ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਥਾਣਾ ਮੋੜ, ਬਠਿੰਡਾ ਵਿਖੇ ਤਾਇਨਾਤ ਸਬ-ਇੰਸਪੈਕਟਰ (ਐਸ.ਆਈ.) ਬਲਜੀਤਪਾਲ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਰਾਕੇਸ਼ ਕੁਮਾਰ ਵਾਸੀ ਪ੍ਰਤਾਪ ਨਗਰ, ਬਠਿੰਡਾ ਸ਼ਹਿਰੀ ਦੀ ਸ਼ਿਕਾਇਤ ਦੇ ਆਧਾਰ ‘ਤੇ ਦੋਸ਼ੀ ਮੁਲਾਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਅਧਿਕਾਰੀ ਨੇ ਉਸ ਨੂੰ ਪੁਲਿਸ ਸ਼ਿਕਾਇਤ ਦੀ ਜਾਂਚ ਵਿੱਚ ਫਸਾਉਣ ਦੀ ਧਮਕੀ ਦੇ ਕੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਦੋਸ਼ੀ ਪੁਲਿਸ ਮੁਲਾਜ਼ਮ ਨੇ ਸਵੇਰੇ ਉਸ ਤੋਂ 20,000 ਰੁਪਏ ਲਏ ਅਤੇ ਬਾਕੀ ਪੈਸੇ ਦੀ ਮੰਗ ਕਰ ਰਿਹਾ ਹੈ। ਰਾਕੇਸ਼ ਕੁਮਾਰ ਨੇ ਰਿਸ਼ਵਤ ਦੀ ਇਹ ਰਕਮ ਦਿੰਦੇ ਹੋਏ ਸਾਰੀ ਗੱਲਬਾਤ ਸਬੂਤ ਵਜੋਂ ਰਿਕਾਰਡ ਕੀਤੀ।
ਉਕਤ ਦੋਸ਼ੀ ਪੁਲਿਸ ਅਧਿਕਾਰੀ ਨੇ ਸ਼ਿਕਾਇਤਕਰਤਾ ਨੂੰ ਧਮਕੀ ਦਿੱਤੀ ਕਿ ਉਸ ਦੀ ਬਦਲੀ ਕਿਸੇ ਹੋਰ ਥਾਣੇ ‘ਚ ਕਰ ਦਿੱਤੀ ਗਈ ਹੈ, ਪਰ ਜਾਣ ਤੋਂ ਪਹਿਲਾਂ ਰਿਸ਼ਵਤ ਦੀ ਰਕਮ ਨਾ ਦੇਣ ਦੀ ਸੂਰਤ ‘ਚ ਸ਼ਿਕਾਇਤਕਰਤਾ ਅਤੇ ਉਸ ਦੇ ਰਿਸ਼ਤੇਦਾਰਾਂ ਨੂੰ ਉਹ ਪੁਲਿਸ ਕੇਸ ‘ਚ ਨਾਮਜ਼ਦ ਕਰਕੇ ਜਾਵੇਗਾ।
ਇਹ ਵੀ ਪੜ੍ਹੋ : ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਵਾਲੇ ਬੰਦੇ ਵੱਲੋਂ ਖੁਦਕੁਸ਼ੀ, ਵੀਡੀਓ ‘ਚ ਪੰਜਾਬ ਪੁਲਿਸ ‘ਤੇ ਲਾਏ ਵੱਡੇ ਇਲਜ਼ਾਮ
ਬੁਲਾਰੇ ਨੇ ਅੱਗੇ ਦੱਸਿਆ ਕਿ ਬਿਊਰੋ ਨੇ ਦੋਸ਼ਾਂ ਦੀ ਪੜਤਾਲ ਕਰਨ ਮਗਰੋਂ ਦੋਸ਼ੀ ਨੂੰ ਫੜਨ ਲਈ ਜਾਲ ਵਿਛਾਇਆ। ਦੋਸ਼ੀ ਪੁਲਿਸ ਅਧਿਕਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ‘ਚ ਰਿਸ਼ਵਤ ਦੀ ਦੂਜੀ ਕਿਸ਼ਤ 30,000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਬਿਊਰੋ ਦੀ ਟੀਮ ਨੇ ਪੁਲਿਸ ਮੁਲਾਜ਼ਮ ਕੋਲੋਂ 50 ਹਜ਼ਾਰ ਰੁਪਏ ਬਰਾਮਦ ਕੀਤੇ, ਜੋ ਉਸ ਨੇ ਦੋ ਵਾਰ ਰਿਸ਼ਵਤ ਵਜੋਂ ਲਏ ਸਨ। ਇਸ ਸਬੰਧੀ ਉਕਤ ਪੁਲਿਸ ਮੁਲਾਜ਼ਮ ਖਿਲਾਫ ਵਿਜੀਲੈਂਸ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: