ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਵਾਪਸ ਲੈਣ ਦਾ ਮੁੱਦਾ ਕਾਫੀ ਭਖ ਗਿਆ ਹੈ। ਭਾਵੇਂ ਕੁਝ ਘੰਟਿਆਂ ਬਾਅਦ ਮਾਨ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਬਹਾਲ ਕਰ ਦਿੱਤੀ ਸੀ ਪਰ ਉਨ੍ਹਾਂ ਨੇ ਪੰਜਾਬ ਪੁਲਿਸ ਤੋਂ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ। ਇਸ ਦੇ ਨਾਲ ਹੀ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨੇ ਵੀ ਆਪਣੇ ਸੁਰੱਖਿਆ ਮੁਲਾਜ਼ਮ ਵਾਪਸ ਭੇਜ ਦਿੱਤੇ ਹਨ। ਦੋਵਾਂ ਜਥੇਦਾਰਾਂ ਦੀ ਸੁਰੱਖਿਆ ਹੁਣ ਸ਼੍ਰੋਮਣੀ ਕਮੇਟੀ ਟਾਸਕ ਫੋਰਸ ਕਰੇਗੀ।
ਮਿਲੀ ਜਾਣਕਾਰੀ ਮੁਤਾਬਕ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ-ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੀ ਵੀ ਅੱਧੀ ਸੁਰੱਖਿਆ ਵੀ ਵਾਪਸ ਲੈ ਲਈ ਗਈ ਸੀ। ਗਿਆਨੀ ਹਰਪ੍ਰੀਤ ਸਿੰਘ ਨੇ ਜਿਉਂ ਹੀ ਬਾਕੀ ਸੁਰੱਖਿਆ ਕਰਮੀਆਂ ਨੂੰ ਨਾਲ ਲੈ ਕੇ ਜਾਣ ਤੋਂ ਇਨਕਾਰ ਕਰ ਦਿੱਤਾ ਤਾਂ ਗਿਆਨੀ ਰਘੁਬੀਰ ਸਿੰਘ ਨੇ ਵੀ ਆਪਣੇ ਬਾਕੀ ਸੁਰੱਖਿਆ ਮੁਲਾਜ਼ਮਾਂ ਨੂੰ ਵਾਪਸ ਭੇਜ ਦਿੱਤਾ ਹੈ। ਹੁਣ ਗਿਆਨੀ ਹਰਪ੍ਰੀਤ ਸਿੰਘ ਅਤੇ ਗਿਆਨੀ ਰਘੁਬੀਰ ਸਿੰਘ ਦੀ ਸੁਰੱਖਿਆ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਦੇ ਮੈਂਬਰਾਂ ਵੱਲੋਂ ਕੀਤੀ ਜਾਏਗੀ।
ਸ਼੍ਰੋਮਣੀ ਕਮੇਟੀ ਦੇ ਉਪ ਸਕੱਤਰ ਤਜਿੰਦਰ ਸਿੰਘ ਪੱਡਾ ਨੇ ਦੱਸਿਆ ਕਿ ਪ੍ਰਧਾਨ ਐਚ.ਐਸ.ਧਾਮੀ ਦੀਆਂ ਹਦਾਇਤਾਂ ‘ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਲਈ ਉਨ੍ਹਾਂ ਦੇ ਘਰ 4 ਹਥਿਆਰਬੰਦ ਸਿੰਘ ਅਤੇ ਇੱਕ ਡਿਪਟੀ ਸਕੱਤਰ ਤਾਇਨਾਤ ਕੀਤੇ ਗਏ ਹਨ। ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ ਵੀ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਇਸ ਦੇ ਨਾਲ ਹੀ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੂੰ ਵੀ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵੱਲੋਂ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ।
ਉਪ ਸਕੱਤਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਕਦੇ ਵੀ ਸਰਕਾਰ ਦੇ ਕੰਮ ਵਿੱਚ ਦਖ਼ਲ ਨਹੀਂ ਦੇਣਾ ਚਾਹੁੰਦੀ। ਕਿਸੇ ਦੀ ਸੁਰੱਖਿਆ ਵਾਪਸ ਲੈਣੀ ਹੈ ਜਾਂ ਨਹੀਂ, ਇਹ ਸਰਕਾਰ ਦਾ ਆਪਣਾ ਫੈਸਲਾ ਹੈ ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਸੁਰੱਖਿਆ ਵਾਪਸ ਲੈਣੀ ਚਿੰਤਾ ਦਾ ਵਿਸ਼ਾ ਹੈ। ਸਰਕਾਰ ਦੀ ਨੀਅਤ ਸਾਫ਼ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -: