ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਹੋਣ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਕੇਂਦਰ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਿਆ। ਉਹ ਮੰਗਲਵਾਰ ਨੂੰ ਹਰਿਆਣਾ ਦੇ ਕੈਥਲ ਪਹੁੰਚੇ। ਇਸ ਦੌਰਾਨ ਕੈਥਲ ਜ਼ਿਲੇ ਦੇ ਸ਼ਿਮਲਾ ਪਿੰਡ ‘ਚ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਟਿਕੈਤ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਰੱਦ ਕਰਕੇ ਲੋਕਤੰਤਰ ਦਾ ਕਤਲ ਕੀਤਾ ਗਿਆ ਹੈ। ਦੇਸ਼ ਵਿੱਚ ਲੋਕਤੰਤਰ ਖ਼ਤਰੇ ਵਿੱਚ ਹੈ।
ਕੇਂਦਰ ‘ਤੇ ਨਿਸ਼ਾਨਾ ਵਿੰਨ੍ਹਦੇ ਹੋਏ ਟਿਕੈਤ ਨੇ ਕਿਹਾ ਕਿ ਜਦੋਂ ਸਰਕਾਰ ਨਿਰਪੱਖ ਨਾ ਹੋ ਕੇ ਪੱਖਪਾਤੀ ਕਾਰਵਾਈ ਕਰਦੀ ਹੈ ਤਾਂ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਇਕਜੁੱਟ ਹੋਣਾ ਚਾਹੀਦਾ ਹੈ।
ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਹੌਲੀ-ਹੌਲੀ ਸਾਰੀਆਂ ਪਾਰਟੀਆਂ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਰਾਹੁਲ ਗਾਂਧੀ ਮਾਮਲੇ ‘ਤੇ ਅਸਿੱਧੇ ਤੌਰ ‘ਤੇ ਇਸ਼ਾਰਾ ਕਰਦੇ ਹੋਏ ਟਿਕੈਤ ਨੇ ਕਿਹਾ ਕਿ ਜਿਸ ਨਾਲ ਵੀ ਗਲਤ ਹੋਵੇਗਾ ਅਸੀਂ ਉਸ ਨਾਲ ਖੜ੍ਹੇ ਹਾਂ।
ਦੂਜੇ ਪਾਸੇ ਟਿਕੈਤ ਨੇ ਕਿਹਾ ਕਿ ਦੇਸ਼ ਦੇ ਲੋਕਤੰਤਰ ਨੂੰ ਖਤਰੇ ਵਿੱਚ ਦੇਖਦਿਆਂ ਸਾਰੀਆਂ ਪਾਰਟੀਆਂ ਨੂੰ ਸੰਯੁਕਤ ਕਿਸਾਨ ਮੋਰਚੇ ਵਾਂਗ ਸੰਯੁਕਤ ਸਿਆਸੀ ਮੋਰਚਾ ਬਣਾਉਣਾ ਚਾਹੀਦਾ ਹੈ।
ਭਾਜਪਾ ਦੀ ਕੇਂਦਰ ਅਤੇ ਸੂਬਾ ਸਰਕਾਰ ‘ਤੇ ਦੋਸ਼ ਲਗਾਉਂਦੇ ਹੋਏ ਟਿਕੈਤ ਨੇ ਕਿਹਾ ਕਿ ਸਰਕਾਰ ਪਾਰਟੀ ਇਕਾਈਆਂ ਵਾਂਗ ਖਾਪ-ਪੰਚਾਇਤਾਂ ਅਤੇ ਵੱਖ-ਵੱਖ ਜਾਤੀਆਂ ਦੇ ਸਹਿਯੋਗੀ ਸੰਗਠਨ ਬਣਾ ਕੇ ਸਮਾਜ ਨੂੰ ਲੜਾਉਣ ਦਾ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਪਸ ਵਿੱਚ ਲੜ ਕੇ ਸਮਾਜ ’ਤੇ ਰਾਜ ਕਰਨ ਦਾ ਭਰਮ ਆਪਣੇ ਦਿਲ ਵਿੱਚੋਂ ਕੱਢਣਾ ਚਾਹੀਦਾ ਹੈ। ਦੇਸ਼ ਦੇ 36 ਭਾਈਚਾਰੇ ਆਪਣੇ ਹੱਕਾਂ ਲਈ ਲੜਨਾ ਜਾਣਦੇ ਹਨ।
ਇਹ ਵੀ ਪੜ੍ਹੋ : ਬਿਨਾਂ ਹੈਲਮੇਟ ਬਾਈਕ ਚਲਾ ਰਹੇ ਨੌਜਵਾਨ ਨੂੰ ASI ਨੇ ਮਾਰੀ ਗੋਲੀ, 3 ਭੈਣਾਂ ਦਾ ਇਕਲੌਤਾ ਭਰਾ
ਟਿਕੈਤ ਨੇ ਸਾਰੇ ਵਰਗਾਂ ਨੂੰ ਜਾਤੀ-ਵਿਸ਼ੇਸ਼ ਦੀ ਬਜਾਏ ਸਾਂਝੇ ਤੌਰ ‘ਤੇ ਸੰਗਠਨ ਅਤੇ ਖਾਪ-ਪੰਚਾਇਤਾਂ ਬਣਾਉਣ ਦਾ ਸੱਦਾ ਦਿੱਤਾ। ਇਸ ਦੇ ਨਾਲ ਹੀ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਸਰਕਾਰ ਤੋਂ ਮੀਂਹ ਅਤੇ ਗੜੇਮਾਰੀ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਜਲਦੀ ਤੋਂ ਜਲਦੀ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਟਿਕੈਤ ਨੇ ਕਿਹਾ ਕਿ ਫਸਲ ਬੀਮਾ ਯੋਜਨਾ ਦੇ ਨਾਂ ‘ਤੇ ਕਿਸਾਨਾਂ ਨਾਲ ਖਿਲਵਾੜ ਕੀਤਾ ਜਾ ਰਿਹਾ ਏ।
ਵੀਡੀਓ ਲਈ ਕਲਿੱਕ ਕਰੋ -: