ਅਕਾਲੀ ਦਲ ਦੇ ਸੰਸਦ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬੁੱਧਵਾਰ ਨੂੰ ਸੰਸਦ ਵਿੱਚ ਕੇਂਦਰ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਸਾਨਾਂ ਦੀ ਆਮਦਨ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣੇ ਵਾਅਦਿਆਂ ਨੂੰ ਭੁੱਲ ਗਈ ਹੈ ਅਤੇ ਲਗਾਤਾਰ ਕਿਸਾਨਾਂ ਨੂੰ ਡੂੰਘੇ ਸੰਕਟ ਵੱਲ ਧੱਕ ਰਹੀ ਹੈ।
ਉਨ੍ਹਾਂ ਕਿਹਾ ਕਿ ਖੇਤੀ ਮਸ਼ੀਨਰੀ ਅਤੇ ਖਾਦਾਂ, ਦਵਾਈਆਂ ‘ਤੇ ਜੀਐਸਟੀ ਦੇ ਵਾਧੇ ਨੇ ਖੇਤੀ ਲਾਗਤਾਂ ਦੀ ਕੀਮਤ ਕਈ ਗੁਣਾ ਵਧਾ ਦਿੱਤੀ ਹੈ, ਜਦੋਂ ਕਿ MSP ਵਿੱਚ ਮਾਮੂਲੀ ਵਾਧਾ ਹੋਇਆ ਹੈ। ਪੰਜਾਬ ਦੇ ਕਿਸਾਨਾਂ ਨੂੰ ਲਤਾੜਨ ਤੋਂ ਇਲਾਵਾ ਹੋਰ ਰਾਜ ਅਤੇ ਕੇਂਦਰ ਪੰਜਾਬ ਦੇ ਨਿੱਜੀ ਅਦਾਰਿਆਂ, ਜਲਘਰਾਂ, ਚੰਡੀਗੜ੍ਹ ਦੇ ਅਧਿਕਾਰ ਵਾਲੇ ਇਲਾਕਿਆਂ ‘ਤੇ ਜ਼ਬਰਦਸਤੀ ਹੱਕ ਥੋਪ ਰਹੇ ਹਨ। ਇਹ ਸਭ ਕੁਝ ਪੰਜਾਬ ਅਤੇ ਪੰਜਾਬੀਅਤ ਦੀ ਹੋਂਦ ਦੇ ਵਿਰੁੱਧ ਹੈ ਅਤੇ ਬਹੁਤ ਵੱਡਾ ਵਿਤਕਰਾ ਹੈ।
ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਨਾਲ ਕੀਤੇ ਵਾਅਦੇ ਮੁਤਾਬਕ ਘੱਟੋ-ਘੱਟ ਸਮਰਥਨ ਮੁੱਲ ਨੂੰ ਵੀ ਕਾਨੂੰਨੀ ਹੱਕ ਬਣਾਵੇ ਤਾਂ ਜੋ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਟੀਚਾ ਹਾਸਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜਿੱਥੇ ਪਿਛਲੇ 8 ਸਾਲਾਂ ਵਿੱਚ ਡੀਜ਼ਲ ਦੀ ਕੀਮਤ ਲਗਭਗ ਦੁੱਗਣੀ ਹੋ ਗਈ ਹੈ, ਉਥੇ ਯੂਰੀਆ ਵਰਗੀਆਂ ਖਾਦਾਂ ਦੀ ਕੀਮਤ 175 ਰੁਪਏ ਪ੍ਰਤੀ 50 ਕਿਲੋਗ੍ਰਾਮ ਬੋਰੀ ਤੋਂ ਵਧ ਕੇ 270 ਰੁਪਏ ਪ੍ਰਤੀ 45 ਕਿਲੋਗ੍ਰਾਮ ਹੋ ਗਈ ਹੈ। ਇਸੇ ਤਰ੍ਹਾਂ ਡੀਏਪੀ ਦੀ ਕੀਮਤ 1125 ਰੁਪਏ ਤੋਂ ਵਧਾ ਕੇ 1350 ਰੁਪਏ ਪ੍ਰਤੀ ਬੋਰੀ ਕਰ ਦਿੱਤੀ ਗਈ ਹੈ। ਕੀਟਨਾਸ਼ਕਾਂ ਅਤੇ ਬੀਜਾਂ ‘ਤੇ 18 ਅਤੇ 12 ਫ਼ੀਸਦੀ ਜੀਐੱਸਟੀ ਅਤੇ ਟਰੈਕਟਰਾਂ ‘ਤੇ 28 ਫ਼ੀਸਦੀ ਜੀਐੱਸਟੀ ਲੱਗਦਾ ਹੈ।
ਇਹ ਵੀ ਪੜ੍ਹੋ : ਫਿਰੋਜ਼ਾਬਾਦ ‘ਚ ਵੱਡਾ ਹਾਦਸਾ, ਲੁਧਿਆਣੇ ਤੋਂ ਰਾਏਬਰੇਲੀ ਜਾ ਰਹੀ ਬੱਸ ਪਲਟੀ, 14 ਮਹੀਨੇ ਦੇ ਬੱਚੇ ਸਣੇ 6 ਮੌਤਾਂ
ਉਨ੍ਹਾਂ ਕਿਹਾ ਕਿ ਕਿਵੇਂ ਪੰਜਾਬ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਸੂਬੇ ਦੇ ਦਰਿਆਵਾਂ ਦਾ ਪਾਣੀ ਖੋਹਣ ਦੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਦਕਿ ਦਰਿਆਵਾਂ ਦਾ ਪਾਣੀ ਪੰਜਾਬ ਦਾ ਵਿਸ਼ੇਸ਼ ਅਧਿਕਾਰ ਹੈ। ਸੂਬੇ ਦੀ ਰਾਜਧਾਨੀ ਵਜੋਂ ਚੰਡੀਗੜ੍ਹ ‘ਤੇ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਵੀ ਕੋਝੀ ਸਾਜ਼ਿਸ਼ ਰਚੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: