ਪੰਜਾਬ ਦੇ ਹੁਸ਼ਿਆਰਪੁਰ ਜ਼ਿਲੇ ਦੇ DC ਕੋਮਲ ਮਿੱਤਲ ਨੇ ਹੜ੍ਹ ਪ੍ਰਭਾਵਿਤ ਬੱਚਿਆਂ ਲਈ ਅਨੋਖੀ ਪਹਿਲ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਉਨ੍ਹਾਂ ਬੱਚਿਆਂ ਦੀ ਪੜ੍ਹਾਈ ਲਈ ਵਿਸ਼ੇਸ਼ ਉਪਰਾਲੇ ਕੀਤੇ ਹਨ ਜੋ ਹੜ੍ਹਾਂ ਕਾਰਨ ਸਕੂਲ ਨਹੀਂ ਜਾ ਸਕੇ। ਉਨ੍ਹਾਂ ਦੇ ਇਸ ਉਪਰਾਲੇ ਨੇ ਇਨ੍ਹਾਂ ਬੱਚਿਆਂ ਦੇ ਚਿਹਰਿਆਂ ‘ਤੇ ਅਜਿਹੀ ਸ਼ਾਂਤ ਮੁਸਕਾਨ ਲੈ ਆਂਦੀ ਹੈ, ਜਿਸ ਨੇ ਪਿਛਲੇ ਸਾਰੇ ਦੁੱਖਾਂ ‘ਤੇ ਮਲ੍ਹਮ ਪਾ ਦਿੱਤੀ ਜਾਪਦੀ ਹੈ। ਉਨ੍ਹਾਂ ਦੇ ਨਿਵੇਕਲੀ ਪਹਿਲਕਦਮੀ ਦੀ ਲੋਕ ਕਾਫੀ ਸ਼ਲਾਘਾ ਕਰ ਰਹੇ ਹਨ।
ਹੁਸ਼ਿਆਰਪੁਰ DC ਨੇ ਬੱਚਿਆਂ ਦੀ ਪੜ੍ਹਾਈ ਲਈ ਵਿਸ਼ੇਸ਼ ਕੋਚਿੰਗ ਦਾ ਪ੍ਰਬੰਧ ਕੀਤਾ ਹੈ। ਰੈੱਡ ਕਰਾਸ ਸੁਸਾਇਟੀ ਅਤੇ NGO ਦੇ ਸਹਿਯੋਗ ਨਾਲ ਬੱਚਿਆਂ ਨੂੰ ਬੈਗ, ਕਾਪੀਆਂ, ਪੈਨਸਿਲਾਂ ਅਤੇ ਸਟੇਸ਼ਨਰੀ ਦਾ ਹੋਰ ਸਮਾਨ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕਰਦਿਆਂ ਬੱਚਿਆਂ ਦੀਆਂ ਆਨਲਾਈਨ ਕਲਾਸਾਂ ਲਗਾਉਣ ਦੀ ਹਦਾਇਤ ਕੀਤੀ। ਸਕੂਲ ਖੁੱਲ੍ਹਣ ਤੋਂ ਬਾਅਦ ਬੱਚਿਆਂ ਦੀ ਪੜ੍ਹਾਈ ਨੂੰ ਲੀਹ ’ਤੇ ਲਿਆਉਣ ਲਈ ਵਾਧੂ ਕਲਾਸਾਂ ਲਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ 12 ਕਿਸ਼ਤੀਆਂ ਅਤੇ ਹੋਰ ਸਾਧਨਾਂ ਰਾਹੀਂ 4000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਹੜ੍ਹ ਪ੍ਰਭਾਵਿਤ ਸਾਰੇ ਪਿੰਡਾਂ ਵਿੱਚ ਪੀਣ ਵਾਲੇ ਸਾਫ਼ ਪਾਣੀ ਅਤੇ ਬਿਜਲੀ ਸਪਲਾਈ ਬਹਾਲ ਕਰ ਦਿੱਤੀ ਹੈ। ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਹਰ ਲੋੜੀਂਦੀ ਮਦਦ ਕੀਤੀ ਜਾ ਰਹੀ ਹੈ। ਮੁਕੇਰੀਆਂ ਸਬ-ਡਵੀਜ਼ਨ ਵਿੱਚ 6 ਰਾਹਤ ਕੈਂਪ ਬਣਾਏ ਗਏ ਹਨ। ਟਾਂਡਾ ਸਬ-ਡਿਵੀਜ਼ਨ ਵਿੱਚ ਰਾਹਤ ਕੈਂਪ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਹਿਮਾਚਲ ‘ਚ ਭਾਰੀ ਮੀਂਹ: ਚੰਡੀਗੜ੍ਹ-ਸ਼ਿਮਲਾ ਫੋਰਲੇਨ ਫਿਰ ਬੰਦ, ਦੋ ਦਿਨ ਦਾ ਔਰੇਂਜ ਅਲਰਟ ਜਾਰੀ
DC ਕੋਮਲ ਮਿੱਤਲ ਨੇ ਦੱਸਿਆ ਕਿ ਹੜ੍ਹਾਂ ਦੌਰਾਨ ਪਿੰਡਾਂ ਵਿੱਚ 61 ਮੈਡੀਕਲ ਕੈਂਪ ਲਗਾਏ ਗਏ ਸਨ ਅਤੇ ਹੁਣ ਤੱਕ 8657 ਲੋਕਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਦੇ ਮੱਦੇਨਜ਼ਰ ਇਹ ਕੈਂਪ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹਿਣਗੇ। ਉਨ੍ਹਾਂ ਦੱਸਿਆ ਕਿ ਮੁਕੇਰੀਆਂ ਵਿੱਚ 37 ਮੈਡੀਕਲ ਕੈਂਪ ਲਗਾਏ ਗਏ ਹਨ, ਜਿੱਥੇ ਹੁਣ ਤੱਕ 7563 ਮਰੀਜ਼ਾਂ ਦਾ ਚੈਕਅੱਪ ਕੀਤਾ ਜਾ ਚੁੱਕਾ ਹੈ। ਇਸੇ ਤਰ੍ਹਾਂ ਟਾਂਡਾ ਵਿੱਚ 24 ਮੈਡੀਕਲ ਕੈਂਪ ਲਗਾਏ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: