ਚੰਡੀਗੜ੍ਹ : ਸੂਬਾ ਪੁਲਿਸ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਦਲਿਤ ਭਾਈਚਾਰੇ ਖਿਲਾਫ ਕਥਿਤ ਤੌਰ ‘ਤੇ ਟਿੱਪਣੀ ਕਰਨ ਦੇ ਮਾਮਲੇ ‘ਚ ਕਲੀਨ ਚਿੱਟ ਦੇ ਦਿੱਤੀ ਹੈ।
ਪੰਜਾਬ ਪੁਲਿਸ ਨੇ ਇਹ ਜਾਣਕਾਰੀ ਐੱਸ.ਸੀ.ਐੱਸ.ਟੀ. ਕਮਿਸ਼ਨ ਨੂੰ ਲਿਖਤੀ ਰੂਪ ਵਿੱਚ ਦਿੱਤੀ ਹੈ। ਕਿਉਂਕਿ ਕਮਿਸ਼ਨ ਨੇ ਇਸ ਮਾਮਲੇ ਵਿੱਚ ਜਲੰਧਰ ਪੁਲਿਸ ਨੂੰ ਜਾਂਚ ਦੇ ਹੁਕਮ ਦਿੱਤੇ ਸਨ। ਦੱਸਣਯੋਗ ਹੈ ਕਿ ਇਸੇ ਮਾਮਲੇ ਵਿਚ ਕਾਂਗਰਸ ਹਾਈਕਮਾਨ ਨੇ ਜਾਖੜ ਨੂੰ ਦੋ ਸਾਲ ਲਈ ਬਰਖਾਸਤ ਕਰਨ ਦੀ ਸਿਫਾਰਿਸ਼ ਕੀਤੀ ਸੀ।
ਪੁਲਿਸ ਨੇ ਐੱਸ.ਸੀ.ਐੱਸ.ਟੀ. ਕਮਿਸ਼ਨ ਨੂੰ ਲਿਖਿਆ ਹੈ ਕਿ ਸ਼ਿਕਾਇਤਕਰਤਾ ਦਾ ਇਸ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਸ਼ਿਕਾਇਤ ਦਾ ਕੋਈ ਆਧਾਰ ਨਹੀਂ ਹੈ, ਇਸ ਲਈ ਸੁਨੀਲ ਜਾਖੜ ਨੂੰ ਮਾਮਲੇ ਵਿੱਚ ਕਲੀਨ ਚਿੱਟ ਦਿੱਤੀ ਗਈ ਹੈ। ਸਾਬਕਾ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੀ ਟਿੱਪਣੀ ਤੋਂ ਬਾਅਦ ਕਈ ਕਾਂਗਰਸੀ ਨੇਤਾਵਾਂ ਨੇ ਉਨ੍ਹਾਂ ਖਿਲਾਫ ਮੋਰਚਾ ਖੋਲ੍ਹਿਆ ਹੋਇਆ ਹੈ ਅਤੇ ਕਾਂਗਰਸ ਹਾਈਕਮਾਨ ਤੋਂ ਉਨ੍ਹਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।
ਦੋਆਬੇ ਦੇ ਕਈ ਨੇਤਾਵਾਂ ਨੇ ਉਨ੍ਹਾਂ ‘ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਨੁਸੂਚਿਤ ਜਾਤੀ ਦੇ ਨੇਤਾ ਹੋਣ ਕਰਕੇ ਕਥਿਤ ਤੌਰ ‘ਤੇ ਨਿਸ਼ਾਨਾ ਬਣਾਉਣ ਦਾ ਦੋਸ਼ ਲਗਾਇਆ ਸੀ।
ਹਾਲਾਂਕਿ ਜਾਖੜ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਚੰਨੀ ਅਤੇ ਦਲਿਤ ਭਾਈਚਾਰੇ ਖਿਲਾਫ ਕੁਝ ਵੀ ਗਲਤ ਨਹੀਂ ਕਿਹਾ ਹੈ। ਜਾਖੜ ਦੇ ਬਿਆਨ ਖਿਲਾਫ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਦਲਿਤਾਂ ਵਲੋਂ ਪ੍ਰਦਰਸ਼ਨ ਵੀ ਕੀਤੇ ਗਏ, ਪੁਲਿਸ ਤੋਂ ਉਨ੍ਹਾਂ ਖਿਲਾਫ SCST ਐਕਟ ਤਹਿਤ ਮਾਮਲਾ ਦਰਜ ਕਰਨ ਦੀ ਮੰਗ ਵੀ ਕੀਤੀ ਗਈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਹਾਲਾਂਕਿ ਬਾਅਦ ‘ਚ ਇਸ ਮਾਮਲੇ ‘ਚ ਨੋਟਿਸ ਲੈਂਦਿਆਂ ਐੱਸ.ਸੀ.ਐੱਸ.ਟੀ. ਕਮਿਸ਼ਨ ਨੇ ਪੂਰੇ ਮਾਮਲੇ ਦੀ ਜਾਂਚ ਜਲੰਧਰ ਪੁਲਿਸ ਨੂੰ ਸੌਂਪ ਦਿੱਤੀ ਸੀ। ਇਹ ਮਾਮਲਾ ਕਾਂਗਰਸ ਅੰਦਰ ਵੀ ਭਖ ਗਿਆ ਅਤੇ ਜਾਖੜ ਨੂੰ ਹਾਈਕਮਾਂਡ ਤੋਂ ਅਨੁਸ਼ਾਸਨੀ ਕਾਰਵਾਈ ਦਾ ਸਾਹਮਣਾ ਕਰਨਾ ਪਿਆ। ਕਾਂਗਰਸ ਹਾਈਕਮਾਨ ਦੀ ਅਨੁਸ਼ਾਸਨੀ ਕਾਰਵਾਈ ਕਮੇਟੀ ਨੇ ਜਾਖੜ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾਉਣ ਅਤੇ ਦੋ ਸਾਲਾਂ ਲਈ ਮੁਅੱਤਲ ਕਰਨ ਦੀ ਸਿਫ਼ਾਰਿਸ਼ ਕੀਤੀ ਸੀ।