੀਐਸਐਫ ਦਾ ਘੇਰਾ 50 ਕਿਲੋਮੀਟਰ ਤੱਕ ਵਧਾ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਕੇਂਦਰੀ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਕੈਪਟਨ ਅਮਰਿੰਦਰ ਸਿੰਘ ਦੇ ਨਾਲ-ਨਾਲ ਮੁੱਖ ਮੰਤਰੀ ਚੰਨੀ ਦੀ ਬਾਂਹ ਮਰੋੜ ਰਿਹਾ ਹੈ ਅਤੇ ਇਹ ਆਗੂ ਆਪਣੇ ਆਪ ਨੂੰ ਬਚਾਉਣ ਲਈ ਮੋਦੀ ਸਰਕਾਰ ਦੇ ਪੰਜਾਬ ਵਿਰੋਧੀ ਫੈਸਲਿਆਂ ‘ਤੇ ਚੁੱਪ ਹਨ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਰਵਾਇਤੀ ਪਾਰਟੀਆਂ ਦੇ ਪੰਜਾਬ ਵਿਰੋਧੀ ਮਨਸੂਬਿਆਂ ਨੂੰ ਪੂਰੀ ਤਰ੍ਹਾਂ ਨਾਕਾਮ ਕਰ ਦੇਣਗੇ। ਚੀਮਾ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਇੱਕਪਾਸੜ ਵੋਟਾਂ ਪਾਈਆਂ ਹਨ, ਜਿਸ ਦੀ ਪੁਸ਼ਟੀ ਐਗਜ਼ਿਟ ਪੋਲ ਨੇ ਕੀਤੀ ਹੈ। 10 ਮਾਰਚ ਨੂੰ ਆਉਣ ਵਾਲੇ ਨਤੀਜੇ ਹੋਰ ਵੀ ਹੈਰਾਨੀਜਨਕ ਹੋਣਗੇ ਅਤੇ ਰਵਾਇਤੀ ਪਾਰਟੀਆਂ ਦੀ ਹਕੂਮਤ ਅਤੇ ਉਨ੍ਹਾਂ ਦੀ ਭ੍ਰਿਸ਼ਟ ਰਾਜਨੀਤੀ ਦਾ ਅੰਤ ਹੋ ਜਾਵੇਗਾ।