ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਹਾਈਕੋਰਟ ਵਲੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਸੁਮੇਧ ਸਿੰਘ ਸੈਣੀ ਨੂੰ ਤੁਰੰਤ ਛੱਡਣ ਦੇ ਹੁਕਮ ਜਾਰੀ ਕਰ ਦਿੱਤੇ ਹਨ।
ਹਾਈਕੋਰਟ ਦੇ ਜੱਜ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਸੈਣੀ ਦੀ ਰਿਹਾਈ ਦੇ ਹੁਕਮ ਜਾਰੀ ਕੀਤੇ। ਹਾਈਕੋਰਟ ਨੇ ਮੰਨਿਆ ਕਿ ਸੈਣੀ ਦੀ ਗ੍ਰਿਫਤਾਰੀ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਹੈ। ਅਜੇ ਹੁਕਮਾਂ ਦੀ ਕਾਪੀ ਜਾਰੀ ਨਹੀਂ ਹੋਈ ਹੈ। ਜੱਜ ਨੇ ਸਿਰਫ ਵੀਡੀਓ ਕਾਨਫਰੰਸ ਰਾਹੀਂ ਆਪ੍ਰੇਟਿੰਗ ਪਾਰਟ ਪੜ੍ਹ ਕੇ ਸੁਣਾਇਆ ਹੈ।
ਦੱਸਣਯੋਗ ਹੈ ਕਿ ਸੁਮੇਧ ਸਿੰਘ ਸੈਣੀ ਨੂੰ ਬੁੱਧਵਾਰ ਦੇਰ ਰਾਤ ਵਿਜੀਲੈਂਸ ਵੱਲੋਂ ਕਾਂਸਟੇਬਲ ਭਰਤੀ ਘੁਟਾਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਸੈਣੀ ਬੀਤੇ ਦਿਨ ਵਿਜੀਲੈਂਸ ਅੱਗੇ ਪੇਸ਼ ਹੋਏ ਸਨ ਜਿਸ ਦੌਰਾਨ ਵਿਜੀਲੈਂਸ ਨੂੰ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਸੀ। ਇਸ ਤੋਂ ਬਾਅਦ ਉਸ ਦੇ ਵਕੀਲਾਂ ਨੇ ਵੀਰਵਾਰ ਸਵੇਰੇ ਹਾਈ ਕੋਰਟ ਵਿੱਚ ਇਸਦੇ ਵਿਰੁੱਧ ਪਟੀਸ਼ਨ ਦਾਇਰ ਕੀਤੀ ਅਤੇ ਤੁਰੰਤ ਸੁਣਵਾਈ ਦੀ ਅਪੀਲ ਕੀਤੀ।
ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਸੁਮੇਧ ਸਿੰਘ ਸੈਣੀ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਵਿਜੀਲੈਂਸ ਬਿਊਰੋ ਦੇ ਦਫਤਰ ਪਹੁੰਚੇ ਸਨ, ਪਰ ਉਨ੍ਹਾਂ ਨੂੰ ਇਸ ਤਰ੍ਹਾਂ ਗ੍ਰਿਫਤਾਰ ਕਰ ਲਿਆ ਗਿਆ। ਇਹ ਗ੍ਰਿਫਤਾਰੀ ਸਹੀ ਨਹੀਂ ਹੈ।
ਇਹ ਵੀ ਪੜ੍ਹੋ : ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੇ ਸ਼ਹੀਦੀ ਦਿਵਸ ‘ਤੇ ਬਰਨਾਲਾ ਜ਼ਿਲ੍ਹੇ ‘ਚ ਕੱਲ੍ਹ ਛੁੱਟੀ ਦਾ ਐਲਾਨ
ਸੁਮੇਧ ਸਿੰਘ ਸੈਣੀ ਦੇ ਪਰਿਵਾਰ ਵੱਲੋਂ ਵੀ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਵੀ ਦਾਇਰ ਕੀਤੀ ਗਈ ਸੀ। ਜਿਸ ਵਿੱਚ ਦੋਸ਼ ਲਾਇਆ ਗਿਆ ਹੈ ਕਿ ਸੈਣੀ ਵਿਜੀਲੈਂਸ ਕੋਲ ਜਾਂਚ ਵਿੱਚ ਸਹਿਯੋਗ ਦੇਣ ਗਏ ਸਨ, ਪਰ ਵਿਜੀਲੈਂਸ ਨੇ ਉਨ੍ਹਾਂ ਨੂੰ ਗੈਰ-ਕਨੂੰਨੀ ਢੰਗ ਨਾਲ ਹਿਰਾਸਤ ਵਿੱਚ ਰੱਖਿਆ।