ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਆਖਰੀ ਦਿਨ ਦੀ ਕਾਰਵਾਈ ਵਿੱਚ ਪੰਜਾਬ ਯੂਨਿਵਰਸਿਟੀ ਚੰਡੀਗੜ੍ਹ ਨੂੰ ਕੇਂਦਰ ਦੇ ਅਧੀਨ ਕਰਨ ਦੇ ਵਿਰੋਧ ਵਿੱਚ ਮਤਾ ਪਾਸ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਯੂਨੀਵਰਸਿਟੀ ਦੀ ਸੀਨੇਟ ਵਿੱਚ 2 ਵਿਧਾਇਕ ਵੀ ਸ਼ਾਮਲ ਹੋਣਗੇ, ਜਿਨ੍ਹਾਂ ਦੇ ਨਾਂ ਤੈਅ ਕਰਨ ਦੇ ਅਧਿਕਾਰ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੂੰ ਦੇ ਦਿੱਤੇ ਗਏ ਹਨ।
ਪੰਜਾਬ ਵਿਧਾਨ ਸਭਾ ਵਿੱਚ ਅੱਜ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਟੀ ਵਿੱਚ ਤਬਦੀਲ ਕਰਨ ਦੇ ਵਿਰੋਧ ਵਿੱਚ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਮਤਾ ਪੇਸ਼ ਕੀਤਾ ਗਿਆ।
ਮਤੇ ਵਿੱਚ ਪੰਜਾਬ ਸਰਕਾਰ ਨੂੰ ਇਹ ਮੁੱਦਾ ਕੇਂਦਰ ਸਰਕਾਰ ਕੋਲ ਉਠਾਉਣ ਅਤੇ ਯੂਨੀਵਰਸਿਟੀ ਦੇ ਕੈਰੇਕਟਰ ਬਦਲਣ ਦਾ ਸਖ਼ਤ ਵਿਰੋਧ ਕਰਨ ਲਈ ਕਿਹਾ ਗਿਆ ਹੈ।
‘ਆਪ’ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਪੰਜਾਬ ਯੂਨੀਵਰਸਿਟੀ ਦੇ ਇਤਿਹਾਸ ਇਸ ਦੇ ਚੰਡੀਗੜ੍ਹ ਵਿੱਚ ਸ਼ਿਫਟ ਹੋਣ ਬਾਰੇ ਅਤੇ ਇਸ ਸਬੰਧ ਵਿੱਚ ਕਦੋਂ ਅਤੇ ਕਿੱਥੇ ਮੀਟਿੰਗਾਂ ਹੋਈਆਂ, ਬਾਰੇ ਜਾਣਕਾਰੀ ਦਿੱਤੀ।
ਇਸ ਦੇ ਨਾਲ ਹੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਿੱਧੂ ਮੂਸੇਵਾਲਾ ਦੇ SYL ਗੀਤ ‘ਤੇ ਪਾਬੰਦੀ ਲਾਉਣਾ ਸੰਘੀ ਢਾਂਚੇ ‘ਤੇ ਇੱਕ ਹੋਰ ਹਮਲਾ ਹੈ। ਇਸੇ ਤਰ੍ਹਾਂ ਕਿਸਾਨ ਜਥੇਬੰਦੀਆਂ ਦੇ ਕਰੀਬ 25 ਟਵਿੱਟਰ ਅਕਾਊਂਟ ਹਨ, ਜਿਨ੍ਹਾਂ ‘ਤੇ ਵੀ ਸਰਕਾਰ ਵੱਲੋਂ ਪਾਬੰਦੀ ਲਗਾ ਦਿੱਤੀ ਗਈ ਹੈ। ਬਾਜਵਾ ਨੇ ਮੰਗ ਕੀਤੀ ਕਿ ਇਸ ਸਬੰਧੀ ਵਿਧਾਨ ਸਭਾ ‘ਚ ਕੇਂਦਰ ਖਿਲਾਫ ਮਤਾ ਪਾਸ ਕੀਤਾ ਜਾਵੇ।
ਵੀਡੀਓ ਲਈ ਕਲਿੱਕ ਕਰੋ -: