ਪੰਜਾਬ ਕਾਂਗਰਸ ਵਿੱਚ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ ਹੋ ਗਿਆ ਹੈ। ਪਾਰਟੀ ਕਿਸੇ ਨੂੰ ਵੀ ਚੋਣਾਂ ਲੜਨ ਲਈ ਸੀ. ਐੱਮ. ਚਿਹਰਾ ਨਹੀਂ ਐਲਾਨ ਕਰੇਗੀ। ਸੁਨੀਲ ਜਾਖੜ ਨੇ ਇਸ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਚੋਣਾਂ ਮਗਰੋਂ ਵਿਧਾਇਕਾਂ ਦੀ ਸਹਿਮਤੀ ਨਾਲ ਮੁੱਖ ਮੰਤਰੀ ਦਾ ਫ਼ੈਸਲਾ ਹੋਵੇਗਾ। ਜਾਖੜ ਨੇ ਕਿਹਾ ਕਿ ਇਸ ਵਾਰ ਕਾਂਗਰਸ ਨਾ ਤਾਂ ਸਿੱਧੂ, ਨਾ ਚੰਨੀ ਤੇ ਨਾ ਹੀ ਕਿਸੇ ਹੋਰ ਨੂੰ ਲੈ ਕੇ ਚੋਣਾਂ ਲੜੇਗੀ। ਕਾਂਗਰਸ ਦੇ ਕੱਦਵਾਰ ਨੇਤਾ ਸੁਨੀਲ ਜਾਖੜ ਦਾ ਇਹ ਬਿਆਨ ਕਾਂਗਰਸ ਸਕ੍ਰੀਨਿੰਗ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਸਾਹਮਣੇ ਆਇਆ ਹੈ।
ਉੱਥੇ ਹੀ, ਇਸ ਦੌਰਾਨ ਉਨ੍ਹਾਂ ਨੇ ਸੀਨੀਅਰ ਕਾਂਗਰਸੀ ਆਗੂ ਫਤਿਹ ਸਿੰਘ ਬਾਜਵਾ ਦੇ ਭਾਜਪਾ ਵਿਚ ਸ਼ਾਮਲ ਹੋਣ ਬਾਰੇ ਪੁੱਛੇ ਸਵਾਲ ‘ਤੇ ਕਿਹਾ ਕਿ ਇਹ ਬਾਜਵਾ ਵੱਲੋਂ ਲਿਆ ਗਿਆ ਫੈਸਲਾ ਸੂਝ-ਬੂਝ ਵਾਲਾ ਨਹੀਂ ਹੈ ਕਿਉਂਕਿ ਮੌਜੂਦਾ ਸਮੇਂ ਪੰਜਾਬ ਵਿਚ ਭਾਜਪਾ ਦਾ ਕੋਈ ਵਜ਼ੂਦ ਨਹੀਂ ਹੈ। ਉਨ੍ਹਾਂ ਕਿਹਾ ਕਿ ਮੈਨੂੰ ਅਜੇ ਤੱਕ ਸਮਝ ਨਹੀਂ ਆਈ ਕਿ ਉਨ੍ਹਾਂ ਨੇ ਕਾਂਗਰਸ ਨੂੰ ਛੱਡ ਕੇ ਭਾਜਪਾ ਦਾ ਪੱਲਾ ਕਿਉਂ ਫੜਿਆ? ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਵੱਲੋਂ ਦਿੱਤੇ ਬਿਆਨ ਕਿ ਭਾਜਪਾ ਪੈਸਿਆਂ ਦਾ ਲਾਲਚ ਦੇ ਕੇ ਉਨ੍ਹਾਂ ਦੇ ਆਗੂਆਂ ਨੂੰ ਆਪਣੀ ਪਾਰਟੀ ਵਿਚ ਸ਼ਾਮਲ ਕਰਨਾ ਚਾਹੁੰਦੇ ਹਨ, ‘ਤੇ ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਭਾਜਪਾ ਇਹ ਦੋਵੇਂ ਹੀ ਪਾਰਟੀਆਂ ਇੱਕੋ ਥਾਲੀ ਦੇ ਚੱਟੇ-ਵੱਟੇ ਹਨ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਗੌਰਤਲਬ ਹੈ ਕਿ ਅੱਜ ਦਿੱਲੀ ਵਿਖੇ ਸਕਰੀਨਿੰਗ ਕਮੇਟੀ ਦੀ ਮੀਟੰਗ ਹੋਣ ਜਾ ਰਹੀ ਹੈ ਤੇ ਪੰਜਾਬ ਦੇ ਮੁੱਖ ਮੰਤਰੀ ਸਣੇ ਕਈ ਹੋਰ ਵੱਡੇ ਆਗੂ ਮੀਟਿੰਗ ਲਈ ਦਿੱਲੀ ਪਹੁੰਚ ਚੁੱਕੇ ਹਨ। ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਵੀ ਮੌਜੂਦ ਹਨ।