ਨਵਾਂਸ਼ਹਿਰ: ਮਾਣਯੋਗ ਸਿਹਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਿਵਲ ਹਸਪਤਾਲ ਨਵਾਂਸ਼ਹਿਰ ਅਤੇ ਸਬ ਡਵੀਜ਼ਨ ਹਸਪਤਾਲ ਬਲਾਚੌਰ ਦਾ ਦੌਰਾ ਕਰਕੇ ਜ਼ਿਲ੍ਹੇ ਵਿਚ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਅਸਲ ਸਥਿਤੀ ਬਾਰੇ ਬਾਰੀਕੀ ਨਾਲ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਹਸਪਤਾਲ ਦੀ ਓ.ਪੀ.ਡੀ., ਆਈ.ਪੀ.ਡੀ., ਜਨਰਲ ਵਾਰਡ, ਜੱਚਾ-ਬੱਚਾ ਵਾਰਡ, ਐਮਰਜੈਂਸੀ ਵਾਰਡ ਅਤੇ ਓਟ ਸੈਂਟਰ ਸਮੇਤ ਵੱਖ-ਵੱਖ ਵਿਭਾਗਾਂ ਵਿੱਚ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੀਤੇ ਗਏ ਪ੍ਰਬੰਧਾਂ ਦਾ ਨਿਰੀਖਣ ਕੀਤਾ। ਉਨ੍ਹਾਂ ਹਸਪਤਾਲ ਦੇ ਵੱਖ-ਵੱਖ ਵਾਰਡਾਂ ਵਿਚ ਦਾਖਲ ਮਰੀਜ਼ਾਂ ਦਾ ਹਾਲਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਮੁਫ਼ਤ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਲਈ।
ਇਸ ਮੌਕੇ ਸਾਰੇ ਮਰੀਜ਼ਾਂ ਨੇ ਇਲਾਜ ਪ੍ਰਬੰਧਨ ’ਤੇ ਤਸੱਲੀ ਪ੍ਰਗਟ ਕੀਤੀ। ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਲੋਕਾਂ ਨੇ ਜ਼ਿਲ੍ਹਾ ਸਿਹਤ ਵਿਭਾਗ ਦੁਆਰਾ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ’ਤੇ ਭਰੋਸਾ ਜਤਾਇਆ ਹੈ ਅਤੇ ਮੈਂ ਜ਼ਿਲ੍ਹਾ ਸਿਹਤ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਦੀ ਹਰ ਖੇਤਰ ਵਿਚ ਇਸ ਬਿਹਤਰ ਕਾਰਗਜ਼ੁਾਰੀ ਦੇਖ ਕੇ ਬੇਹੱਦ ਸੰਤੁਸ਼ਟ ਹਾਂ। ਇਸੇ ਦੌਰਾਨ ਸਿਹਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ 15 ਅਗਸਤ ਨੂੰ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿਚ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਪੰਜਾਬ ਦੇ ਸਿਹਤ ਖੇਤਰ ਵਿਚ ਵੱਡੀ ਪੁਲਾਂਘ ਹੋਵੇਗੀ।
ਉਨ੍ਹਾਂ ਕਿਹਾ ਕਿ ਸਿਹਤ ਢਾਂਚੇ ’ਚ ਵੱਡੇ ਸੁਧਾਰ ਲਿਆ ਕੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਉਹ ਲੋਕਾਂ ਦੀ ਲੋੜਾਂ ਨੂੰ ਸਮਝਣ ਲਈ ਸੂਬੇ ਦੀਆਂ ਸਿਹਤ ਸੰਸਥਾਵਾਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਸਮੇਂ ਦੇ ਅਨੁਕੂਲ ਸਿਹਤ ਸੰਸਥਾਵਾਂ ਵਿਚ ਲੋੜੀਂਦੇ ਪ੍ਰਬੰਧ ਕੀਤੇ ਜਾ ਸਕਣ। ਇਸੇ ਦੌਰਾਨ ਸਿਹਤ ਮੰਤਰੀ ਨੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਹਸਪਤਾਲਾਂ ਵਿਚ ਲੋੜੀਂਦੇ ਮੈਡੀਕਲ ਉਪਕਰਨ ਅਤੇ ਖਾਲੀ ਪਈਆਂ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਦੀਆਂ ਅਸਾਮੀਆਂ ਦਾ ਵੇਰਵਾ ਮੰਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਖਾਲੀ ਪਈਆਂ ਅਸਾਮੀਆਂ ਨੂੰ ਜਲਦ ਭਰਿਆ ਜਾਵੇਗਾ ਅਤੇ ਮੈਡੀਕਲ ਸਾਜੋਂ-ਸਮਾਨ ਦੀ ਕਮੀ ਨੂੰ ਵੀ ਦੂਰ ਕੀਤਾ ਜਾਵੇਗਾ। ਸ. ਜੌੜਾਮਾਜਰਾ ਨੇ ਹਸਪਤਾਲ ਪ੍ਰਬੰਧਕਾਂ ਨੂੰ 24 ਘੰਟੇ ਐਮਰਜੈਂਸੀ ਸੇਵਾਵਾਂ, ਦਵਾਈਆਂ ਦੀ ਉਪਲੱਬਧਤਾ ਅਤੇ ਸਾਫ-ਸਫਾਈ ਦੇ ਪ੍ਰਬੰਧਾਂ ਦਾ ਖਾਸ ਤੌਰ ’ਤੇ ਧਿਆਨ ਰੱਖਣ ਲਈ ਕਿਹਾ।
ਉਨ੍ਹਾਂ ਕਿਹਾ ਕਿ ਉਹ ਹਸਪਤਾਲਾਂ ਦੀ ਸਾਫ-ਸਫਾਈ ਨੂੰ ਉਂਝ ਹੀ ਯਕੀਨੀ ਬਣਾਉਣ ਜਿਵੇਂ ਉਹ ਆਪਣੇ ਘਰਾਂ ਦੀ ਸਾਫ-ਸਫਾਈ ਨੂੰ ਯਕੀਨੀ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਕੋਈ ਵੀ ਮਰੀਜ਼ ਖੱਜਲ-ਖੁਆਰ ਨਹੀਂ ਹੋਣਾ ਚਾਹੀਦਾ। ਲੋਕਾਂ ਨੂੰ ਸਮੇਂ ਸਿਰ ਗੁਣਵੱਤਾਪੂਰਨ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਹਮੇਸ਼ਾ ਹੀ ਤਰਜ਼ੀਹ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ।
ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਬਿਹਤਰ ਅਤੇ ਵਿਆਪਕ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਦਾ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦਾ ਉਦੇਸ਼ ਤਦ ਹੀ ਪੂਰਾ ਹੋਵੇਗਾ ਜਦ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਰਕਾਰੀ ਹਸਪਤਾਲਾਂ ਵਿਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ, ਪੂਰੀਆਂ ਦਵਾਈਆਂ, ਲੋੜੀਂਦੇ ਸਾਰੇ ਟੈਸਟ ਅਤੇ ਹੋਰ ਸੇਵਾਵਾਂ ਆਸਾਨੀ ਨਾਲ ਮਿਲਣਗੀਆਂ।
ਅੰਤ ਵਿਚ ਸਿਹਤ ਮੰਤਰੀ ਨੇ ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਮੈਂ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਾਲੇ ਸਿਵਲ ਸਰਜਨ ਨੂੰ ਆਪਣੀ ਜੇਬ ਵਿਚੋਂ 51 ਹਜ਼ਾਰ ਰੁਪਏ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੋਇਆ ਹੈ ਅਤੇ ਮੈਨੂੰ ਆਸ ਹੈ ਕਿ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਇਸ ਸੂਚੀ ਵਿਚ ਸ਼ਾਮਲ ਹੋ ਗਏ ਹਨ।
ਇਸ ਤੋਂ ਪਹਿਲਾਂ ਬਲਾਚੌਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸੰਤੋਸ਼ ਕਟਾਰੀਆ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕੇਟਰ ਸ੍ਰੀਮਤੀ ਨੀਲਿਮਾ, ਪੰਜਾਬ ਸਿਹਤ ਸੇਵਾਵਾਂ (ਪ.ਭ.) ਦੇ ਡਾਇਰੈਕਟਰ ਡਾ. ਰਣਜੀਤ ਸਿੰਘ ਘੋਤੜਾ, ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ. ਨਵਜੋਤ ਪਾਲ ਸਿੰਘ ਰੰਧਾਵਾ, ਐਸ.ਡੀ.ਐੱਮ. ਨਵਾਂਸ਼ਹਿਰ ਬਲਜਿੰਦਰ ਸਿੰਘ ਢਿੱਲੋਂ, ਆਮ ਆਦਮੀ ਪਾਰਟੀ ਦੇ ਨਵਾਂਸ਼ਹਿਰ ਹਲਕਾ ਇੰਚਾਰਜ ਲਲਿਤ ਮੋਹਨ ਪਾਠਕ ਤੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਉਪ ਪ੍ਰਧਾਨ ਸਤਨਾਮ ਸਿੰਘ ਜਲਵਾਹਾ ਸਮੇਤ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫਸਰ ਤੇ ਹੋਰ ਪਤਵੰਤੇ ਸੱਤਣਾਂ ਨੇ ਮਾਣਯੋਗ ਸਿਹਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੂੰ ਗੁਲਦਸਤਾ ਭੇਂਟ ਕਰਕੇ ਉਨ੍ਹਾਂ ਦਾ ਨਿੱਘਾ ਸੁਆਗਤ ਕੀਤਾ।
ਵੀਡੀਓ ਲਈ ਕਲਿੱਕ ਕਰੋ -: