ਜੰਲਧਰ/ਚੰਡੀਗੜ੍ਹ : ਲੁਧਿਆਣਾ ਦੀ ਅਦਾਲਤ ਵਿੱਚ ਅੱਜ ਹੋਏ ਬਲਾਸਟ ਨੇ ਪੂਰੇ ਸੂਬੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਇਨ੍ਹਾਂ ਬੰਬ ਧਮਾਕਿਆਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਇਹ ਸੂਬੇ ਦੀ ਕਾਂਗਰਸ ਸਰਕਾਰ ਦੀ ਨਾਕਾਮੀ ਹੈ।
ਉਨ੍ਹਾਂ ਕਿਹਾ ਕਿ ਮੈਨੂੰ ਇਸ ਘਟਨਾ ਦਾ ਬਹੁਤ ਦੁੱਖ ਹੈ। ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਬੀਤੇ 10 ਦਿਨਾਂ ‘ਚ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਹੋ ਰਹੀਆ ਘਟਨਾਵਾਂ ਨਾਲ ਸੂਬੇ ਦਾ ਮਾਹੌਲ ਖ਼ਰਾਬ ਕਰਨ ਦੀ ਸਾਜਿਸ਼ ਕੀਤੀ ਜਾ ਰਹੀ ਹੈ।
ਸ. ਗੜ੍ਹੀ ਨੇ ਕਿਹਾ ਕਿ ਪਹਿਲਾਂ ਅਮ੍ਰਿਤਸਰ ਦਰਬਾਰ ਸਾਹਿਬ ਤੇ ਫਿਰ ਕਪੂਰਥਲਾ ਵਿੱਚ ਬੇਅਦਬੀ ਤੇ ਬੇਹੁਰਮਤੀ ਦੀ ਘਟਨਾ ਨੂੰ ਅੰਜਾਮ ਦੇਣ ਦਾ ਘਿਨੌਣਾ ਕੰਮ ਕੀਤਾ ਗਿਆ ਅਤੇ ਹੁਣ ਲੁਧਿਆਣਾ ਸ਼ਹਿਰ ਵਿੱਚ ਹੋਏ ਬੰਬ ਬਲਾਸਟ ਦੀ ਘਟਨਾ ਤੋਂ ਸਪੱਸ਼ਟ ਹੋ ਗਿਆ ਹੈ ਕਿ ਸ਼ਰਾਰਤੀ ਲੋਕ ਪੰਜਾਬ ਦਾ ਮਾਹੌਲ ਵਿਗਾੜਨਾ ਚਾਹੁੰਦੇ ਹਨ। ਕਦੇ ਬੇਅਦਬੀ, ਕਦੇ ਬਲਾਸਟ ਆਖਿਰ ਕੌਣ ਖੋਹਣਾ ਚਾਹੁੰਦਾ ਹੈ ਪੰਜਾਬ ਦੀ ਸਾਂਤੀ?
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਸਥਿਰ ਕਰ ਪੰਜਾਬੀਆਂ ਨੂੰ ਡਰਾਇਆ ਜਾ ਰਿਹਾ ਹੈ। ਡਰ ਦੇ ਮਾਹੌਲ ‘ਚੋਂ ਵੋਟ ਲੈਣ ਦੀ ਸਾਜਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕਾਂਗਰਸ ‘ਤੇ ਹਮਲਾ ਬੋਲਦਿਆਂ ਕਿਹਾ ਕਿ ਇਸ ਘਟਨਾ ਲਈ ਸਿੱਧੇ ਰੂਪ ‘ਚ ਪੰਜਾਬ ਦੀ ਕਾਂਗਰਸ ਸਰਕਾਰ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜ਼ਿੰਮੇਦਾਰ ਹਨ। ਉਨ੍ਹਾਂ ਕਿਹਾ ਕਿ ਜਦੋਂ ਤੋਂ ਕਾਂਗਰਸ ਦੀ ਸਰਕਾਰ ਪੰਜਾਬ ਦੀ ਸੱਤਾ ਵਿੱਚ ਆਈ ਹੈ, ਉਦੋਂ ਤੋਂ ਹੀ ਸੂਬੇ ਵਿੱਚ ਅਸੁਰੱਖਿਆ ਦਾ ਮਾਹੌਲ ਹੈ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਗੜ੍ਹੀ ਨੇ ਕਿਹਾ ਕਿ ਪੰਜਾਬ ਸਰਕਾਰ ਸਿਆਸੀ ਰੰਜਿਸ਼ ਕੱਢਣ ‘ਚ ਰੁੱਝੀ ਹੋਈ ਹੈ ਅਤੇ ਬਿਨਾਂ ਕਿਸੇ ਆਧਾਰ ਦੇ ਆਪਣੇ ਵਿਰੋਧੀਆਂ ਉੱਤੇ ਸਿਆਸੀ ਬਦਲਾਖੋਰੀ ਤਹਿਤ ਕੇਸ ਦਰਜ ਕਰਨ ਵਿੱਚ ਲੱਗੀ ਹੈ। ਉਥੇ ਹੀ ਸਿੱਧੂ ਅਤੇ ਚੰਨੀ ਵਿਚਕਾਰ ਪੰਜਾਬ ਪੁਲਿਸ ਦੇ ਡੀਜੀਪੀ ਦੀ ਪੋਸਟ ਲਈ ਆਪਸੀ ਖਿੱਚੋਤਾਣ ਦਾ ਨੁਕਸਾਨ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਸੂਬਾ ਵਾਸੀਆਂ ਨੂੰ ਜਿਊਣ ਦਾ ਸੁਰੱਖਿਅਤ ਮਾਹੌਲ ਦੇਣ ਵਿੱਚ ਅਸਮਰੱਥ ਹੈ।
ਇਹ ਵੀ ਪੜ੍ਹੋ : UAE ‘ਚ ਐਡਲਟ ਫਿਲਮਾਂ ਨਹੀਂ ਹੋਣਗੀਆਂ ਸੈਂਸਰ, ਇਨ੍ਹਾਂ ਲੋਕਾਂ ਨੂੰ ਹੀ ਮਿਲੇਗੀ ਸਿਨੇਮਾ ਘਰਾਂ ‘ਚ ਐਂਟਰੀ
ਸ. ਗੜ੍ਹੀ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਬਲਾਸਟ ਦੇ ਪਿੱਛੇ ਕਿਹੜੀ ਏਜੰਸੀ ਜਾਂ ਗੈਂਗ ਹੈ, ਇਸ ਸਬੰਧੀ ਰਾਸ਼ਟਰੀ ਜਾਂਚ ਏਜੰਸੀ ਤੋਂ ਪੜਤਾਲ ਕਰਾਈ ਜਾਵੇ ਅਤੇ ਸੱਚਾਈ ਲੋਕਾਂ ਦੇ ਸਾਹਮਣੇ ਲਿਆਈ ਜਾਵੇ।